ਲੁਧਿਆਣਾ, 29 ਜੂਨ 2022 – ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਪੁਲੀਸ ਨੇ ਤਿੰਨ ਹਵਾਲਾਤੀਆਂ ਕੋਲੋਂ ਦੋ ਮੋਬਾਈਲ ਫੋਨ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਹੁਣ ਤਾਜਪੁਰ ਚੌਕੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਉਹਨਾਂ ਖ਼ਿਲਾਫ਼ ਦੋ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਏਐਸਆਈ ਸੁਨੀਲ ਕੁਮਾਰ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲੀਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸੂਰਜ ਮੱਲ ਦੀ ਸ਼ਿਕਾਇਤ ’ਤੇ ਹਵਾਲਾਤੀ ਬਲਰਾਜ ਸਿੰਘ ਅਤੇ ਪਵਨ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਆਪਣੀ ਰਿਪੋਰਟ ਵਿੱਚ ਦੱਸਿਆ ਕਿ 27 ਜੂਨ ਨੂੰ ਜੇਲ੍ਹ ਵਿੱਚ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਬਰਾਮਦ ਹੋਏ ਸਨ।
ਦੂਜੇ ਮਾਮਲੇ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਕੁਲਦੀਪ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਹਵਾਲਾਤੀ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ 27 ਜੂਨ ਨੂੰ ਜੇਲ੍ਹ ਵਿੱਚ ਕੀਤੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਡੇਢ ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਸੀ। ਸੁਨੀਲ ਕੁਮਾਰ ਨੇ ਦੱਸਿਆ ਕਿ ਤਿੰਨਾਂ ਨੂੰ ਰਿਮਾਂਡ ‘ਤੇ ਲਿਆ ਜਾਵੇਗਾ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਨੂੰ ਜੇਲ੍ਹ ‘ਚ ਫ਼ੋਨ ਅਤੇ ਨਸ਼ੀਲਾ ਪਾਊਡਰ ਕਿੱਥੋਂ ਮਿਲਿਆ |