ਚੰਡੀਗੜ੍ਹ, 22 ਮਈ 2022 – ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਘਟਾ ਦਿੱਤਾ ਹੈ। ਇਸ ਨੂੰ ਦੇਖਦੇ ਹੋਏ ਹੁਣ ਵਿਰੋਧੀਆਂ ਨੇ ਪੰਜਾਬ ਦੀ ‘ਆਪ’ ਸਰਕਾਰ ਤੋਂ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਤੁਰੰਤ ਘਟਾਉਣ ਦੀ ਮੰਗ ਕੀਤੀ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਪ ਨੂੰ ਆਮ ਆਦਮੀ ਦੀ ਸਰਕਾਰ ਦੱਸਦੀ ਹੈ, ਇਸ ਲਈ ਇਸ ਬਾਰੇ ਤੁਰੰਤ ਫੈਸਲਾ ਲਿਆ ਜਾਵੇ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਮਾਨ ਸਰਕਾਰ ਨੇ ਵੈਟ ਨਾ ਘਟਾਇਆ ਤਾਂ ਇਹ ਪੰਜਾਬ ਦੇ ਬਹੁਗਿਣਤੀ ਲੋਕਾਂ ਨਾਲ ਬੇਈਮਾਨੀ ਹੋਵੇਗੀ।
ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਕੇਂਦਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਘਰੇਲੂ ਗੈਸ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਵੀ ਦਿੱਤੀ ਗਈ ਹੈ। ਕੇਂਦਰ ਨੇ ਲੋਕਾਂ ਦੇ ਇੱਕ ਲੱਖ ਕਰੋੜ ਰੁਪਏ ਦਾ ਬੋਝ ਆਪਣੇ ਸਿਰ ਲੈ ਲਿਆ ਹੈ। ਅਸੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਪੈਟਰੋਲ ਅਤੇ ਡੀਜ਼ਲ ‘ਤੇ ਵੀ ਵੈਟ ਘਟਾਵੇ। ਪੈਟਰੋਲ ਅਤੇ ਡੀਜ਼ਲ ‘ਤੇ 10-10 ਰੁਪਏ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਪੰਜਾਬ ਵਿੱਚ ਵੈਟ ਦੂਜੇ ਰਾਜਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਅਤੇ ਕਿਸਾਨ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਦੀ ‘ਆਪ’ ਸਰਕਾਰ ਅਤੇ CM ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾ ਕੇ ਉਨ੍ਹਾਂ ਨੂੰ ਰਾਹਤ ਦੇਵੇ। ਉਨ੍ਹਾਂ ਕੇਂਦਰ ਸਰਕਾਰ ਦੀ ਤਰਜ਼ ‘ਤੇ ਪੈਟਰੋਲ ‘ਤੇ 9.50 ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ ‘ਤੇ 7 ਰੁਪਏ ਪ੍ਰਤੀ ਲੀਟਰ ਵੈਟ ਘਟਾਉਣ ਦੀ ਮੰਗ ਕੀਤੀ।