ਚੰਡੀਗੜ੍ਹ, 17 ਨਵੰਬਰ 2022 – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਪੰਜ ਸਾਲਾਂ ਦੌਰਾਨ ਹੋਏ ਵਿਕਾਸ ਕਾਰਜਾਂ ਦਾ ਨਿਰੀਖਣ ਅਤੇ ਫਿਜ਼ੀਕਲ ਤੌਰ ’ਤੇ ਤਸਦੀਕ ਕਰਵਾਉਣ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਨੂੰ ਪਿਛਲੀ ਸਰਕਾਰ ਦੌਰਾਨ ਪਿੰਡਾਂ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਲੈ ਕੇ ਰੋਜ਼ਾਨਾ ਲੋਕਾਂ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ, ਖਾਸ ਕਰਕੇ ਸਾਬਕਾ ਮੁੱਖ ਮੰਤਰੀਆਂ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੇ ਹਲਕਿਆਂ ‘ਚੋਂ ਇਹ ਸ਼ਿਕਾਇਤਾਂ ਆ ਰਹੀਆਂ ਹਨ। ਜਿਸ ਤੋਂ ਬਾਅਦ ਹੁਣ 46 ਵੱਡੇ ਬਲਾਕਾਂ ਦੇ ਵਿਕਾਸ ਕਾਰਜਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇਗੀ।
ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਜਦੋਂ ਇਸ ਮੁੱਦੇ ‘ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਅਧਿਕਾਰੀਆਂ ਵੱਲੋਂ ਇਹ ਸੁਝਾਅ ਦਿੱਤਾ ਗਿਆ ਕਿ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਜਾਵੇ ਅਤੇ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇ।
ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲੇ ਗੇੜ ਵਿੱਚ ਸੂਬੇ ਦੇ 46 ਵੱਡੇ ਬਲਾਕਾਂ ਵਿੱਚ ਵਿਕਾਸ ਕਾਰਜਾਂ ਦਾ ਫਿਜ਼ੀਕਲ ਨਿਰੀਖਣ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਨਿਰੀਖਣ ਲਈ ਵਿਭਾਗ ਨੇ 17 ਉਪ ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਕੇ ਗ੍ਰਾਮ ਪੰਚਾਇਤਾਂ ਅਨੁਸਾਰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਵਿਭਾਗ ਨੂੰ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ, ਤਾਂ ਜੋ ਅਣਗਹਿਲੀ ਕਰਨ ਵਾਲੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ।