ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਨੂੰ ਇੱਕ ਸਾਲ ਪੂਰਾ, 300 ਤੋਂ ਵੱਧ ਭ੍ਰਿਸ਼ਟ ਲੋਕ ਗਏ ਜੇਲ੍ਹ; ਜੋ ਵੀ ਕੁਰੱਪਸ਼ਨ ਕਰਦਾ ਹੈ ਉਸ ਦੀ ਜਾਣਕਾਰੀ ਦਿਓ – ਮਾਨ

  • ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਕੀਤੀ ਅਪੀਲ

ਚੰਡੀਗੜ੍ਹ, 24 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲੋਕਾਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਅਪੀਲ ਕੀਤੀ ਹੈ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਰਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ ਸੀ। ਨਾਲ ਹੀ, ਇੱਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ (9501200200) ਜਾਰੀ ਕੀਤਾ ਗਿਆ ਸੀ।

ਸੀਐਮ ਮਾਨ ਨੇ ਕਿਹਾ ਕਿ ਲੋਕ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਤ ਆਡੀਓ-ਵੀਡੀਓ ਸਮੇਤ ਵੱਖ-ਵੱਖ ਰੂਪਾਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਸ਼ਿਕਾਇਤਾਂ ਭੇਜਦੇ ਹਨ। ਇਸ ’ਤੇ ਪੰਜਾਬ ਸਰਕਾਰ ਨੇ ਇੱਕ ਸਾਲ ਵਿੱਚ ਭ੍ਰਿਸ਼ਟਾਚਾਰ ਵਿੱਚ ਸ਼ਾਮਲ 300 ਤੋਂ ਵੱਧ ਲੋਕਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਹੈ। ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ।

ਮਾਨ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ/ਅਧਿਕਾਰੀ ਸਰਕਾਰੀ ਦਫ਼ਤਰਾਂ ਵਿੱਚ ਕੋਈ ਕੰਮ ਕਰਵਾਉਣ ਲਈ ਸਰਕਾਰੀ ਫੀਸ ਤੋਂ ਵੱਧ ਜਾਂ ਹੋਰ ਪੈਸੇ ਦੀ ਮੰਗ ਕਰਦਾ ਹੈ ਤਾਂ ਉਹ ਹੈਲਪਲਾਈਨ ਨੰਬਰ ‘ਤੇ ਆਡੀਓ-ਵੀਡੀਓ ਜਾਂ ਲਿਖਤੀ ਸ਼ਿਕਾਇਤ ਕਰ ਸਕਦਾ ਹੈ।

ਸੀਐਮ ਮਾਨ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਨੰਬਰ ‘ਤੇ ਕਾਲ ਕਰਨ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਬਚਾਇਆ ਜਾ ਸਕੇ। ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਬਚਾਇਆ ਜਾ ਰਿਹਾ ਪੈਸਾ ਲੋਕ ਭਲਾਈ ਲਈ ਵਰਤਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੋਕਾਂ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪੰਜਾਬ ਪੁਲੀਸ ਵਿਭਾਗ, ਮਾਲ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਰਿਸ਼ਵਤ ਮੰਗਣ ਦੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਇਸ ਤੋਂ ਬਾਅਦ ਵਿਜੀਲੈਂਸ ਅਤੇ ਹੋਰ ਯੂਨਿਟਾਂ ਨੇ ਦੋਸ਼ੀ ਕਰਮਚਾਰੀਆਂ/ਅਧਿਕਾਰੀਆਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਵੇਲੇ ਬਹੁਤੇ ਕੇਸ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਿਲ ਦਹਿਲਾਉਣ ਵਾਲੀ ਵਾਰਦਾਤ, ਹਮਲਾਵਰਾਂ ਨੇ ਵੱਢਿਆ ਨੌਜਵਾਨ ਦਾ ਹੱਥ

ਅਣਖ ਦੀ ਖਾਤਰ ਨੌਜਵਾਨ ਨੂੰ ਮਾ+ਰ ਮੁਕਾਇਆ, ਪੜ੍ਹੋ ਪੂਰੀ ਖ਼ਬਰ