ਮਾਨ ਵੱਲੋਂ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

  • ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ ’ਤੇ ਕਿਸੇ ਸਿਆਸੀ ਵਿਅਕਤੀ ਨੂੰ ਵੀ ਨਾ ਬਖਸ਼ਿਆ ਜਾਵੇ
  • ਨਸ਼ਿਆਂ ਦੇ ਆਦੀ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਦੀ ਲੋੜ ’ਤੇ ਜ਼ੋਰ

ਚੰਡੀਗੜ੍ਹ, 9 ਮਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਲਾਹਨਤ ਪ੍ਰਤੀ ਕੋਈ ਲਿਹਾਜ਼ ਨਾ ਵਰਤਦਿਆਂ ਅੱਜ ਪੁਲਿਸ ਫੋਰਸ ਨੂੰ ਨਸ਼ਾ ਵੇਚਣ ਵਾਲੇ ਅਨਸਰਾਂ ਵਿਰੁੱਧ ਵੱਡੀ ਪੱਧਰ ਉਤੇ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਵਿਰੋਧੀ ਮੁਹਿੰਮ ਵਿਚ ਦਖ਼ਲਅੰਦਾਜ਼ੀ ਕਰਨ ਵਾਲੇ ਕਿਸੇ ਵੀ ਸਿਆਸੀ ਵਿਅਕਤੀ ਵਿਰੁੱਧ ਸ਼ਿਕੰਜਾ ਕੱਸਣ ਦੇ ਹੁਕਮ ਦਿੱਤੇ ਹਨ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਨਸ਼ਾ ਵਿਰੋਧੀ ਟਾਸਕ ਫੋਰਸ (ਐਸਟੀਐਫ) ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ ‘ਤੇ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ ਦੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਇਕ ਨੁਕਾਤੀ ਏਜੰਡੇ ਉਤੇ ਕੰਮ ਕਰਨ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ,”ਮੇਰਾ ਮੰਨਣਾ ਹੈ ਕਿ ਕੁਝ ਪੁਲਿਸ ਅਧਿਕਾਰੀ ਪਹਿਲਾਂ ਕੁਝ ਮਜਬੂਰੀਆਂ ਵਿੱਚ ਕੰਮ ਕਰ ਰਹੇ ਸਨ ਪਰ ਸਾਰੇ ਅਧਿਕਾਰੀ ਇੱਕੋ ਜਿਹੇ ਨਹੀਂ ਹਨ। ਇਹ ਹੋ ਸਕਦਾ ਹੈ ਕਿ ਪਹਿਲਾਂ ਕੁਝ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਦੀ ਰਹੀ ਹੋਵੇ ਪਰ ਹੁਣ ਅਜਿਹਾ ਨਹੀਂ ਹੋਵੇਗਾ ਅਤੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤੁਹਾਨੂੰ ਸਾਰਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ।”

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ੇ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਨਾ ਕਿ ਨਸ਼ੇ ਦੀ ਗ੍ਰਿਫਤ ਵਿਚ ਫਸੇ ਲੋਕਾਂ ਨੂੰ ਕਿਉਂਕਿ ਇਹ ਲੋਕ ਤਾਂ ਪਹਿਲਾਂ ਹੀ ਡਰੱਗ ਮਾਫੀਆ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਆਖਰ ਵਿਚ ਸਪਲਾਈ ਲਾਈਨ ਟੁੱਟ ਜਾਵੇਗੀ ਅਤੇ ਪੰਜਾਬ, ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਜ ਪੁਲਿਸ ਫੋਰਸ ਦੇ ਪੂਰਨ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ।

ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਤੋਂ ਬਾਅਦ ਨਸ਼ਿਆਂ ਦੇ ਆਦੀ ਲੋਕਾਂ ਦੇ ਮੁੜ ਵਸੇਬੇ ‘ਤੇ ਆਪਣੀ ਸਰਕਾਰ ਦੀ ਤਰਜੀਹ ਦਰਸਾਉਂਦੇ ਹੋਏ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਜੋ ਬੀਤੇ ਸਮੇਂ ਵਿੱਚ ਭਟਕ ਗਏ ਸਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬਾ ਭਰ ਵਿੱਚ ਨਸ਼ਾ ਛੁਡਾਊ ਕੇਂਦਰਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਪੂਰੀ ਵਾਹ ਲਾਵੇਗੀ ਅਤੇ ਕਾਊਂਸਲਿੰਗ ਪ੍ਰੋਗਰਾਮ ਚਲਾਉਣ ਤੋਂ ਇਲਾਵਾ ਦਵਾਈਆਂ ਦੀ ਕੋਈ ਕਮੀ ਨਾ ਹੋਣ ਦੇਣ ਨੂੰ ਯਕੀਨੀ ਬਣਾਏਗੀ ਤਾਂ ਜੋ ਇਲਾਜ ਤੋਂ ਬਾਅਦ ਨੌਜਵਾਨ ਮੁੜ ਨਸ਼ਿਆਂ ਦਾ ਸ਼ਿਕਾਰ ਨਾ ਹੋਣ।

ਸੂਬੇ ਵਿੱਚ ਅੱਤਵਾਦ ਦੇ ਕਾਲੇ ਦੌਰ ਦਾ ਦਲੇਰੀ ਨਾਲ ਮੁਕਾਬਲਾ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਫੋਰਸ ਹੁਣ ਨਸ਼ਿਆਂ ਦੇ ਅੱਤਵਾਦ ਨੂੰ ਜੜ੍ਹੋਂ ਖਤਮ ਕਰਕੇ ਮਿਸਾਲ ਕਾਇਮ ਕਰੇਗੀ ਕਿਉਂ ਜੋ ਇਸ ਲਾਹਨਤ ਨੇ ਸਾਡੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਦਿੱਤੀਆਂ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਨਜਿੱਠਣ ਲਈ ਚੌਕਸ ਰਹਿਣ ਅਤੇ ਇਸ ਗੱਲ ਤੋਂ ਸੁਚੇਤ ਰਹਿਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੌਣ, ਕਿੱਥੇ ਅਤੇ ਕਿਸ ਕਿਸਮ ਦੇ ਨਸ਼ੇ ਵੇਚੇ ਜਾ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਐਸ.ਟੀ.ਐਫ. ਦੇ ਮੁਖੀ ਹਰਪ੍ਰੀਤ ਸਿੱਧੂ, ਏ.ਡੀ.ਜੀ.ਪੀ ਇੰਟੈਲੀਜੈਂਸ ਐਸ.ਐਸ ਸ੍ਰੀਵਾਸਤਵਾ ਅਤੇ ਹੋਰ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀ ਦਲ ਨਾਲ BJP ਦੇ ਗਠਜੋੜ ਨੂੰ ਲੈ ਕੇ ਅਸ਼ਵਨੀ ਸ਼ਰਮਾ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ?

ਐਡਵੋਕੇਟ ਧਾਮੀ ਵੱਲੋਂ 11 ਮਈ ਦੀ ਇਕੱਤਰਤਾ ’ਚ ਸਮੁੱਚੀਆਂ ਪੰਥਕ ਧਿਰਾਂ ਨੂੰ ਸ਼ਾਮਲ ਹੋਣ ਦਾ ਸੱਦਾ