ਅੰਮ੍ਰਿਤਸਰ, 3 ਜੂਨ 2022 – ਸਾਕਾ ਨੀਲਾ ਤਾਰਾ ਦੀ ਬਰਸੀ ਨੇੜੇ ਆਉਂਦੇ ਹੀ ਪੰਜਾਬ ਦਾ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ। ਕੁਝ ਕੱਟੜਪੰਥੀ ਤਾਕਤਾਂ ਵੱਲੋਂ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਗੁਰਦਾਸਪੁਰ ਦੇ ਕਲਾਨੌਰ ਇਲਾਕੇ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨ ਦੇ ਪੋਸਟਰ ਲਾਏ ਗਏ ਹਨ। ਦੂਜੇ ਪਾਸੇ ਗਰਮ ਖਿਆਲੀ ਜਥੇਬੰਦੀਆਂ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਕਲਾਨੌਰ ‘ਚ ਕੁਝ ਥਾਵਾਂ ‘ਤੇ ਅਣਪਛਾਤੇ ਵਿਅਕਤੀਆਂ ਨੇ ਖਾਲਿਸਤਾਨ ਦੇ ਪੋਸਟਰ ਲਗਾ ਦਿੱਤੇ ਹਨ। ਜਿਸ ਤੋਂ ਬਾਅਦ ਇਲਾਕੇ ‘ਚ ਤਣਾਅ ਦੀ ਸਥਿਤੀ ਬਣ ਗਈ ਹੈ। ਪੋਸਟਰਾਂ ‘ਤੇ ਜਿੱਥੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ, ਉਥੇ ਹੀ ਇਨ੍ਹਾਂ ਪੋਸਟਰਾਂ ‘ਤੇ ਹਿੰਦੁਸਤਾਨ ਮੁਰਦਾਬਾਦ ਵੀ ਲਿਖਿਆ ਗਿਆ ਹੈ। ਪੋਸਟਰ ‘ਤੇ ਭਿੰਡਰਾਂਵਾਲਾ ਦੇ ਨਾਂ ਤੋਂ ਇਲਾਵਾ ਪੰਜਾਬ ਦਾ ਅਸਲੀ ਹੱਕਦਾਰ ਖਾਲਿਸਤਾਨ ਅਤੇ ਹਿੰਦੁਸਤਾਨ ਮੁਰਦਾਬਾਦ ਛਾਪ ਕੇ ਕੰਧਾਂ ‘ਤੇ ਚਿਪਕਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਕਾ ਨੀਲਾ ਤਾਰਾ ਕਾਰਨ ਅੰਮ੍ਰਿਤਸਰ ਵਿੱਚ ਵੀ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਕੱਟੜਪੰਥੀ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਵਿੱਚ ਕੰਧਾਂ ਅਤੇ ਪਬਲਿਕ ਟਰਾਂਸਪੋਰਟ ’ਤੇ ਪੋਸਟਰ ਲਾਏ ਜਾ ਰਹੇ ਹਨ। ਜਿਸ ‘ਤੇ 5 ਜੂਨ ਨੂੰ ਅੰਮ੍ਰਿਤਸਰ ‘ਚ ਆਜ਼ਾਦੀ ਮਾਰਚ ਦਾ ਐਲਾਨ ਕੀਤਾ ਗਿਆ ਹੈ, ਜਦਕਿ 6 ਜੂਨ ਨੂੰ ਗਰਮਖਿਆਲੀ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਫੈਸਲਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ‘ਚ ਪੁਲਸ ਨੇ ਚੌਕਸੀ ਵਧਾ ਦਿੱਤੀ ਹੈ। ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਨਾਕੇ ਲਗਾ ਦਿੱਤੇ ਗਏ ਹਨ ਅਤੇ ਅੰਮ੍ਰਿਤਸਰ ਨੂੰ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।