ਹੁਸ਼ਿਆਰਪੁਰ, 7 ਅਗਸਤ 2025: ਹੁਸ਼ਿਆਰਪੁਰ-ਦਸੂਹਾ ਦੇ ਤਲਵਾੜਾ ਨੇੜੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਵੱਧਣ ਕਾਰਣ ਅੱਜ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਇਸ ਬਾਰੇ ਡੈਮ ਪ੍ਰਬੰਧਨ ਵੱਲੋਂ ਪਹਿਲਾਂ ਹੀ ਸੂਚਨਾ ਜਾਰੀ ਕਰ ਦਿੱਤੀ ਗਈ ਸੀ। ਇਹ ਗੇਟ ਸਵੇਰੇ 6 ਵਜੇ ਖੋਲ੍ਹੇ ਗਏ ਅਤੇ 23000 ਕਿਊਸਿਕ ਪਾਣੀ ਛੱਡਿਆ ਗਿਆ। ਹਿਮਾਚਲ ’ਚ ਹੋ ਰਹੀ ਭਾਰੀ ਬਾਰਿਸ਼ ਅਤੇ ਡੈਮ ’ਚ ਪਾਣੀ ਦੇ ਵਧਦੇ ਪੱਧਰ ਨੂੰ ਵੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ 6 ਅਗਸਤ ਨੂੰ ਵੀ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵਲੋਂ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਕੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਅਤੇ 11500 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਛੱਡਣ ਬਾਰੇ ਜਾਣਕਾਰੀ ਦਿਤੀ ਸੀ।
ਜਿਸ ਦੀ ਪੁਸ਼ਟੀ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਇੱਕ ਰੁਟੀਨ ਪ੍ਰਕਿਰਿਆ ਹੈ, ਜੋ ਹਰ ਸਾਲ ਹੜ੍ਹ ਦੇ ਮੌਸਮ ਦੌਰਾਨ ਕੀਤੀ ਜਾਂਦੀ ਹੈ ਅਤੇ ਇਸ ਬਾਰੇ ਚਿੰਤਾ ਜਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੀ.ਬੀ.ਐਮ.ਬੀ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਪੌਂਗ ਡੈਮ ਦੇ ਪਾਣੀ ਦੇ ਪੱਧਰ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਇਸ ਵੇਲੇ ਕੋਈ ਐਮਰਜੈਂਸੀ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਪਹਿਲਾਂ ਹੀ ਸਾਰੇ ਜ਼ਰੂਰੀ ਸਾਵਧਾਨੀ ਉਪਾਅ ਕਰ ਲਏ ਹਨ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਉਨ੍ਹਾਂ ਨੂੰ ਨਾ ਫੈਲਾਉਣ।

ਉਨ੍ਹਾਂ ਕਿਹਾ ਕਿ ਦਸੂਹਾ ਅਤੇ ਮੁਕੇਰੀਆਂ ਦੇ ਐਸ.ਡੀ.ਐਮਜ਼ ਨੂੰ ਉਨ੍ਹਾਂ ਪਿੰਡਾਂ ਵਿੱਚ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਪਿਛਲੇ ਸਾਲਾਂ ਵਿੱਚ ਪਾਣੀ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਸੀ। ਇਹ ਕਦਮ ਸਿਰਫ਼ ਸਾਵਧਾਨੀ ਦੇ ਤੌਰ ‘ਤੇ ਚੁੱਕਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜੇਕਰ ਕਿਸੇ ਵੀ ਸਮੇਂ ਕੋਈ ਐਮਰਜੈਂਸੀ ਪੈਦਾ ਹੁੰਦੀ ਹੈ, ਤਾਂ ਰਾਹਤ ਅਤੇ ਬਚਾਅ ਕਾਰਜ, ਸਿਹਤ ਸਹੂਲਤਾਂ, ਭੋਜਨ ਸਪਲਾਈ ਅਤੇ ਹੋਰ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਗਏ ਹਨ। ਸਬੰਧਤ ਵਿਭਾਗਾਂ ਨੂੰ ਪਹਿਲਾਂ ਹੀ ਸੁਚੇਤ ਰਹਿਣ ਅਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
