ਗੜ੍ਹਸ਼ੰਕਰ (ਹੁਸ਼ਿਆਰਪੁਰ), 24 ਮਈ 2022 – ਪੰਜਾਬ ਪੁਲਸ ਇਕ ਵਾਰ ਫਿਰ ਆਪਣੇ ਕਾਰਨਾਮੇ ਨੂੰ ਲੈ ਕੇ ਚਰਚਾ ‘ਚ ਹੈ। ਦਰਅਸਲ ਪੁਲਿਸ ਨੇ ਕਰੀਬ ਢਾਈ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ ਖਿਲਾਫ ਚਿੱਟਾ (ਨਸ਼ਾ) ਵੇਚਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ‘ਚ ਮ੍ਰਿਤਕ ਦੇ ਪਰਿਵਾਰ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕਰਕੇ ਇਨਸਾਫ ਦੀ ਗੁਹਾਰ ਲਗਾਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇਨੋਵਾਲ ਦੇ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਉਸ ਦੇ ਲੜਕੇ ਗੁਰਦੀਪ ਸਿੰਘ ਉਰਫ਼ ਦੀਪਾ ਖ਼ਿਲਾਫ਼ 20 ਮਈ ਨੂੰ ਥਾਣਾ ਗੜ੍ਹਸ਼ੰਕਰ ਵਿਖੇ ਕੇਸ ਦਰਜ ਕੀਤਾ ਸੀ, ਜਿਸ ਵਿੱਚ ਉਸ ’ਤੇ ਚਿਟਾ ਵੇਚਣ ਦਾ ਦੋਸ਼ ਲਾਇਆ ਗਿਆ ਹੈ। ਇਸ ਐਫਆਈਆਰ ਵਿੱਚ 13 ਲੋਕਾਂ ਦੇ ਨਾਮ ਦਰਜ ਹਨ। ਉਸ ਨੂੰ ਇਸ ਬਾਰੇ 21 ਮਈ ਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ। ਉਸ ਨੇ ਦੱਸਿਆ ਕਿ ਉਸ ਦੇ ਲੜਕੇ ਗੁਰਦੀਪ ਸਿੰਘ ਉਰਫ਼ ਦੀਪਾ ਨੂੰ ਪੁਲੀਸ ਨੇ ਮੁਲਜ਼ਮ ਬਣਾਇਆ ਹੋਇਆ ਹੈ ਪਰ ਉਸ ਦੀ 6 ਦਸੰਬਰ 2019 ਨੂੰ ਮੌਤ ਹੋ ਗਈ ਸੀ।
ਸੁਰਜੀਤ ਸਿੰਘ ਨੇ ਗੁਰਦੀਪ ਸਿੰਘ ਦੀ ਮੌਤ ਦਾ ਸਰਟੀਫਿਕੇਟ ਪੇਸ਼ ਕਰਦਿਆਂ ਦੱਸਿਆ ਕਿ ਗੁਰਦੀਪ ਦੀ ਮੌਤ ਦੀ ਰੇਜਿਸਟ੍ਰੇਸ਼ਨ 20 ਦਸੰਬਰ 2019 ਨੂੰ ਦਰਜ ਕੀਤੀ ਗਈ ਹੈ। ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਸਾਂਸੀ ਜਾਤੀ ਨਾਲ ਸਬੰਧਤ ਹੈ ਜੋ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ। ਉਸ ਨੇ ਦੱਸਿਆ ਕਿ ਉਸ ਨੇ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਸ਼ਿਕਾਇਤ ਭੇਜ ਕੇ ਕਿਹਾ ਹੈ ਕਿ 20 ਮਈ ਨੂੰ ਉਸ ਦੇ ਮ੍ਰਿਤਕ ਪੁੱਤਰ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਸ ਕਾਰਨ ਉਨ੍ਹਾਂ ਨੂੰ ਸਮਾਜ ਵਿੱਚ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਹੈ ਕਿ ਇਸ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਦੂਜੇ ਪਾਸੇ ਇਸ ਸਬੰਧੀ ਜਦੋਂ ਗੜ੍ਹਸ਼ੰਕਰ ਦੇ ਡੀਐਸਪੀ ਨਰਿੰਦਰ ਸਿੰਘ ਔਜਲਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਗੁਰਦੀਪ ਸਿੰਘ ਖ਼ਿਲਾਫ਼ ਦਰਜ ਹੋਏ ਕੇਸ ਬਾਰੇ ਅਣਜਾਣਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਾਮਲਾ ਧਿਆਨ ਵਿੱਚ ਆਇਆ ਹੈ ਅਤੇ ਜਾਂਚ ਕਰਵਾਈ ਜਾਵੇਗੀ।