ਅੰਮ੍ਰਿਤਸਰ, 18 ਜੁਲਾਈ 2025 – ਸ੍ਰੀ ਦਰਬਾਰ ਸਾਹਿਬ ‘ਚ ਬੰਬ ਦੀਆਂ ਧਮਕੀਆਂ ਵਾਲੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਗਏ ਹਨ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫਿਲਹਾਲ ਇਕ ਵਿਅਕਤੀ ਨੂੰ ਰਾਊਂਡਅਪ ਕੀਤਾ ਗਿਆ ਹੈ। ਵਿਅਕਤੀ ਦੀ ਪਛਾਣ ਸ਼ੁਭਮ ਦੂਬੇ ਵਜੋਂ ਕੀਤੀ ਹੈ। ਸ਼ੁਭਮ, ਜੋ ਕਿ ਹਰਿਆਣਾ ਦੇ ਫਰੀਦਾਬਾਦ ਦਾ ਰਹਿਣ ਵਾਲਾ ਹੈ, ਪੇਸ਼ੇ ਵਜੋਂ ਇੱਕ ਸਾਫਟਵੇਅਰ ਇੰਜੀਨੀਅਰ ਹੈ ਅਤੇ ਕਈ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਚੁੱਕਾ ਹੈ।
ਪੁਲਿਸ ਅਨੁਸਾਰ ਸ਼ੁਭਮ ਸਾਫ਼ਟਵੇਅਰ ਇੰਜੀਨੀਅਰ ਹੈ ਅਤੇ ਦੋ ਕੰਪਨੀਆਂ ਵਿੱਚ ਕੰਮ ਕਰ ਚੁੱਕਿਆ ਹੈ। ਕਮਿਸ਼ਨਰ ਭੁੱਲਰ ਨੇ ਕਿਹਾ ਕਿ, ਇਸ ਸਮੇਂ ਸ਼ੁਭਮ ਵੇਹਲਾ (ਬੇਰੁਜ਼ਗਾਰ) ਸੀ। ਉਨ੍ਹਾਂ ਕਿਹਾ ਕਿ ਸਿਰਫ਼ ਪੁੱਛਗਿੱਛ ਲਈ ਸ਼ੁਭਮ ਨੂੰ ਹਿਰਾਸਤ ਵਿੱਚ ਲਿਆ ਹੈ, ਬਾਕੀ ਜਿਹੜੀਆਂ ਕੰਪਨੀਆਂ ਵਿੱਚ ਉਸਨੇ ਕੰਮ ਕੀਤਾ ਹੈ, ਉੱਥੋਂ ਵੀ ਪੁੱਛਗਿੱਛ ਕੀਤੀ ਜਾਵੇਗੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਅੱਗੇ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ। ਦੱਸ ਦੇਈਏ ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਦੇਣ ਵਾਲਾ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ । ਪੁਲਿਸ ਵੱਲੋਂ ਹਰ ਪਹਿਲੂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਸੀ। ਇਹ ਮੇਲ ਮਿਲਦੇ ਹੀ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਸਾਈਬਰ ਸੈੱਲ ਅਤੇ ਸਥਾਨਕ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੇਲ ਭੇਜਣ ਵਾਲੇ ਦਾ ਪਤਾ ਲਗਾ ਲਿਆ।
