- ਕੈਬਨਿਟ ਮੰਤਰੀ ਜ਼ਿੰਪਾ, ਹਰਭਜਨ ਸਿੰਘ ਤੇ ਅਮਨ ਅਰੋੜਾ ਰਹੇ ਮੌਜੂਦ
ਚੰਡੀਗੜ੍ਹ, 1 ਜੂਨ 2023 – ਜਲੰਧਰ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਕੱਲ੍ਹ ਅਹੁਦਾ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ ਸੀ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਭਾਗਾਂ ਦੀ ਵੀ ਵੰਡ ਕੀਤੀ ਗਈ ਸੀ ਜਿਸ ਮਗਰੋਂ ਅੱਜ ਨਵੇਂ ਬਣੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸਥਾਨਕ ਸਰਕਾਰਾਂ ਬਾਰੇ ਮੰਤਰਾਲਾ ਮਿਲਣ ਤੋਂ ਬਾਅਦ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦਫ਼ਤਰ ਵਿੱਚ ਚਾਰਜ ਸੰਭਾਲਣ ਸਮੇਂ ਹੁਸ਼ਿਆਰਪੁਰ ਤੋਂ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਹਰਭਜਨ ਸਿੰਘ ਅਤੇ ਅਮਨ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਬਲਕਾਰ ਸਿੰਘ ਨੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਮੰਤਰੀ ਦਾ ਅਹੁਦਾ ਦੇਣ ਲਈ ਉਨ੍ਹਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਬਲਕਾਰ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ ਅਤੇ ਸੇਵਾ ਕਰਦੇ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਜਿਸ ਨੂੰ ਉਹ ਹਮੇਸ਼ਾ ਨਿਭਾਉਣਗੇ।
ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਉਨ੍ਹਾਂ ਦੇ ਚੰਗੇ ਕੰਮ ਦਾ ਇਨਾਮ ਦਿੱਤਾ ਗਿਆ ਹੈ। ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਆਪਣੇ ਹਲਕੇ ਤੋਂ ਸਭ ਤੋਂ ਵੱਧ ਲੀਡ ਦਿਵਾਉਣ ਦੇ ਨਾਲ-ਨਾਲ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਪੰਗਾ ਲੈਣ ਦਾ ਇਨਾਮ ਦਿੱਤਾ ਗਿਆ ਹੈ। ਮਜੀਠੀਆ ਨੇ ਬਲਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ ਪਰ ਬਲਕਾਰ ਨੇ ਜ਼ੋਰਦਾਰ ਮੁਕਾਬਲਾ ਕੀਤਾ।