- ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕਰਨ ਲਈ ਪਿਛਲੀਆਂ ਸਰਕਾਰਾਂ ਪਾਸੋਂ ਸਾਨੂੰ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ-ਮੁੱਖ ਮੰਤਰੀ
- ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
- ਨੌਜਵਾਨਾਂ ਨੂੰ ਦੇਸ਼ ਸੇਵਾ ਪ੍ਰਤੀ ਪ੍ਰੇਰਿਤ ਕਰਨ ਲਈ ਵੱਖ-ਵੱਖ ਸੰਸਥਾਵਾਂ ਦੇ ਨਾਮ ਕੌਮੀ ਨਾਇਕਾਂ ਦੇ ਨਾਮ ਉਤੇ ਰੱਖੇ ਜਾਣਗੇ
- ਬਰਤਾਨਵੀ ਸ਼ਾਸਕਾਂ ਨੂੰ ਖੁਸ਼ ਕਰਨ ਲਈ ਕੈਪਟਨ ਦੇ ਪੁਰਖਿਆਂ ਨੇ ਸ਼ਹੀਦ ਭਗਤ ਸਿੰਘ ਵਰਗੇ ਇਨਕਲਾਬੀਆਂ ਨੂੰ ਭਟਕੇ ਹੋਏ ਨੌਜਵਾਨ ਦੱਸਿਆ
ਈਸੜੂ (ਲੁਧਿਆਣਾ), 15 ਅਗਸਤ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰੇਗੀ ਤਾਂ ਕਿ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕੀਤੇ ਜਾ ਸਕਣ।
ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮਾਫੀਆ ਅਤੇ ਸਮਗਲਰਾਂ ਦੀ ਪੁਸ਼ਤਪਨਾਹੀ ਕਰਦੀਆਂ ਸਨ ਜਿਸ ਕਰਕੇ ਸੂਬੇ ਵਿਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਨੇ ਪੈਰ ਪਸਾਰੇ ਹੋਏ ਸਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਬਰਬਾਦ ਕਰ ਦੇਣ ਵਾਲੀਆਂ ਅਜਿਹੀਆਂ ਸਮੱਸਿਆਵਾਂ ਪ੍ਰਤੀ ਸਾਡੀ ਸਰਕਾਰ ਨੇ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟ ਲੋਕਾਂ ਉਤੇ ਪਹਿਲਾਂ ਹੀ ਸ਼ਿੰਕਜਾ ਕੱਸਿਆ ਹੋਇਆ ਹੈ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋ ਮੁਕਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਦਾ ਲੱਕ ਤੋੜਨ ਲਈ ਨਵੀਂ ਰਣਨੀਤੀ ਘੜੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਦੇ ਨਾਲ-ਨਾਲ ਸੂਬਾ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਖਤਮ ਕਰਨ ਵਾਸਤੇ ਜ਼ੋਰਦਾਰ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੇ ਸਿੱਟੇ ਛੇਤੀ ਹੀ ਆਮ ਲੋਕਾਂ ਨੂੰ ਦਿਖਾਈ ਦੇਣਗੇ ਅਤੇ ਨਸ਼ਾ ਮੁਕਤ ਪਿੰਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦਾ ਮਤਾ ਪਾਸ ਕਰ ਚੁੱਕੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਨਾਮ ਰੱਖਣੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਨਾਇਕਾਂ ਦੇ ਨਾਮ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦਾ ਹੈ।
ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ’ ਪੁਰਸਕਾਰ ਦੇਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਬੇਮਿਸਾਲ ਕੁਰਬਾਨੀਆਂ ਕਰਨ ਵਾਲੇ ਇਨ੍ਹਾਂ ਨਾਇਕਾਂ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ’ ਪੁਰਸਕਾਰ ਪ੍ਰਦਾਨ ਕਰਨ ਨਾਲ ਇਸ ਪੁਰਸਕਾਰ ਦਾ ਮਾਣ ਵਧੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਹੀ ਸਹੀ ਮਾਅਨਿਆਂ ਵਿੱਚ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦਾ ਜੀਵਨ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕੌਮੀ ਅਜ਼ਾਦੀ ਦੀ ਲਹਿਰ ਵਿੱਚ ਇਸ ਮਹਾਨ ਸ਼ਹੀਦ ਦੀ ਸ਼ਾਨਦਾਰ ਭੂਮਿਕਾ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀਆਂ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਕਿਸੇ ਵੀ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਦੀ ਸੂਰਤ ਵਿੱਚ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਵਿੱਚ ਪਹਿਲਾਂ ਹੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਵੀ ਐਕਸ-ਗ੍ਰੇਸ਼ੀਆ ਗ੍ਰਾਂਟਾਂ ਦਿੱਤੀਆਂ ਗਈਆਂ ਹਨ, ਜਿਸ ਨੂੰ ਉਸ ਸਮੇਂ ਦੀ ਸਰਕਾਰ ਨੇ ਅਣਗੌਲਿਆ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੁਲਾਜ਼ਮਾਂ ਨੂੰ ਵੀ ਰੈਗੂਲਰ ਨੌਕਰੀਆਂ ਦੇਣ ਦਾ ਐਲਾਨ ਕੀਤਾ ਜੋ ਕਰੋਨਾ ਦੇ ਦੌਰ ਵਿਚ ਭਰਤੀ ਕੀਤੇ ਗਏ ਸਨ ਪਰ ਬਾਅਦ ਵਿੱਚ ਬਰਖਾਸਤ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਜਿੱਥੇ ਮਨੁੱਖੀ ਸ਼ਕਤੀ ਦੀ ਲੋੜ ਹੈ, ਉੱਥੇ ਇਨ੍ਹਾਂ ਲੋਕਾਂ ਨੂੰ ਨਿਯਮਤ ਤੌਰ ‘ਤੇ ਭਰਤੀ ਕੀਤਾ ਜਾਵੇਗਾ।
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦਾ ਨਾਇਕ ਸੀ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੀ ਕੁਰਬਾਨੀ ਲਈ ਹਮੇਸ਼ਾ ਰਿਣੀ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।
ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਇਸ ਤੋਂ ਪਹਿਲਾਂ ਦੇ ਕਿਸੇ ਮੁੱਖ ਮੰਤਰੀ ਨੇ ਕਦੇ ਵੀ ਮਹਾਨ ਸ਼ਹੀਦ ਨਾਲ ਸਬੰਧਤ ਇਸ ਸਥਾਨ ‘ਤੇ ਜਾਣ ਦੀ ਖੇਚਲ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਆਗੂਆਂ ਨੂੰ ਇਨ੍ਹਾਂ ਸ਼ਹੀਦਾਂ ਨਾਲ ਕੋਈ ਸਰੋਕਾਰ ਨਹੀਂ ਸੀ ਜਿਨ੍ਹਾਂ ਨੇ ਪ੍ਰਭੂਸੱਤਾ ਸੰਪੰਨ ਅਤੇ ਆਜ਼ਾਦ ਰਾਸ਼ਟਰ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਧਰਮ ਨਿਰਪੱਖ ਅਤੇ ਦੇਸ਼ ਭਗਤ ਪਾਰਟੀ ਹੈ ਜੋ ਸੂਬੇ ਦੀ ਭਲਾਈ ਲਈ ਵਚਨਬੱਧ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਸਗੋਂ ਇਨ੍ਹਾਂ ਨੇ ਆਪਣੇ ਫਾਇਦੇ ਲਈ ਕਦੇ ਮੁਗਲਾਂ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਨਾਲ ਲਿਹਾਜ਼ਾਂ ਪੂਰੀਆਂ ਅਤੇ ਹੁਣ ਭਾਜਪਾ ਦਾ ਸਾਥ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੀ ਖੁਸ਼ਾਮਦੀ ਕਰਨ ਲਈ ਇਨ੍ਹਾਂ ਲੋਕਾਂ ਨੇ ਸ਼ਹੀਦ ਭਗਤ ਸਿੰਘ ਵਰਗੇ ਕ੍ਰਾਂਤੀਕਾਰੀਆਂ ਨੂੰ ‘ਭਟਕਿਆ ਹੋਇਆ ਨੌਜਵਾਨ’ ਦੱਸਿਆ ਸੀ, ਇਸ ਲਈ ਅਜਿਹੇ ਲੋਕਾਂ ਤੋਂ ਇਹ ਉਮੀਦ ਨਹੀਂ ਕੀਤੀ ਜਾ ਸਕਦੀ ਕਿ ਉਹ ਕਿਸੇ ਮਹਾਨ ਨਾਇਕ ਨੂੰ ਸ਼ਰਧਾਂਜਲੀ ਦੇਣ ਲਈ ਅਜਿਹੇ ਪਵਿੱਤਰ ਸਥਾਨ ’ਤੇ ਆਉਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਪਤਨੀ ਚਰਨਜੀਤ ਕੌਰ ਨੂੰ ਵੀ ਸਨਮਾਨਿਤ ਕੀਤਾ।