ਚੰਡੀਗੜ੍ਹ, 11 ਫਰਵਰੀ 2025 – ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।
ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ, ਅਤੇ ਵਰਿੰਦਰਜੀਤ ਸਿੰਘ ਬਿਲਿੰਗ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਸ੍ਰੀ ਵਿਕਾਸ ਪ੍ਰਤਾਪ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਟ੍ਰਾਂਸਪੋਰਟ ਡੀ.ਕੇ. ਤਿਵਾੜੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਐਮ.ਡੀ. ਮਾਰਕਫੈੱਡ ਅਤੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਗਿਰੀਸ਼ ਦਿਆਲਨ, ਏ.ਡੀ.ਜੀ.ਪੀ. ਈਸ਼ਵਰ ਸਿੰਘ, ਉੱਘੇ ਭਾਰਤੀ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ ਅਤੇ ਉਨ੍ਹਾਂ ਨੇ ਕਾਨੂੰਨੀ ਅਧਿਐਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
![](https://thekhabarsaar.com/wp-content/uploads/2022/09/future-maker-3.jpeg)
ਸ੍ਰੀਮਤੀ ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹਨ। ਉਨ੍ਹਾਂ ਦੀ ਅਕਾਦਮਿਕ ਉੱਤਮਤਾ ਅਤੇ ਸਮਾਜਿਕ ਭਲਾਈ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਪੂਰੇ ਖੇਤਰ ਵਿੱਚ ਕਾਫ਼ੀ ਨਾਮਣਾ ਖੱਟਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 27 ਜਨਵਰੀ, 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ ‘ਤੇ ਨੋਟੀਫਾਈ ਕੀਤਾ ਗਿਆ ਸੀ। ਉਨ੍ਹਾਂ ਦੀਆਂ ਨਿਯੁਕਤੀਆਂ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਇਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
![](https://thekhabarsaar.com/wp-content/uploads/2020/12/future-maker-3.jpeg)