- ਪੁਲਿਸ ਨੇ ਮਾਮਲਾ ਦਰਜ ਕਰਕੇ ਭਾਲ ਕੀਤੀ ਸ਼ੁਰੂ,
- ਲੁਧਿਆਣਾ ਦੇ ਕਸਬਾ ਮਾਛੀਵਾੜਾ ਸਾਹਿਬ ਦੀ ਘਟਨਾ
ਲੁਧਿਆਣਾ, 2 ਦਸੰਬਰ 2023 – ਲੁਧਿਆਣਾ ਦੇ ਕਸਬਾ ਮਾਛੀਵਾੜਾ ਸਾਹਿਬ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚੋਂ 12 ਸਾਲਾ ਨਾਬਾਲਗ ਲੜਕਾ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ ਹੈ। ਨਾਬਾਲਗ ਦੀ ਪਛਾਣ ਹਰਸ਼ ਪ੍ਰੀਤ ਸਿੰਘ ਵਜੋਂ ਹੋਈ ਹੈ। ਨਾਬਾਲਗ ਘਰ ਤੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਿਆ ਸੀ, ਪਰ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਹ ਕਿਤੇ ਨਹੀਂ ਮਿਲਿਆ। ਪੁਲਸ ਨੇ ਮਾਮਲਾ ਦਰਜ ਕਰਕੇ ਨਾਬਾਲਗ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਨਾਬਾਲਗ ਦੀ ਮਾਤਾ ਤੀਰਥ ਕੌਰ ਨੇ ਦੱਸਿਆ ਕਿ ਉਸ ਦਾ ਪਹਿਲਾਂ ਵਿਆਹ ਹੋਇਆ ਸੀ ਅਤੇ ਫਿਰ ਤਲਾਕ ਹੋ ਗਿਆ ਸੀ। ਉਸ ਨੇ ਫਿਰ ਦੂਜਾ ਵਿਆਹ ਕਰਵਾ ਲਿਆ, ਜਿਸ ਤੋਂ ਬਾਅਦ 2012 ਵਿਚ ਉਸ ਦੇ ਘਰ ਹਰਸ਼ ਪ੍ਰੀਤ ਨੇ ਜਨਮ ਲਿਆ। 27 ਨਵੰਬਰ ਗੁਰਪੁਰਬ ਵਾਲੇ ਦਿਨ ਹਰਸ਼ ਪ੍ਰੀਤ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਹੈ, ਪਰ ਸ਼ਾਮ ਤੱਕ ਉਹ ਵਾਪਸ ਨਹੀਂ ਆਇਆ।
ਬੱਚੇ ਦੀ ਕਾਫੀ ਭਾਲ ਕੀਤੀ ਪਰ ਕਿਤੇ ਵੀ ਕੁਝ ਨਹੀਂ ਮਿਲਿਆ। ਲਾਪਤਾ ਹਰਸ਼ ਪ੍ਰੀਤ ਚੌਥੀ ਜਮਾਤ ਵਿੱਚ ਪੜ੍ਹਦਾ ਸੀ। ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰ ਲਿਆ ਹੈ। ਮਾਛੀਵਾੜਾ ਥਾਣਾ ਇੰਚਾਰਜ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਬੱਚੇ ਦੀ ਭਾਲ ਲਈ ਤੁਰੰਤ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।