ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ

• ਇਹ ਕਦਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਕਰੇਗਾ ਬੱਚਤ; ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇਣੇ ਪੈਂਦੇ ਸਨ: ਅਮਨ ਅਰੋੜਾ
• ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤੇ ਜਾਣਗੇ ਸਰਟੀਫਿਕੇਟ ਅਤੇ ਈ-ਸੇਵਾ ਪੋਰਟਲ ‘ਤੇ ਸਰਟੀਫਿਕੇਟਾਂ ਦੀ ਕੀਤੀ ਜਾ ਸਕਦੀ ਹੈ ਜਾਂਚ
• 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ ‘ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ

ਚੰਡੀਗੜ੍ਹ, 24 ਅਪ੍ਰੈਲ 2023 – ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਵਾਨਿਤ ਸਰਟੀਫ਼ਿਕੇਟ ਐਸ.ਐਮ.ਐਸ. ਜ਼ਰੀਏ ਸਿੱਧੇ ਨਾਗਰਿਕਾਂ ਦੇ ਮੋਬਾਈਲ ਫੋਨਾਂ ‘ਤੇ ਦੇਣੇ ਸ਼ੁਰੂ ਕਰ ਦਿੱਤੇ ਹਨ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਰਟੀਫ਼ਿਕੇਟਾਂ ਦੀਆਂ ਹਾਰਡ ਕਾਪੀਆਂ ਲੈਣ ਲਈ ਹੁਣ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ। ਕਿਸੇ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਈਲ ਫੋਨ ਉਤੇ ਐਸ.ਐਮ.ਐਸ. ਰਾਹੀਂ ਲਿੰਕ ਭੇਜਿਆ ਜਾਂਦਾ ਹੈ, ਜਿਸ ਉਤੇ ਕਲਿੱਕ ਕਰਕੇ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਸਰਟੀਫਿਕੇਟ ਨੂੰ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਟੀਫ਼ਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ ‘ਤੇ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ।

ਇਸ ਕਦਮ ਨਾਲ ਕੇਵਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਪੈਸਾ ਵੀ ਬਚੇਗਾ ਕਿਉਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇ ਹਿਸਾਬ ਨਾਲ ਦੇਣੇ ਪੈਂਦੇ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 15 ਲੱਖ ਸਰਟੀਫਿਕੇਟ ਨਾਗਰਿਕਾਂ ਨੂੰ ਮੋਬਾਈਲ ਫੋਨਾਂ ਰਾਹੀਂ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫ਼ੋਨਾਂ ‘ਤੇ ਐਸ.ਐਮ.ਐਸ. ਜ਼ਰੀਏ 16 ਤਰ੍ਹਾਂ ਦੇ ਸਰਟੀਫਿਕੇਟ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਜਨਮ ਸਰਟੀਫ਼ਿਕੇਟ, ਮੌਤ ਸਰਟੀਫ਼ਿਕੇਟ, ਦਿਹਾਤੀ ਖੇਤਰ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਵਿਆਹ ਸਰਟੀਫ਼ਿਕੇਟ, ਆਮਦਨ ਅਤੇ ਸੰਪਤੀ ਸਰਟੀਫ਼ਿਕੇਟ, ਰਿਹਾਇਸ਼ ਸਰਟੀਫ਼ਿਕੇਟ, ਐਸ.ਸੀ./ ਬੀ.ਸੀ./ ਓ.ਬੀ.ਸੀ./ ਜਨਰਲ ਸਰਟੀਫ਼ਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਹੁਣ ਉਹ ਸਮਾਂ ਲੰਘ ਗਿਆ ਹੈ ਜਦੋਂ ਸਰਟੀਫ਼ਿਕੇਟ ਬਣਵਾਉਣ ਲਈ ਵੱਡੀਆਂ-ਵੱਡੀਆਂ ਫਾਈਲਾਂ ਸਰਕਾਰੀ ਦਫ਼ਤਰਾਂ ਵਿੱਚ ਇੱਕ ਟੇਬਲ ਤੋਂ ਦੂਜੇ ਟੇਬਲ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਦੀ ਕੋਈ ਟਰੈਕਿੰਗ, ਸਟੇਟਸ ਚੈਕਿੰਗ ਅਤੇ ਸਮਾਂ ਸੀਮਾ ਨਹੀਂ ਹੁੰਦੀ ਸੀ। ਈ-ਸੇਵਾ ਪੋਰਟਲ esewa.punjab.gov.in ਨੇ ਅਜਿਹੇ ਸਾਰੇ ਮਸਲਿਆਂ ਨੂੰ ਹੱਲ ਕਰ ਦਿੱਤਾ ਹੈ ਅਤੇ ਫਾਈਲ ਨੂੰ ਇੱਕ ਤੋਂ ਦੂਜੀ ਥਾਂ ਭੇਜੇ ਬਿਨਾਂ ਬਿਨੈਪੱਤਰਾਂ ਉਤੇ ਕਾਰਵਾਈ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਈ-ਸੇਵਾ ਦੇ ਲੰਬਿਤ ਕੇਸਾਂ ਦੀ ਗਿਣਤੀ 0.25 ਫ਼ੀਸਦ ਤੋਂ ਵੀ ਘੱਟ ਹੈ।

ਈ-ਸੇਵਾ ਪੋਰਟਲ ਉਤੇ 430 ਤੋਂ ਵੱਧ ਸੇਵਾਵਾਂ ਉਪਲਬਧ
ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਵਿਭਾਗ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਈ-ਸੇਵਾ ਪੋਰਟਲ ਨੂੰ ਵਿਭਾਗ ਦੇ 40 ਸਾਫਟਵੇਅਰ ਇੰਜੀਨੀਅਰਾਂ ਅਤੇ ਹੋਰ ਤਕਨੀਕੀ ਮਾਹਿਰਾਂ ਦੀ ਟੀਮ ਵੱਲੋਂ ਤਿਆਰ ਕਰਕੇ ਇਸ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਪੋਰਟਲ ਦੀ ਵਰਤੋਂ ਕਰਕੇ ਹੁਣ ਤੱਕ 3 ਕਰੋੜ ਤੋਂ ਵੱਧ ਬਿਨੈਪੱਤਰਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ 6000 ਤੋਂ ਵੱਧ ਉਪਭੋਗਤਾ ਇਸ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ਵਿੱਚ ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲ ਦਫ਼ਤਰ, ਐਸ.ਐਮ.ਓ. ਦਫ਼ਤਰ, ਈ.ਓ.ਐਮ.ਸੀ. ਦਫ਼ਤਰ, ਡੀ.ਐਸ.ਐਸ.ਓ. ਦਫ਼ਤਰ, ਖੇਤੀਬਾੜੀ ਵਿਭਾਗ ਦੇ ਦਫ਼ਤਰ, ਪ੍ਰਾਈਵੇਟ ਹਸਪਤਾਲ ਅਤੇ ਸੇਵਾ ਕੇਂਦਰਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਲ ਹਨ।

ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ‘ਤੇ ਈ-ਸੇਵਾ ਪੋਰਟਲ ਲਈ ਹੋਰ ਵਿਭਾਗਾਂ ਨੂੰ ਸਿਖਲਾਈ ਦੇਣ, ਨਿਗਰਾਨੀ ਕਰਨ ਅਤੇ ਸਹਾਇਤਾ ਕਰਨ ਲਈ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ, ਜ਼ਿਲ੍ਹਾ ਆਈ.ਟੀ. ਮੈਨੇਜਰ, ਸਹਾਇਕ ਜ਼ਿਲ੍ਹਾ ਆਈ.ਟੀ. ਮੈਨੇਜਰ ਤਾਇਨਾਤ ਕੀਤੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫਰੀਦਕੋਟ ‘ਚ ਗੁਟਕਾ ਸਾਹਿਬ ਦੀ ਬੇਅਦਬੀ: ਪਾਵਨ ਅੰਗ ਪਾੜ ਕੇ ਗਲੀ ‘ਚ ਖਿਲਾਰੇ ਗਏ

ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਕਾਇਮ