ਚੰਡੀਗੜ੍ਹ, 12 ਮਾਰਚ 2022 – ਚੋਣ ਕਮਿਸ਼ਨ ਭਾਰਤ ਵਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸੰਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ ਰਾਜ ਵਿਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।