ਜਲੰਧਰ, 20 ਜੁਲਾਈ 2023 – ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਜਲੰਧਰ ਦੇ ਹੜ੍ਹ ਪ੍ਰਭਾਵਿਤ ਲੋਹੀਆਂ ਇਲਾਕੇ ‘ਚ ਮਦਦ ਲਈ ਪੁੱਜੇ। ਭੱਜੀ ਨੇ ਧੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੀਆਂ ਬੋਰੀਆਂ ਚੁੱਕੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।
ਹੜ੍ਹਾਂ ਦੌਰਾਨ ਵੀ ਆਪਣੇ ਵਿਦੇਸ਼ੀ ਦੌਰਿਆਂ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀਆਂ ਟਿੱਪਣੀਆਂ ‘ਤੇ ਭੱਜੀ ਨੇ ਜਵਾਬ ਦਿੱਤਾ ਕਿ ਉਹ ਹੜ੍ਹਾਂ ਤੋਂ ਪਹਿਲਾਂ ਹੀ ਵਿਦੇਸ਼ ‘ਚ ਸਨ। ਜੇਕਰ ਉਹ ਇੱਥੇ ਹੁੰਦਾ ਤਾਂ ਸਭ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਦਾ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਇਹ ਸਮਾਂ ਹੈ ਅੱਗੇ ਆਉਣ ਅਤੇ ਲੋਕਾਂ ਦੀ ਮਦਦ ਕਰਨ ਦਾ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਆਪਣੇ ਐਮਪੀ ਫੰਡ ਵਿੱਚੋਂ ਹੀ ਨਹੀਂ ਸਗੋਂ ਨਿੱਜੀ ਤੌਰ ’ਤੇ ਵੀ ਮਦਦ ਕਰਨਗੇ।
ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਉਹ ਸੰਸਦ ਦੇ ਮਾਨਸੂਨ ਸੈਸ਼ਨ ‘ਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ ਅਤੇ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਵੀ ਕਰਨਗੇ।
ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ’ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਪੰਜਾਬ ਨੂੰ ਨਸ਼ਿਆਂ ਦੇ ਨਾਂ ‘ਤੇ ਬਦਨਾਮ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਨਸ਼ਿਆਂ ਦੇ ਨਾਂ ‘ਤੇ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ। ਜੇਕਰ ਪੰਜਾਬ ਦੀ ਸੱਚਾਈ ਦੇਖਣੀ ਹੈ ਤਾਂ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਉਣਾ ਚਾਹੀਦਾ ਹੈ। ਦੇਖੋ ਕਿਵੇ ਪੰਜਾਬ ਦੇ ਨੌਜਵਾਨ ਜੋਸ਼ ਨਾਲ ਹੜ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।