ਮਾਨ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ

  • ਸ਼ਹੀਦ ਦੇ ਜੱਦੀ ਪਿੰਡ ਵਿੱਚ ਜਾ ਕੇ ਕੀਤੀ ਸ਼ਰਧਾਂਜਲੀ ਭੇਟ
  • ਸੁਤੰਤਰਤਾ ਸੰਗਰਾਮ ਬਾਰੇ ਦੱਸਣ ਲਈ ਵਿਰਾਸਤੀ ਗਲੀ ਸਣੇ ਖਟਕੜ ਕਲਾਂ ਦੇ ਸਮੁੱਚੇ ਵਿਕਾਸ ਦਾ ਕੀਤਾ ਐਲਾਨ
  • ਸ਼ਹੀਦਾਂ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ

ਖਟਕੜ ਕਲਾਂ, 23 ਮਾਰਚ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ।

ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜੁਲਮ ਅਤੇ ਦਮਨ ਖ਼ਿਲਾਫ਼ ਖੜ੍ਹੇ ਹੋਣ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਸਮਾਜ ਵਿੱਚ ਫੈਲੀਆਂ ਸਾਰੀਆਂ ਕੁਰੀਤੀਆਂ ਵਿਰੁੱਧ ਅਸੀਂ ਜੰਗ ਛੇੜੀਏ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਹੈ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਪੰਜਾਬ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਵੱਲੋਂ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਅਤੇ ਫਿਰਕੂ ਸਦਭਾਵਨਾ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਦੇ ਇਨ੍ਹਾਂ ਨੌਜਵਾਨ ਨਾਇਕਾਂ ਨੇ ਛੋਟੀ ਉਮਰ ਵਿੱਚ ਹੀ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਕਰਵਾਇਆ। ਭਗਵੰਤ ਮਾਨ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੂਤ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖ਼ੁਸ਼ਹਾਲ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਆਪਣੀ ਪੂਰੀ ਵਾਹ ਲਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦਾ ਮਤਾ ਪਾਸ ਕੀਤਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਨੂੰ 75 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮੁਲਕ ਅਜੇ ਵੀ ਗਰੀਬੀ, ਅਨਪੜ੍ਹਤਾ, ਬੇਰੋਜ਼ਗਾਰੀ ਤੇ ਹੋਰ ਸਮਾਜਿਕ ਕੁਰੀਤੀਆਂ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਕੁਰੀਤੀਆਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਕਦਮ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਦੀ ਖ਼ੁਸ਼ਹਾਲੀ ਲਈ ਕਈ ਲੋਕ-ਪੱਖੀ ਤੇ ਵਿਕਾਸ ਆਧਾਰਤ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਇਕੋ-ਇਕ ਉਦੇਸ਼ ਸਾਡੇ ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਵਾਲਾ ਸਮਾਜ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਸਾਡੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਵਿੱਚ ਵਿਰਾਸਤੀ ਗਲੀ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ ਤਾਂ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਤੇ ਪੰਜਾਬ ਦੇ ਸ਼ਾਨਾਮੱਤੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 850 ਮੀਟਰ ਲੰਮੀ ਇਹ ਵਿਰਾਸਤੀ ਗਲੀ ਖਟਕੜ ਕਲਾਂ ਵਿੱਚ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗਲੀ ਸੁਤੰਤਰਤਾ ਸੰਗਰਾਮ ਵਿੱਚ ਸੂਬੇ ਦੇ ਮਹਾਨ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਲਈ ਤਨਦੇਹੀ ਨਾਲ ਕੰਮ ਕਰਨ ਲਈ ਵੀ ਪ੍ਰੇਰੇਗੀ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਵਿੱਚ ਅਦਾਲਤ ਦਾ ਫਾਈਵ ਡੀ ਸੈੱਟਅੱਪ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫਾਈਵ ਡੀ ਕ੍ਰਿਏਟਿਵ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੇ ਦ੍ਰਿਸ਼ ਦਾ ਰੂਪਾਂਤਰਣ ਕਰੇਗਾ ਤਾਂ ਜੋ ਦਰਸ਼ਕਾਂ ਨੂੰ ਉਸ ਸਮੇਂ ਦਾ ਅਨੁਭਵ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦਰਸ਼ਕਾਂ ਨੂੰ ਅਸਲ ਵਿੱਚ ਉਸ ਯੁੱਗ ਵਿੱਚ ਵਾਪਸ ਲੈ ਜਾਵੇਗਾ ਅਤੇ ਦੇਸ਼ ਲਈ ਇਸ ਨੌਜਵਾਨ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਸਦਾ ਤਾਜ਼ਾ ਰੱਖੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਨੂੰ ਇਹ ਪ੍ਰਾਜੈਕਟ ਸ਼ੁਰੂ ਕਰਨ ਲਈ ਕਹਿ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਸਾਰੇ ਪੰਜਾਬੀਆਂ ਲਈ ਪਵਿੱਤਰ ਹੈ ਅਤੇ ਇਸ ਦਾ ਚਹੁ-ਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਆਪਣੇ ਅਹੁਦੇ ਦੀ ਸਹੁੰ ਵੀ ਇਸ ਪਵਿੱਤਰ ਧਰਤੀ ਉਤੇ ਚੁੱਕੀ ਸੀ।

ਇਸ ਦੌਰਾਨ ਮੁੱਖ ਮੰਤਰੀ ਨੇ ਸੁਰਿੰਦਰ ਕੌਰ, ਯਾਦਵਿੰਦਰ ਸਿੰਘ, ਪਵਨਦੀਪ ਕੌਰ, ਮਨਜੀਤ ਸਿੰਘ ਧਾਲੀਵਾਲ, ਸਤਵੰਤ ਸਿੰਘ, ਕੁਲਦੀਪ ਕੌਰ, ਹਰਚੈਨ ਸਿੰਘ ਅਤੇ ਹੋਰਨਾਂ ਸਮੇਤ ਮਹਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਅਜਾਇਬ ਘਰ ਅਤੇ ਜੱਦੀ ਘਰ ਦਾ ਪੋਰਟਰੇਟ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਸ਼ਹੀਦ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ, ਵਿਧਾਇਕ ਡਾਕਟਰ ਐਸ ਕੇ ਸੁੱਖੀ, ਵਿਧਾਇਕ ਨਛੱਤਰ ਪਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ, ਆਪ ਆਗੂ ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ, ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਆਪ ਦੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ, ਜ਼ਿਲ੍ਹਾ ਮਹਿਲਾ ਪ੍ਰਧਾਨ ਰਾਜਦੀਪ ਸ਼ਰਮਾ ਤੇ ਹੋਰ ਆਗੂ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਲਿਸ ਵੱਲੋਂ ਅੰਨ੍ਹੇ ਕ+ਤ+ਲ ਦਾ ਪਰਦਾਫਾਸ਼: ਕ+ਤ+ਲ ਨੂੰ ਖ਼ੁ+ਦ+ਕੁ+ਸ਼ੀ ਦਿਖਾਉਣ ਦੀ ਕੀਤੀ ਗਈ ਕੋਸ਼ਿਸ਼

ਮਾਸੂਮ ਭੈਣ-ਭਰਾ ਦੀ ਬਲੀ ਦੇਣ ਵਾਲੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ