ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

ਅੰਮ੍ਰਿਤਸਰ, 5 ਜੁਲਾਈ 2025 – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਧਰਮ ਦੀ ਕਮਾਈ ਕਰਦਿਆਂ ਸੱਚ ਦੀ ਰਾਜਨੀਤੀ ਰਾਹੀਂ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਅੰਦਰ ਸਮਝਿਆ ਜਾਂਦਾ ਸੀ ਕਿ ਧਰਮ ਤੇ ਰਾਜਨੀਤੀ ਵੱਖਰੀ ਹੈ, ਪਰ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਇਕ ਨਿਵੇਕਲਾ ਸਿਧਾਂਤ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੀਰ ਨੂੰ ਜ਼ੁਲਮ ਦੇ ਰਾਹ ਚੱਲਣ ਤੋਂ ਵਰਜਿਆ ਅਤੇ ਪੀਰ ਨੂੰ ਪਖੰਡ ਤੇ ਕਰਮ ਕਾਂਡ ਛੱਡ ਕੇ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਕੀਤੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਸਿਧਾਂਤ ਅਨੁਸਾਰ ਹੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਧਰਮ ਤੇ ਰਾਜਨੀਤੀ ਨੂੰ ਇਕੱਠਿਆ ਕੀਤਾ ਅਤੇ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਰੂਹਾਨੀਅਤ ਦੇ ਨਾਲ-ਨਾਲ ਸਿੱਖਾਂ ਨੂੰ ਰਾਜਸੀ ਸ਼ਕਤੀ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਗੁਰੂ ਸਿਧਾਂਤਾਂ ’ਤੇ ਅਮਲ ਕਰਦਿਆਂ ਇਨਸਾਫ਼ ਦਾ ਅਜਿਹਾ ਰਾਜ ਦਿੱਤਾ, ਜਿਸ ਦੀ ਦੁਨੀਆ ਅੰਦਰ ਕਿਧਰੇ ਮਿਸਾਲ ਨਹੀਂ ਮਿਲਦੀ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਇੱਕ ਸਾਂਝੇ ਪਰਿਵਾਰ ਵਾਂਗ ਵਿਚਰਦਿਆਂ ਗੁਰੂ ਸਾਹਿਬ ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਸਮਾਗਮ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀਆਂ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਜਸਪਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਜੁਗਰਾਜ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਸੰਗਤਾਂ ਹਾਜ਼ਰ ਸਨ।

ਐਡਵੋਕੇਟ ਧਾਮੀ ਨੇ ਮੀਰੀ ਪੀਰੀ ਦਿਵਸ ਦੀ ਸੰਗਤਾਂ ਨੂੰ ਦਿੱਤੀ ਵਧਾਈ
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਦੀ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਧਰਮ ਅਨੁਸਾਰੀ ਰਾਜ ਦੇ ਸੰਕਲਪ ਨੂੰ ਸਿਧਾਂਤਕ ਤੌਰ ’ਤੇ ਅੱਗੇ ਵਧਾਇਆ ਅਤੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ। ਉਨ੍ਹਾਂ ਕਿਹਾ ਕਿ ਜਿਥੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ਼ਾਂਤਮਈ ਰਹਿ ਕੇ ਜ਼ੁਲਮ ਦਾ ਵਿਰੋਧ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ, ਉੱਥੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ਼ਸਤਰਬੱਧ ਖ਼ਾਲਸਈ ਫ਼ੌਜ ਗਠਨ ਕਰਕੇ ਜਾਬਰ ਦੇ ਜ਼ੁਲਮ ਦਾ ਮੂੰਹ-ਤੋੜਵਾਂ ਜਵਾਬ ਦਿੱਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੇ ਸਿਧਾਂਤ ’ਤੇ ਚੱਲਣ ਦੀ ਪ੍ਰੇਰਨਾ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਰਫ਼ 20 ਰੁਪਏ ‘ਚ ਇਲਾਜ ਕਰਨ ਵਾਲੇ ਨਾਮੀ ਡਾਕਟਰ ਦਾ ਦਿਹਾਂਤ

ਭਾਰਤ ਦੇ ਲੇਬਰ ਕੋਡ ਕਾਮਿਆਂ ਦੀ ਇੱਜ਼ਤ ਅਤੇ ਸੁਰੱਖਿਆ ਲਈ ਇੱਕ ਇਤਿਹਾਸਕ ਕਦਮ