ਚੰਡੀਗੜ੍ਹ, 20 ਸਤੰਬਰ 2024 – ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸੂਬੇ ਵਿੱਚ ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ। ਚੋਣ ਕਮਿਸ਼ਨ ਨੋਟੀਫਿਕੇਸ਼ਨ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਮੰਨਿਆ ਜਾ ਰਿਹਾ ਹੈ ਕਿ 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ।
ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਰਾਜ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।
ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਨਿਯਮਾਂ ਅਨੁਸਾਰ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਆਪਣੇ ਖੇਤਰ ਅਧੀਨ ਆਉਂਦੀਆਂ ਪੰਚਾਇਤਾਂ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਅੰਕੜਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਲਾਕ ਨੂੰ ਇਕਾਈ ਮੰਨ ਕੇ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਲਈ ਰੋਸਟਰ ਤਿਆਰ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇੱਕ ਦਿਨ ਪਹਿਲਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਰਵਾਇਤ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਲੀਹਾਂ ‘ਤੇ ਨਹੀਂ ਹੋਣਗੀਆਂ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ 2018 ਵਿੱਚ ਵੀ ਕਿਸੇ ਵਿਅਕਤੀ ਨੇ ਪਾਰਟੀ ਦੇ ਚੋਣ ਨਿਸ਼ਾਨ ‘ਤੇ ਪੰਚਾਇਤੀ ਚੋਣਾਂ ਨਹੀਂ ਲੜੀਆਂ ਸਨ।
ਪੰਜਾਬ ਵਿੱਚ ਸਾਲ 2018 ਵਿੱਚ ਪੰਚਾਇਤੀ ਚੋਣਾਂ ਹੋਈਆਂ ਸਨ। ਇਸ ਦੌਰਾਨ 13276 ਸਰਪੰਚ ਅਤੇ 83831 ਪੰਚਾਂ ਦੀ ਚੋਣ ਕੀਤੀ ਗਈ। ਲਗਭਗ ਸਾਰੀਆਂ ਪੰਚਾਇਤਾਂ ਦਾ ਕਾਰਜਕਾਲ ਦਸੰਬਰ ਵਿੱਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਾਰੀਆਂ ਪੰਚਾਇਤਾਂ ਦੀ ਕਮਾਨ ਸੌਂਪ ਦਿੱਤੀ ਗਈ ਸੀ। ਹਾਲਾਂਕਿ ਚੋਣਾਂ ‘ਚ ਦੇਰੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਇਸ ਦੌਰਾਨ ਸਰਕਾਰ ਨੇ ਅਦਾਲਤ ਵਿੱਚ ਕਿਹਾ ਸੀ ਕਿ ਅਸੀਂ ਜਲਦੀ ਹੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੇ ਹਾਂ।