- ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ – ਪੰਜਾਬ ਸਰਕਾਰ ਹਰ ਵਰਗ ਦੀ ਤਰੱਕੀ ਅਤੇ ਭਲਾਈ ਵਾਸਤੇ ਕਰ ਰਹੀ ਹੈ ਕਾਰਜ
ਪਟਿਆਲਾ, 11 ਫਰਵਰੀ 2025 – ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਆਪ’ ਦੇ ਵਿਧਾਇਕਾਂ ਦਾ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਦੇ ਬਿਆਨ ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਜਵਾ ਨੂੰ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਬਾਰੇ ਸੋਚਣਾ ਚਾਹੀਦਾ ਹੈ।
ਸ. ਬਰਸਟ ਨੇ ਕਿਹਾ ਕਿ ਬਾਜਵਾ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਤਾਂ ਗੱਲ ਕਰਦੇ ਹਨ, ਪਰ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਬਾਜਵਾ ਭੁੱਲ ਗਏ ਹਨ ਕਿ ਦੇਸ਼ ਵਿੱਚ ਜਿੱਥੇ ਵੀ ਚੋਣਾਂ ਹੋਇਆ ਹਨ, ਕਾਂਗਰਸ ਨੂੰ ਮੂੰਹ ਦੀ ਹੀ ਖਾਣੀ ਪਈ ਹੈ ਅਤੇ ਦਿੱਲੀ ਵਿੱਚ ਤਾਂ ਖਾਤਾ ਨਾ ਖੁਲਣ ਦੇ ਬਾਵਜੂਦ ਇਨ੍ਹਾਂ ਦੇ ਆਗੂ ਜਸ਼ਨ ਮਨ੍ਹਾ ਰਹੇ ਸਨ। ਉਨ੍ਹਾਂ ਕਿਹਾ ਕਿ ਬਾਜਵਾ ਬੇਬੁਨਿਆਦ ਬਿਆਨ ਦੇ ਰਹੇ ਹਨ ਅਤੇ ਉਨ੍ਹਾਂ ਦੇ ਦਾਅਵੇ ਕਦੇ ਸੱਚ ਨਹੀਂ ਹੁੰਦੇ। ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਲੰਮੇ ਸਮੇਂ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਕਾਂਗਰਸ ਦੀ ਹਾਲਤ ਅਜਿਹੀ ਹੈ ਕਿ ਉਸ ਨੂੰ ਦਿੱਲੀ ਵਿੱਚ ਇੱਕ ਵੀ ਸੀਟ ਨਹੀਂ ਮਿਲਦੀ, ਜੋ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ।
ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਕਾਰਜ ਕੀਤੇ ਜਾ ਰਹੇ ਹਨ ਅਤੇ ਸੂਬੇ ਨੂੰ ਰੰਗਲਾ ਪੰਜਾਬ – ਖੁਸ਼ਹਾਲ ਪੰਜਾਬ ਬਣਾਉਣ ਵੱਲ ਤੇਜੀ ਨਾਲ ਵਧਿਆ ਜਾ ਰਿਹਾ ਹੈ। ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਪੋਣੇ ਤਿੰਨ ਸਾਲ ਦੇ ਕਾਰਜਕਾਲ ਅੰਦਰ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪਾਰਟੀ ਨੂੰ ਹੋਰ ਮਜਬੂਤ ਬਣਾ ਰਹੇ ਹਨ।