ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਗਾਉਣ ਦਾ ਕਾਰਜ ਸ਼ੁਰੂ

  • ਮੁਰੰਮਤ ਉਪਰੰਤ ਮੁੜ ਲਗਾਏ ਜਾ ਰਹੇ ਹਨ ਇਹ ਸੁਨਹਿਰੀ ਪੱਤਰੇ

ਅੰਮ੍ਰਿਤਸਰ, 19 ਮਾਰਚ 2023 – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਅਤੇ ਸਕੱਤਰ ਸ. ਪ੍ਰਤਾਪ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਨਮੀ ਦੇ ਕਾਰਨ ਸੁਨਹਿਰੀ ਪੱਤਰੇ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਹੂਬਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸੇਵਾ ਦੌਰਾਨ ਮੀਨਾਕਾਰੀ ਅਤੇ ਸੋਨੇ ਦੀ ਪੱਤਰਿਆਂ ਦੀ ਵੀਡੀਓਗ੍ਰਾਫੀ ਕਰਕੇ ਬਰੀਕੀ ਨਾਲ ਸੇਵਾ ਕਾਰਜ ਕੀਤੇ ਗਏ ਹਨ। ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਭਾਈ ਇੰਦਰਜੀਤ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਹਾਲਵਾਂ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਬਘੇਲ ਸਿੰਘ, ਨਿਸ਼ਾਨ ਸਿੰਘ, ਐਸਡੀਓ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਭਾਈ ਸੁਮਿੰਦਰ ਸਿੰਘ, ਡਾ. ਜਸਵੰਤ ਸਿੰਘ, ਭਾਈ ਰਵਿੰਦਰ ਸਿੰਘ ਆਦਿ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 11ਵੀਂ ਸਲਾਨਾ ਐਥਲੈਟਿਕਸ ਅਤੇ ਸਪੋਰਟਸ ਮੀਟ ਦਾ ਆਯੋਜਨ

ਅੰਮ੍ਰਿਤਪਾਲ ਦਾ 25 ਕਿਲੋਮੀਟਰ ਤੱਕ ਪਿੱਛਾ ਕੀਤਾ: ਪੁਲਿਸ ਦੀ ਕਾਰ ਨੂੰ ਮਰਸਡੀਜ਼ ਨਾਲ ਮਾਰੀ ਟੱਕਰ, ਤੰਗ ਗਲੀਆਂ ‘ਚੋਂ ਭੱਜਿਆ – ਪੁਲਿਸ