ਫ਼ਰੀਦਕੋਟ, 23 ਮਾਰਚ 2023 – ਐਸ ਆਈ ਟੀ ਵੱਲੋਂ ਪੇਸ਼ ਚਾਰਜਸ਼ੀਟ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਖਿਲਾਫ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਫ਼ਰੀਦਕੋਟ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਨੂੰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਅੱਜ ਦੋਵੇਂ ਬਾਦਲ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋ ਗਏ ਹਨ ।
ਪੇਸ਼ੀ ਤੋਂ ਬਾਅਦ ਸੁਖਬੀਰ ਨੇ ਕਿਹਾ ਸਰਕਾਰ ਤੋਂ ਬੇਅਦਬੀ ਮਾਮਲੇ ਵਿੱਚ ਇਨਸਾਫ਼ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ । ਉਨ੍ਹਾਂ ਤੇ ਪਾਇਆ ਗਿਆ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਨੇ ਕਿਹਾ ਪਿਛਲੀਆਂ ਸਰਕਾਰਾਂ ਨੇ ਵੀ ਅਜਿਹੀਆਂ ਨੀਤੀਆਂ ਅਪਣਾਈਆਂ ਸਨ, ਪਰ ਉਨ੍ਹਾਂ ਨੂੰ ਕਾਨੂੰਨ ਤੇ ਪੂਰਾ ਭਰੋਸਾ ਹੈ ਕਿ ਉਹ ਉਨ੍ਹਾਂ ਦਾ ਪੂਰੀ ਤਰ੍ਹਾਂ ਸਾਥ ਦੇਣਗੇ।ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਮਾਰਚ ਨੂੰ ਜ਼ਮਾਨਤ ਦੇ ਦਿੱਤੀ ਸੀ ਤੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਪਰ ਪਿਛਲੇ ਦਿਨੀਂ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ।
ਇਸ ਮੌਕੇ ਅਕਾਲੀ ਦਲ ਦੇ ਵੱਡੇ ਆਗੂ ਬਲਵਿੰਦਰ ਸਿੰਘ ਭੂੰਦੜ, ਬਿਕਰਮਜੀਤ ਸਿੰਘ ਮਜੀਠੀਆ, ਬੀਬੀ ਹਰਸਿਮਰਤ ਕੌਰ ਬਾਦਲ, ਮਹੇਸ਼ਇੰਦਰ ਸਿੰਘ ਗਰੇਵਾਲ, ਦਲਜੀਤ ਸਿੰਘ ਚੀਮਾ, ਸਿੰਕਦਰ ਸਿੰਘ ਮਲੂਕਾ, ਮਨਤਾਰ ਸਿੰਘ ਬਰਾੜ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਗੁਲਜ਼ਾਰ ਸਿੰਘ ਰਾਣੀਕੇ, ਵਿਰਸਾ ਸਿੰਘ ਵਲਟੋਹਾ, ਪਰਮਬੰਸ ਸਿੰਘ ਰੋਮਾਣਾ, ਰੋਜ਼ੀ ਬਰਕੰਦੀ, ਜੋਧ ਸਿੰਘ ਸਮਰਾ, ਐਨ ਕੇ ਸ਼ਰਮਾ, ਸੁਰਜੀਤ ਸਿੰਘ ਰੱਖੜਾ, ਤਲਬੀਰ ਸਿੰਘ ਗਿੱਲ , ਵਿਨਰਜੀਤ ਸਿੰਘ ਗੋਲਡੀ, ਵਿਜੈ ਛਾਬੜਾ ਆਦਿ ਹਾਜ਼ਰ ਸਨ।