ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਜੂਨ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਇਸ ਮੌਕੇ ਸੰਬੋਧਨ ਹੁੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਮੀਰੀ ਪੀਰੀ ਦਾ ਸਿਧਾਂਤ ਬਖਸ਼ ਕੇ ਸਿੱਖ ਕੌਮ ਨੂੰ ਜੁਲਮ ਖਿਲਾਫ ਲੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਆਖਿਆ ਕਿ ਪਹਿਲਾਂ ਜਰਵਾਣੇ ਚੜ੍ਹ ਕੇ ਆਉਂਦੇ ਸਨ ਅਤੇ ਲੋਕਾਂ ਨੂੰ ਮਾਰਦੇ ਕੁੱਟਦੇ ਅਤੇ ਲੁੱਟ ਕੇ ਚਲੇ ਜਾਂਦੇ ਸਨ, ਪ੍ਰੰਤੂ ਕੋਈ ਵੀ ਵਿਰੋਧ ਕਰਨ ਦੀ ਹਿੰਮਤ ਨਹੀਂ ਸੀ ਰੱਖਦਾ। ਪਹਿਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਨੂੰ ਜਾਬਰ ਕਹਿ ਕੇ ਉਸ ਵੱਲੋਂ ਕੀਤੇ ਜੁਲਮ ਦਾ ਵਿਰੋਧ ਕੀਤਾ। ਛੇਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸਿਧਾਂਤਾਂ ਦੀ ਰੌਸ਼ਨੀ ਵਿਚ ਸਿੱਖਾਂ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਲਈ ਮੀਰੀ ਪੀਰੀ ਦੇ ਸਿਧਾਂਤ ਨੂੰ ਅਮਲੀ ਰੂਪ ਵਿਚ ਸਾਕਾਰ ਕੀਤਾ ਅਤੇ ਸ਼ਸਤਰਧਾਰੀ ਹੋਣ ਦਾ ਆਦੇਸ਼ ਦਿੱਤਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੇਰਣਾ ਕੀਤੀ ਕਿ ਸਿੱਖ ਕੌਮ ਸਿੱਖੀ ਦੇ ਇਸ ਮਹੱਤਵਪੂਰਨ ਸਿਧਾਂਤ ’ਤੇ ਪਹਿਰਾ ਦਿੰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਵੇ।

ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸਿੱਖ ਜਗਤ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਅਜ਼ਾਦ ਹੋਂਦ ਹਸਤੀ ਅਤੇ ਇਲਾਹੀ ਜਲੌ ਦਾ ਪ੍ਰਤੀਕ ਹੈ। ਹਰ ਸਿੱਖ ਦਾ ਫ਼ਰਜ਼ ਹੈ ਕਿ ਇਸ ਨੂੰ ਸਮਰਪਿਤ ਹੁੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਿਧਾਂਤਾਂ ’ਤੇ ਪਹਿਰਾ ਦੇਵੇ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸ਼ਾਹਬਾਜ ਸਿੰਘ, ਸ. ਹਰਭਜਨ ਸਿੰਘ ਵਕਤਾ, ਸਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਰਜਿੰਦਰ ਸਿੰਘ ਰੂਬੀ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਸ. ਜਸਬੀਰ ਸਿੰਘ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਹਿੰਗੀ ਹੋਈ CNG, ਨਵੀਆਂ ਦਰਾਂ ਅੱਜ ਤੋਂ ਹੋਈਆਂ ਲਾਗੂ

PSPCL ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਈ.ਟੀ.ਓ.