ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ 12 ਮਾਰਚ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

  • ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਸ਼ਤਾਬਦੀ ਸਮਾਗਮਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਅੰਮ੍ਰਿਤਸਰ, 11 ਮਾਰਚ 2023 – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 12 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ (ਸ਼ਹੀਦੀ ਫ਼ਤਹਿ ਮਾਰਚ) ਸਜਾਇਆ ਜਾਵੇਗਾ। ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਅਤੇ ਇਸ ਤੋਂ ਇਲਾਵਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਵੀ ਵੱਖ-ਵੱਖ ਸਮਾਗਮ ਰੱਖੇ ਗਏ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੀਰਤਨ ਅਤੇ ਮੁੱਖ ਸਮਾਗਮ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨਾਲ ਇਕੱਤਰਤਾ ਕਰਕੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਸ. ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਵੱਖ-ਵੱਖ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਹਨ।

ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ 12 ਮਾਰਚ ਨੂੰ ਸਵੇਰੇ 9:00 ਵਜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਆਰੰਭ ਹੋਵੇਗਾ। ਇਸ ਨਗਰ ਕੀਰਤਨ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਵਿਚ ਹਾਥੀ, ਘੋੜੇ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪ੍ਰਦਾਵਾਂ ਅਤੇ ਸਭਾ-ਸੁਸਾਇਟੀਆਂ ਦੇ ਨਾਲ-ਨਾਲ ਗਤਕਾ ਪਾਰਟੀਆਂ ਵੀ ਹਾਜ਼ਰੀ ਭਰਨਗੀਆਂ।

ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਂਕ, ਰਾਮ ਬਾਗ, ਹਾਥੀ ਗੇਟ, ਲਾਹੋਰੀ ਗੇਟ, ਖ਼ਜ਼ਾਨਾ ਗੇਟ, ਹਕੀਮਾਂ ਗੇਟ, ਭਗਤਾਂ ਵਾਲਾ ਗੇਟ, ਬਾਬਾ ਜੱਸਾ ਸਿੰਘ ਰਾਮਗੜ੍ਹੀਆਂ ਗੇਟ, ਚਾਟੀਵਿੰਡ ਗੇਟ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 12 ਮਾਰਚ ਦੀ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਹੋਣਗੇ। 13 ਮਾਰਚ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਜਸ ਨਾਲ ਜੋੜਨਗੇ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਦੱਸਿਆ ਕਿ ਸ਼ਤਾਬਦੀ ਮੌਕੇ 14 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ। ਸਮਾਗਮ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ, ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਪੰਥਕ ਦਲਾਂ, ਸਿੱਖ ਸੰਪ੍ਰਦਾਵਾਂ ਦੇ ਮੁਖੀਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੌਰਾਨ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ

ਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ: ਡਾ. ਬਲਜੀਤ ਕੌਰ