ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ

• ਡਿੱਪੂ ਹੋਲਡਰਾਂ ਨੂੰ ਆਮਦਨ ਵਧਾਉਣ ਲਈ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦੇਣ ‘ਤੇ ਵਿਚਾਰ : ਲਾਲ ਚੰਦ ਕਟਾਰੂਚੱਕ
• ਮੰਤਰੀ ਵੱਲੋਂ ਪਾਰਦਰਸ਼ਿਤਾ ‘ਤੇ ਜ਼ੋਰ, ਕਿਹਾ – ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ

ਚੰਡੀਗੜ੍ਹ, 13 ਮਈ 2022 – ਪੰਜਾਬ ਦੇ ਸਮੂਹ ਡਿੱਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ ਕੀਤੇ ਗਏ।

ਸੂਬੇ ਭਰ ਦੇ ਡਿੱਪੂ ਹੋਲਡਰਾਂ ਨਾਲ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਡਿੱਪੂ ਹੋਲਡਰਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹੈ ਅਤੇ ਉਹਨਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਇਸ ਮੌਕੇ ਇਹ ਵੀ ਕਿਹਾ ਕਿ ਇਸੇ ਦੇ ਹਿੱਸੇ ਵਜੋਂ ਸਰਕਾਰ ਦੀ ਇਹ ਵੀ ਭਰਪੂਰ ਕੋਸ਼ਿਸ਼ ਹੈ ਕਿ ਡਿੱਪੂ ਹੋਲਡਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਉਹਨਾਂ ਨੂੰ ਆਪਣੇ ਡਿੱਪੂਆਂ ਉੱਤੇ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ। ਮਾਰਕਫੈੱਡ ਦੇ ਇੱਕ ਮਸ਼ਹੂਰ ਅਦਾਰਾ ਹੋਣ ਕਾਰਣ ਇਸ ਦੇ ਉਤਪਾਦਾਂ ਦੀ ਬਾਜ਼ਾਰ ਵਿੱਚ ਬਹੁਤ ਮੰਗ ਹੈ ਜਿਸ ਨਾਲ ਇਹਨਾਂ ਉਤਪਾਦਾਂ ਨੂੰ ਵੇਚ ਕੇ ਡਿੱਪੂ ਹੋਲਡਰ ਵੀ ਆਪਣੀ ਆਮਦਨ ਵਿੱਚ ਚੋਖਾ ਵਾਧਾ ਕਰ ਸਕਦੇ ਹਨ।

ਇਸ ਮੌਕੇ ਮੰਤਰੀ ਨੇ ਇਹ ਵੀ ਕਿਹਾ ਕਿ ਡਿੱਪੂ ਹੋਲਡਰਾਂ ਵੱਲੋਂ ਆਪਣਾ ਕਮਿਸ਼ਨ ਵਧਾਏ ਜਾਣ ਅਤੇ ਕਿਸੇ ਵੀ ਕਾਰਣ ਕਰਕੇ ਯੋਗ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡ ਆਦਿ ਮੁੱਦੇ ਉਹਨਾਂ ਦੇ ਧਿਆਨ ਵਿੱਚ ਹਨ, ਜਿਹਨਾਂ ਨੂੰ ਹੱਲ ਕਰਨ ਲਈ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਮੰਤਰੀ ਨੇ ਸਪਸ਼ੱਟ ਕੀਤਾ ਕਿ ਵਿਭਾਗ ਦੇ ਕੰਮਕਾਜ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਵਰਤੀ ਜਾ ਰਹੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ‘ਤੇ ਅਮਲ ਕੀਤਾ ਜਾ ਰਿਹਾ ਹੈ। ਉਹਨਾਂ ਸਭਨਾਂ ਨੂੰ ਅਪੀਲ ਕੀਤੀ ਕਿ ਆਓ, ਅਸੀਂ ਸਾਰੇ ਰਲ-ਮਿਲ ਕੇ ਇੱਕ ਨਵਾਂ, ਤਰੱਕੀਸ਼ੁਦਾ ਅਤੇ ਖੁਸ਼ਹਾਲ ਪੰਜਾਬ ਸਿਰਜੀਏ।

ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸ੍ਰੀ ਅਭਿਨਵ ਤ੍ਰਿਖਾ ਅਤੇ ਪੰਜਾਬ ਰਾਜ ਡਿੱਪੂ ਹੋਲਡਰ ਯੂਨੀਅਨ (ਸਿੱਧੂ) ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਫੈਡਰੇਸ਼ਨ ਦੇ ਵਾਈਸ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਵਿਧਾਨ ਸਭਾ ਧਰਮਸ਼ਾਲਾ ‘ਤੇ ਖਾਲਿਸਤਾਨੀ ਝੰਡੇ ਲਗਾਉਣ ਵਾਲੇ ਸ਼ਰਾਰਤੀ ਅਨਸਰ ਗ੍ਰਿਫਤਾਰ

ਭ੍ਰਿਸ਼ਟਾਚਾਰ ਦੇ ਦੋਸ਼ `ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ