ਚੰਡੀਗੜ੍ਹ, 17 ਫਰਵਰੀ 2023 – ਪੰਜਾਬ ਦੇ ਮਸ਼ਹੂਰ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ 6 ਅਧਿਕਾਰੀਆਂ ਦੀ ਮਿਲੀਭੁਗਤ ਦੀ ਪੁਸ਼ਟੀ ਹੋਈ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਇਨ੍ਹਾਂ ਵਿੱਚੋਂ 4 ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜਦਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਕੀ ਦੋ ਦੋਸ਼ੀ ਅਫਸਰਾਂ ਖਿਲਾਫ ਕਾਰਵਾਈ ਕਰਨੀ ਹੈ। ਬਰਖਾਸਤ ਕੀਤੇ ਗਏ 4 ਅਧਿਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਹਨ। ਜਦਕਿ ਬਾਕੀ 2 ਅਧਿਕਾਰੀ ਵਿੱਤ ਵਿਭਾਗ ਨਾਲ ਸਬੰਧਤ ਹਨ।
ਗੌਰਤਲਬ ਹੈ ਕਿ ਕਰੋੜਾਂ ਰੁਪਏ ਦੇ ਇਸ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਇਹ ਮਾਮਲਾ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਕੁੱਲ 56 ਕਰੋੜ ਦਾ ਹੈ। ਇਸ ਵਿੱਚੋਂ ਕਰੀਬ 16 ਕਰੋੜ ਰੁਪਏ ਦੀ ਵਸੂਲੀ ਕਰਕੇ ਕਾਲਜਾਂ ਨੂੰ ਦੇ ਦਿੱਤੀ ਗਈ ਸੀ ਪਰ ਕਰੀਬ 39 ਕਰੋੜ ਰੁਪਏ ਦਾ ਅੱਜ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੰਜਾਬ ਦੀ ਸਿਆਸਤ ਵਿੱਚ ਇਸ ਘਪਲੇ ਨੂੰ ਲੈ ਕੇ ਲੰਬੇ ਸਮੇਂ ਤੋਂ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਚੱਲ ਰਿਹਾ ਹੈ।
ਦਰਅਸਲ ਇਹ ਮਾਮਲਾ ਪੰਜਾਬ ਦੇ ਕਾਲਜਾਂ ਨੂੰ ਜਾਰੀ ਹੋਣ ਵਾਲੀ ਕਰੋੜਾਂ ਰੁਪਏ ਦੀ ਗ੍ਰਾਂਟ ਨਾਲ ਸਬੰਧਤ ਹੈ। ਪੰਜਾਬ ਵਿੱਚ ਕਾਂਗਰਸ ਸਰਕਾਰ ਵੇਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਡਿਟ ਤੋਂ ਬਾਅਦ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਸਬੰਧਤ ਵਿਭਾਗ ਨੇ ਇਹ ਰਾਸ਼ੀ ਜਾਰੀ ਕਰਨ ਲਈ ਵਿੱਤ ਵਿਭਾਗ ਦੀ ਪ੍ਰਵਾਨਗੀ ਨਹੀਂ ਲਈ ਸੀ। ਆਪਣੇ ਪੱਧਰ ‘ਤੇ ਆਡਿਟ ਕਰਵਾਉਣ ਤੋਂ ਬਾਅਦ ਵੀ ਇਹ ਰਾਸ਼ੀ ਉਨ੍ਹਾਂ ਕਾਲਜਾਂ ਨੂੰ ਜਾਰੀ ਕਰ ਦਿੱਤੀ ਗਈ, ਜਿਨ੍ਹਾਂ ਨੂੰ ਇਹ ਰਕਮ ਪਹਿਲਾਂ ਹੀ ਗਰਾਂਟ ਦੇ ਰੂਪ ‘ਚ ਦਿੱਤੀ ਜਾ ਚੁੱਕੀ ਸੀ। ਜਦਕਿ ਜਿਨ੍ਹਾਂ ਕਾਲਜਾਂ ਨੂੰ ਗ੍ਰਾਂਟ ਦੀ ਇਹ ਰਾਸ਼ੀ ਜਾਰੀ ਕੀਤੀ ਜਾਣੀ ਸੀ, ਉਨ੍ਹਾਂ ਨੂੰ ਅੱਜ ਤੱਕ ਇਹ ਰਾਸ਼ੀ ਨਹੀਂ ਮਿਲ ਸਕੀ। ਬਹੁਤ ਸਾਰੇ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਇਸ ਨਾਲ ਪ੍ਰਭਾਵਿਤ ਹੋਏ ਹਨ।