ਮਾਨਸਾ, 12 ਸਤੰਬਰ2023: ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਡਟਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਪ੍ਰਸ਼ਾਸਨ ਵੱਲੋਂ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਪਿੱਛੋਂ ਮੁਕਤਸਰ ਦੀ ਜੇਲ੍ਹ ’ਚੋਂ ਮੰਗਲਵਾਰ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ। ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਅਤੇ ਐਂਟੀ ਡਰੱਗ ਟਾਸਕ ਫੋਰਸ ਨੇ ਇਸ ਨੂੰ ਲੋਕ ਸੰਘਰਸ਼ ਅਤੇ ਏਕਤਾ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਉਹ ਲਗਪਗ ਦੋ ਮਹੀਨਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਸੀ ਅਤੇ ਉਸੇ ਦਿਨ ਤੋਂ ਹੀ ਥਾਣਾ ਸਿਟੀ-2 ਸਾਹਮਣੇ ਜਥੇਬੰਦਕ ਧਿਰਾਂ ਨੇ ਪੱਕਾ ਮੋਰਚਾ ਲਾਇਆ ਹੋਇਆ ਹੈ।
ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਕਨਵੀਨਰ ਰਾਜਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਭਾਰੀ ਦਬਾਅ ਹੇਠ ਮਾਨਸਾ ਪੁਲੀਸ ਪ੍ਰਸ਼ਾਸਨ ਨੇ ਸਾਰੀਆਂ ਕਾਨੂੰਨੀ ਅੜਚਨਾਂ ਦੂਰ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਦੇ ਸਾਰੇ ਰਸਤੇ ਖੋਲ੍ਹ ਦਿੱਤੇ ਹਨ। ਅਦਾਲਤੀ ਕਾਰਵਾਈਆਂ ਨੂੰ ਪੂਰਦਿਆਂ ਜਿਉਂ ਹੀ ਪੁਲੀਸ ਅਤੇ ਝੋਟਾ ਖ਼ਿਲਾਫ਼ ਦਰਖ਼ਾਸਤ ਦੇਣ ਵਾਲਿਆਂ ਨੇ ਦਰਖ਼ਾਸਤ ਵਾਪਸ ਲੈਣ ਦੇ ਬਿਆਨ ਕਲਮਬੰਦ ਕਰਵਾਏ ਤਾਂ ਅਦਾਲਤ ਨੇ ਪਰਵਿੰਦਰ ਸਿੰਘ ਦੀ ਰਿਹਾਈ ਦੇ ਹੁਕਮ ਕਰ ਦਿੱਤੇ।
ਪਰਵਿੰਦਰ ਦੇ ਪਿਤਾ ਸਾਬਕਾ ਫੌਜੀ ਭੀਮ ਸਿੰਘ ਨੇ ਆਪਣੇ ਪੁੱਤ ਦੀ ਰਿਹਾਈ ਨੂੰ ਲੋਕ ਏਕੇ ਦੀ ਵੱਡੀ ਜਿੱਤ ਕਰਾਰ ਦਿੰਦਿਆਂ ਉਸ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਨਸ਼ਾ ਰੋਕੂ ਮੁਹਿੰਮ ਮਜ਼ਬੂਤ ਹੋਣ ਦਾ ਦਾਅਵਾ ਕੀਤਾ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (ਮੀਡੀਆ) ਮਨਜੀਤ ਸਿੰਘ ਸਿੱਧੂ ਨੇ ਮਾਨਸਾ ਜ਼ਿਲ੍ਹੇ ਦੇ ਦੋ ਵਿਧਾਇਕਾਂ ਪ੍ਰਿੰਸੀਪਲ ਬੁੱਧਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਸਮੇਤ ਐੱਸਐੱਸਪੀ ਡਾ. ਨਾਨਕ ਸਿੰਘ ਦੀ ਮੌਜੂਦਗੀ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪਰਵਿੰਦਰ ਦੀ ਛੇਤੀ ਰਿਹਾਈ ਲਈ ਭਰੋਸਾ ਦਿੱਤਾ ਸੀ।