ਚੰਡੀਗੜ੍ਹ, 10 ਮਾਰਚ 2023 – ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕੀਤਾ। ਬਜਟ ਵਿੱਚ ਨਾ ਤਾਂ ਕੋਈ ਨਵਾਂ ਟੈਕਸ ਲਗਾਇਆ ਗਿਆ ਅਤੇ ਨਾ ਹੀ ਕੋਈ ਛੋਟ ਦਿੱਤੀ ਗਈ। ਹਾਲਾਂਕਿ ਬਜਟ ਪੇਸ਼ ਕਰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਈ ਵਾਅਦੇ ਅਤੇ ਗਾਰੰਟੀ ਪੂਰੇ ਕਰ ਦਿੱਤੀਆਂ ਹਨ।
ਚੀਮਾ ਨੇ ਵਿੱਤੀ ਸਾਲ 2023-24 ਲਈ ਪੰਜਾਬ ਲਈ ਕੁੱਲ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਜੋ ਕਿ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। 2022-23 ਵਿੱਚ ਪੰਜਾਬ ਦਾ ਕੁੱਲ ਬਜਟ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ। ਸਰਕਾਰ ਦਾ ਸਭ ਤੋਂ ਵੱਧ ਧਿਆਨ ਸਿੱਖਿਆ ਅਤੇ ਸਿਹਤ ਖੇਤਰ ‘ਤੇ ਸੀ। ਹਾਲਾਂਕਿ ਵਿੱਤ ਮੰਤਰੀ ਨੇ ਹਰ ਵਰਗ ਦਾ ਧਿਆਨ ਰੱਖਣ ਦਾ ਦਾਅਵਾ ਕੀਤਾ ਹੈ।
ਬਜਟ ਵਿੱਚ ਉਦਯੋਗਾਂ ਲਈ ਪੰਜ ਨਵੀਆਂ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਸੀ। ਅਗਲੇ ਵਿੱਤੀ ਸਾਲ ਦੌਰਾਨ ਸੂਬੇ ਵਿੱਚ 147 ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਅਤੇ ਹੁਸ਼ਿਆਰਪੁਰ-ਕਪੂਰਥਲਾ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ।