ਚੰਡੀਗੜ੍ਹ, 7 ਸਤੰਬਰ 2025– ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆ ਰਹੇ ਹਨ। ਇਸ ਦੌਰਾਨ ਉਹ ਹੜ੍ਹ ਕਾਰਨ ਹੋਈ ਭਾਰੀ ਤਬਾਹੀ ਦਾ ਨਿਰੀਖਣ ਕਰਨ ਦੇ ਨਾਲ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਵੀ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਦੌਰੇ ਦੌਰਾਨ ਫ਼ਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕਰ ਸਕਦੇ ਹਨ। ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਤੇ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਹੋਣਗੇ।
ਦੱਸਣਯੋਗ ਹੈ ਕਿ ਕੇਂਦਰੀ ਟੀਮਾਂ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਪੰਜਾਬ ਵਿੱਚ ਹਨ। ਪਿਛਲੇ ਦਿਨੀਂ ਕੇਂਦਰੀ ਖੇਤੀਬਾੜੀ ਮੰਤਰੀ ਦੇ ਵੱਲੋਂ ਵੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ।

ਇਸ ਤੋਂ ਪਹਿਲਾਂ ਕੇਂਦਰ ਵਲੋਂ ਐੱਨ.ਡੀ.ਆਰ.ਐੱਫ. ਅਤੇ ਐੱਸ. ਡੀ. ਆਰ. ਐੱਫ. ਦੀਆਂ ਟੀਮਾਂ ਰਾਹਤ ਕਾਰਜ ਲਈ ਪਹਿਲਾਂ ਹੀ ਤਾਇਨਾਤ ਹਨ। ਲੋਕਾਂ ਦੀ ਸਭ ਤੋਂ ਵੱਡੀ ਉਮੀਦ ਇਸ ਗੱਲ ਤੋਂ ਹੈ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਕਿਸਾਨਾਂ ਤੇ ਹੜ੍ਹ ਪੀੜਤ ਪਰਿਵਾਰਾਂ ਲਈ ਵੱਡੇ ਆਰਥਿਕ ਰਾਹਤ ਪੈਕੇਜ ਦਾ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 46 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਚਾਰ ਲੱਖ ਏਕੜ ਦੇ ਕਰੀਬ ਫ਼ਸਲ ਨੁਕਸਾਨੀ ਗਈ ਹੈ। ਇਸ ਦੇ ਨਾਲ ਹੀ ਕਰੀਬ 2000 ਪਿੰਡ ਅਤੇ 4 ਲੱਖ ਲੋਕ ਵੀ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ।
