- ਡਿਪਟੀ ਕਮਿਸ਼ਨਰ, ਐਸ ਐਸ ਪੀ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
ਰੂਪਨਗਰ, 21 ਅਕਤੂਬਰ 2024: ਜ਼ਿਲ੍ਹਾ ਪੁਲਿਸ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਮਰਪਿਤ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਗਿਆ।
ਇਸ ਮੌਕੇ ਪੁਲਿਸ ਲਾਈਨ ਵਿਖੇ ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਐਸ.ਐਸ.ਪੀ ਸ. ਗੁਲਣੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਪੁਲਿਸ ਦਾ ਬਹੁਤ ਹੀ ਵਡਮੁੱਲਾ ਇਤਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ ਅਤੇ ਸੂਬੇ ਦਾ ਸ਼ਾਂਤਮਈ ਮਾਹੌਲ ਸਿਰਜਣ ਵਿਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਜੋ ਪੁਲਿਸ ਵਿਭਾਗ ਲਈ ਪ੍ਰੇਰਨਾ ਦਾ ਸਰੋਤ ਹਨ।
ਸ. ਗੁਲਣੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜਾ ਹੈ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ।
ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਅੱਤਵਾਦ ਸਮੇਂ ਦੌਰਾਨ ਪੁਲਿਸ ਅਧਿਕਾਰੀ/ਕਰਮਚਾਰੀ ਸ਼ਹੀਦ ਹੋਏ ਸਨ ਜਿਨ੍ਹਾਂ ਨੇ ਦੇਸ਼ ਵਿੱਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅਤੇ ਇਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨ ਲਈ ਇਹ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ।
ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਰਮੇਸ਼ ਕੁਮਾਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਵਲੋਂ ਸ਼ਹੀਦ ਪਰਿਵਾਰਾਂ ਨੂੰ ਹਰ ਤਰ੍ਹਾਂ ਸੰਭਵ ਮੱਦਦ ਮੁਹਈਆ ਕਰਵਾਉਂਦੇ ਹਨ ਜੋ ਕਿ ਸ਼ਲਾਘਾਯੋਗ ਹੈ। ਇਨ੍ਹਾਂ ਜਵਾਨਾਂ ਦੀਆਂ ਬਹਾਦਰੀਆਂ ਦੇ ਕਿੱਸਿਆਂ ਤੋਂ ਸਾਨੂੰ ਅਤੇ ਸਾਡੇ ਬੱਚਿਆਂ ਨੂੰ ਸੇਧ ਲੈਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਡਿਊਟੀ ਦੌਰਾਨ ਵੀ ਪੁਲਿਸ ਮੁਲਾਜਮਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਕਿਉਕਿ ਇਨ੍ਹਾਂ ਦੀ ਡਿਊਟੀ ਬਹੁਤ ਹੀ ਮੁਸਕਿਲ ਭਰੀ ਅਤੇ ਅਨਿਸ਼ਚਿਤ ਸਮੇਂ ਹੋਣ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਨ੍ਹਾਂ ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਕਾਉਂਸਲਿੰਗ ਸੈਸ਼ਨ ਕਰਵਾਏ ਜਾਣੇ ਚਾਹੀਦੇ ਹਨ ਅਤੇ ਮਹਿਲਾ ਪੁਲਿਸ ਦੀ ਰੱਖਿਆ ਅਤੇ ਮਿਆਰੀ ਸੇਵਾਵਾਂ ਲਈ ਸੈਕਸੁਅਲ ਹਰਾਸਮੈਂਟ ਵਿਰੁੱਧ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।
ਇਸ ਉਪਰੰਤ ਐੱਸ.ਐਸ.ਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸਵਿਭਾਗ ਵਲੋਂ ਉਨ੍ਹਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਤੋਂ ਤਣਾਅਮੁਕਤ ਕਰਨ ਅਤੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਦੇ ਹੱਲ ਲਈ ਹਰ ਹਫ਼ਤੇ ਆਰਡਰਲੀ ਰੂਮ ਲਗਾਏ ਜਾਂਦੇ ਹਨ। ਮਹਿਲਾ ਪੁਲਿਸ ਦੀ ਜਿਣਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਸੁਣਨ ਲਈ ਵਿਭਾਗ ਵਿੱਚ ਸੈਕਸੁਅਲ ਹਰਾਸਮੈਂਟ ਦੀਆਂ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ।
ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਉਪਰੰਤ ਐਸ.ਐਸ.ਪੀ, ਡਿਪਟੀ ਕਮਿਸ਼ਨਰ, ਜ਼ਿਲ੍ਹਾ ਤੇ ਸੈਸ਼ਨ ਜੱਜ ਰਮੇਸ਼ ਕੁਮਾਰੀ, ਐੱਸ.ਪੀ ਰਾਜਪਾਲ ਸਿੰਘ ਹੁੰਦਲ, ਐੱਸ.ਪੀ ਰੁਪਿੰਦਰ ਕੌਰ ਸਰਾਂ, ਵਧੀਕ ਚੀਫ ਜੁਡੀਸ਼ੀਅਲ ਮੈਜੀਸਟ੍ਰੇਟ ਰੂਪਨਗਰ ਅਸੀਸ਼ ਕੁਮਾਰ ਠਠਈ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ. ਸੁਖਵਿੰਦਰ ਸਿੰਘ, ਪੁਲਿਸ ਲਾਇਨ ਅਤੇ ਸਮੂਹ ਡੀ.ਐਸ.ਪੀਜ਼ ਸਮੇਤ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਵੱਲੋਂ ਪੁਲਿਸ ਸ਼ਹੀਦੀ ਸਮਾਰਕ ਉਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ।
ਐਸ.ਪੀ. ਮਨਵੀਰ ਸਿੰਘ ਬਾਜਵਾ ਨੇ 1 ਸਤੰਬਰ, 2023 ਤੋਂ ਲੈ ਕੇ 31 ਅਗਸਤ, 2024 ਤੱਕ ਡਿਊਟੀ ਦੌਰਾਨ ਸ਼ਹੀਦ ਹੋਏ 213 ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਸ਼ਹੀਦੀ ਸਮਾਗਮ ਦੇ ਅਖੀਰ ਵਿੱਚ ਐੱਸ.ਐੱਸ.ਪੀ. ਅਤੇ ਡਿਪਟੀ ਕਮਿਸ਼ਨਰ ਨੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਡੀ.ਐੱਸ.ਪੀ, ਐਸ.ਐੱਚ.ਓਜ਼ ਅਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ।