ਚੰਡੀਗੜ੍ਹ, 7 ਅਪ੍ਰੈਲ 2022 – ਪੰਜਾਬ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਕਾਂਗਰਸ ‘ਚ ਲੜਾਈ ਸੜਕਾਂ ‘ਤੇ ਆ ਗਈ ਹੈ। ਪੰਜਾਬ ਕਾਂਗਰਸ ਵੱਲੋਂ ਵੀਰਵਾਰ ਨੂੰ ਚੰਡੀਗੜ੍ਹ ‘ਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਨਵਜੋਤ ਸਿੱਧੂ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵਿਚਾਲੇ ਝੜਪ ਹੋ ਗਈ। ਸਿੱਧੂ ਵੱਲੋਂ ਆਪਣੇ ਆਪ ਨੂੰ ਇਮਾਨਦਾਰ ਅਤੇ ਕੁਝ ਕਾਂਗਰਸੀਆਂ ਨੂੰ ਭ੍ਰਿਸ਼ਟ ਦੱਸਣ ਤੋਂ ਬਾਅਦ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ ਸੀ। ਦੋਵਾਂ ਵਿਚਾਲੇ ਤਕਰਾਰ ਇੰਨੀ ਵਧ ਗਈ ਕਿ ਦੋਵਾਂ ਦੇ ਸਮਰਥਕਾਂ ਨੇ ਇਕ-ਦੂਜੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਹ ਦੇਖ ਕੇ ਬਾਕੀ ਆਗੂ ਉਥੋਂ ਖਿਸਕ ਗਏ। ਇਸ ਤੋਂ ਬਾਅਦ ਕਾਂਗਰਸ ਦਾ ਪ੍ਰਦਰਸ਼ਨ ਖਤਮ ਹੋ ਗਿਆ।
ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਨਵਜੋਤ ਸਿੱਧੂ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਉਹ ਇਮਾਨਦਾਰ ਹਨ ਪਰ ਕਾਂਗਰਸ ‘ਚ ਕੁਝ ਭ੍ਰਿਸ਼ਟ ਨੇਤਾ ਹਨ। ਇਹ ਸੁਣ ਕੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਗੁੱਸੇ ‘ਚ ਆ ਗਏ। ਉਨ੍ਹਾਂ ਸਿੱਧੂ ਨੂੰ ਕਿਹਾ ਕਿ ਜਿਹੜੇ ਲੋਕ ਭ੍ਰਿਸ਼ਟ ਹਨ, ਸਿੱਧੂ ਉਨ੍ਹਾਂ ਦਾ ਨਾਂ ਲੈਣ। ਢਿੱਲੋਂ ਨੇ ਇੱਥੋਂ ਤੱਕ ਕਿਹਾ ਕਿ ਸਿੱਧੂ ਨੂੰ ਡਰਾਮਾ ਨਹੀਂ ਕਰਨਾ ਚਾਹੀਦਾ। ਇਸ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਬਹਿਸ ਹੋਈ। ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਆਗੂਆਂ ਦੇ ਸਮਰਥਨ ‘ਚ ਨਾਅਰੇਬਾਜ਼ੀ ਕੀਤੀ।
ਬਰਿੰਦਰ ਢਿੱਲੋਂ ਨੇ ਕਿਹਾ ਕਿ ਮੇਰਾ ਇਤਰਾਜ਼ ਹੈ ਕਿ ਜੇਕਰ ਮਹਿੰਗਾਈ ਦੀ ਗੱਲ ਹੈ ਤਾਂ ਧਰਨੇ ‘ਤੇ ਬੈਠ ਕੇ ਗੱਲ ਕੀਤੀ ਜਾਵੇ। ਢਿੱਲੋਂ ਨੇ ਕਿਹਾ ਕਿ ਬੇਈਮਾਨ ਹੈ ਤਾਂ ਉਨ੍ਹਾਂ ਦਾ ਨਾਂ ਲਓ ਤਾਂ ਜੋ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਜੇ ਤੁਸੀਂ ਨਾਮ ਨਹੀਂ ਦੱਸਣਾ ਚਾਹੁੰਦੇ ਹੋ, ਤਾਂ ਪਾਰਟੀਲਾਈਨ ‘ਤੇ ਰਹੋ।