ਲੰਬੀ, 29 ਮਾਰਚ 2022 – ਕਿਸਾਨ ਯੂਨੀਅਨ ਉਗਰਾਹਾ ਨੇ ਹਲਕਾ ਲੰਬੀ ਦੇ ਨਾਇਬ ਤਹਿਸੀਲਦਾਰ ਸਟਾਫ਼ ਨੂੰ ਗੁਲਾਬੀ ਸੁੰਢੀ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਦਫ਼ਤਰ ਦੇ ਅੰਦਰ ਘੇਰ ਲਿਆ। ਬੀਤੀ ਰਾਤ ਭਾਰੀ ਗਿਣਤੀ ਪੁਲਿਸ ਅਮਲੇ ਨੇ ਮੁਆਵਜ਼ੇ ਲਈ ਸਬ ਤਹਿਸੀਲ ਲੰਬੀ ਦਾ ਘਿਰਾਓ ਕਰ ਰਹੇ ਮਰਦ-ਔਰਤ ਕਿਸਾਨਾਂ ‘ਤੇ ਅੰਨ੍ਹੇਵਾਹ ਲਾਠੀਚਾਰਜ ਕਰਕੇ ਦਫ਼ਤਰ ‘ਚ ਤਾੜੇ ਨਾਇਬ ਤਹਿਸੀਲਦਾਰ ਅਤੇ ਅਮਲੇ ਨੂੰ ਲਾਠੀਚਾਰਜ ਕਰਕੇ ਛੁਡਵਾ ਲਿਆ।
ਪੁਲਿਸ ਵਲੋਂ ਤਿੱਖੇ ਲਾਠੀਚਾਰਜ ‘ਚ ਛੇ ਕਿਸਾਨ ਅਤੇ ਇਕ ਖੇਤ ਮਜ਼ਦੂਰ ਆਗੂ ਜ਼ਖ਼ਮੀ ਹੋਇਆ ਹੈ। ਜਿਨ੍ਹਾਂ ਨੂੰ ਸਰਕਾਰੀ ਸਿਹਤ ਕੇਂਦਰ ਲੰਬੀ ‘ਚ ਦਾਖ਼ਲ ਕਰਵਾਇਆ ਗਿਆ ਹੈ। ਜਦੋਂਕਿ ਬਲਾਕ ਪ੍ਰਧਾਨ ਗੁਰਪਾਸ਼ ਸਮੇਤ ਦੋ ਦਰਜਨ ਕਿਸਾਨਾਂ ਦੇ ਹਲਕੀਆਂ ਸੱਟਾਂ ਹਨ। ਪੁਲਿਸ ‘ਤੇ ਔਰਤ ਕਿਸਾਨਾਂ ਦੇ ਵਾਲ ਦੇ ਫੜ ਕੇ ਡਾਂਗਾਂ ਵਰ੍ਹਾਉਣ ਦੇ ਦੋਸ਼ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਨਸਾ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਚੈੱਕ ਵੰਡੇ ਗਏ ਸਨ। ਹੁਣ ਬਠਿੰਡਾ ਇਲਾਕੇ ਦੇ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਵੀ ਨਰਮੇ ਦੀ ਫਸਲ ਖਰਾਬ ਹੋਈ ਹੈ ਉਸ ਦਾ ਮੁਆਵਜ਼ਾ ਦਿੱਤਾ ਜਾਵੇ।
ਜਿਸ ਤੋਂ ਬਾਅਦ ਹੁਣ ਲੰਬੀ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿਚ ਪੁਲਿਸ ਵਲੋਂ ਦੇਰ ਰਾਤ 9 ਕਿਸਾਨ ਆਗੂਆਂ ਸਮੇਤ ਦੱਸ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਲ ਅਧਿਕਾਰੀਆਂ ਦੀ ਜਥੇਬੰਦੀ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਜਿਨ੍ਹਾਂ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਵਿਚ ਗੁਰਪਾਸ਼ ਸਿੰਘ, ਭੁਪਿੰਦਰ ਸਿੰਘ, ਹਰਪਾਲ ਸਿੰਘ ਜਗਦੀਪ ਸਿੰਘ, ਦਵਿੰਦਰ ਸਿੰਘ ,ਕਾਲਾ ਸਿੰਘ, ਰਾਮਪਾਲ ਕਾਲਾ ਸਿੰਘ, ਮਨਜਿੰਦਰ ਸਿੰਘ ਸਰਾਂ ਅਤੇ ਇਕ ਅਣਪਛਾਤਾ ਵਿਅਕਤੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਧਾਰਾ 186/353/332/342/427/506/148/149 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਤੋਂ ਬਿਨਾ ਲੰਬੀ ਵਿਖੇ ਵਾਪਰੀ ਘਟਨਾ ਤੋਂ ਬਾਅਦ ਸੂਬੇ ਭਰ ਦੇ ਮਾਲ ਅਧਿਕਾਰੀ ਅਣਮਿਥੇ ਸਮੇਂ ਦੀ ਹੜਤਾਲ ‘ਤੇ ਚਲੇ ਗਏ ਹਨ। ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਜਿੰਨੀ ਦੇਰ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਤਦ ਤਕ ਸੂਬੇ ਭਰ ਵਿਚ ਮਾਲ ਵਿਭਾਗ ਦਾ ਕੰਮਕਾਜ ਠੱਪ ਕਰ ਦਿੱਤਾ ਗਿਆ ਹੈ। ਇਨ੍ਹਾਂ ਮਾਲ ਅਧਿਕਾਰੀਆਂ ਦੀ ਹਮਾਇਤ ਵਿਚ ਪਟਵਾਰੀਆਂ ਅਤੇ ਕਾਨੂੰਗੋ ਵੀ ਆ ਗਏ ਹਨ ਅਤੇ ਉਨ੍ਹਾਂ ਨੇ ਵੀ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ।