ਚੰਡੀਗੜ੍ਹ, 14 ਅਕਤੂਬਰ 2022 – SYL ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਵੀ ਮੌਜੂਦ ਹਨ। ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਕੋਈ ਠੋਸ ਨਤੀਜਾ ਨਿਕਲਣ ਦੀ ਬਹੁਤੀ ਸੰਭਾਵਨਾ ਨਹੀਂ ਹੈ ਪਰ ਇਸ ਨੂੰ ਵਿਵਾਦ ਸੁਲਝਾਉਣ ਦੀ ਦਿਸ਼ਾ ਵਿੱਚ ਇੱਕ ਹਾਂ-ਪੱਖੀ ਕਦਮ ਮੰਨਿਆ ਜਾ ਰਿਹਾ ਹੈ।
ਪੰਜਾਬ ਰਾਵੀ-ਬਿਆਸ ਦਰਿਆ ਦੇ ਪਾਣੀ ਦੀ ਮਾਤਰਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰ ਰਿਹਾ ਹੈ, ਜਦੋਂ ਕਿ ਹਰਿਆਣਾ ਐਸਵਾਈਐਲ ਨਹਿਰ ਦੀ ਉਸਾਰੀ ਨੂੰ ਪੂਰਾ ਕਰਨ ਦੀ ਮੰਗ ਕਰ ਰਿਹਾ ਹੈ, ਤਾਂ ਜੋ ਉਸ ਦੇ ਹਿੱਸੇ ਦਾ 3.5 ਮਿਲੀਅਨ ਏਕੜ ਫੁੱਟ ਪਾਣੀ ਮਿਲ ਸਕੇ। ਐਸਵਾਈਐਲ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ ਅਤੇ ਫੈਸਲੇ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਨੂੰ ਵਿਚੋਲਗੀ ਦੀ ਜ਼ਿੰਮੇਵਾਰੀ ਸੌਂਪੀ ਸੀ।
ਇਹ ਮੀਟਿੰਗ ਹਰਿਆਣਾ ਨਿਵਾਸ ਵਿਖੇ ਹੋ ਰਹੀ ਹੈ। ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਮੀਟਿੰਗ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਹਰਿਆਣਾ ਦੀ ਰਿਹਾਇਸ਼ ‘ਤੇ ਪੁੱਜੇ ਤਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਮੀਟਿੰਗ ਸ਼ੁਰੂ ਹੋਈ। ਮੀਟਿੰਗ ਵਿੱਚ ਦੋਵਾਂ ਧਿਰਾਂ ਦੇ ਅਧਿਕਾਰੀਆਂ ਨੇ ਇਸ ਸਬੰਧੀ ਆਪੋ ਆਪਣੇ ਰਾਜਾਂ ਦਾ ਪੱਖ ਪੇਸ਼ ਕੀਤਾ। ਇਸ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਇਸ ਪੂਰੇ ਮਾਮਲੇ ਦੀ ਚਰਚਾ ਕਰ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਐੱਸਵਾਈਐੱਲ ਮੁੱਦੇ ‘ਤੇ ਦੋਵਾਂ ਸੂਬਿਆਂ ‘ਚ ਸਿਆਸਤ ਗਰਮਾਈ ਹੋਈ ਹੈ ਅਤੇ ਇਕ ਵਾਰ ਫਿਰ ਇਸ ‘ਤੇ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਵੀ ਮੀਟਿੰਗ ਤੋਂ ਪਹਿਲਾਂ ਵੀਰਵਾਰ ਨੂੰ ਭਗਵੰਤ ਮਾਨ ਨੂੰ ਕਿਹਾ ਸੀ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਾ ਕਰਨ। ਪੰਜਾਬ ਕਹਿੰਦਾ ਰਿਹਾ ਹੈ ਕਿ ਉਸ ਕੋਲ ਹਰਿਆਣਾ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਦੂਜੇ ਪਾਸੇ ਹਰਿਆਣਾ ਦਾ ਕਹਿਣਾ ਹੈ ਕਿ ਪੰਜਾਬ ਨੂੰ ਪਹਿਲਾਂ ਹੋਏ ਸਮਝੌਤੇ ਅਨੁਸਾਰ ਉਸ ਦੇ ਹਿੱਸੇ ਦਾ ਪਾਣੀ ਦੇਣਾ ਚਾਹੀਦਾ ਹੈ।