ਚੰਡੀਗੜ੍ਹ, 3 ਫਰਵਰੀ 2021 – ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਕੰਮ ਜੂਨ, 2021 ਤੱਕ ਪੂਰਾ ਕਰਨ ਦੀ ਹਦਾਇਤ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੂੰ ਇਸ ਕਾਰਜ ਸਬੰਧੀ ਪ੍ਰਸ਼ਾਸਕੀ ਪ੍ਰਵਾਨਗੀਆਂ ਦੇਣ ਅਤੇ ਮੈਮੋਰੀਅਲ ਫਾਊਂਡੇਸ਼ਨ ਦੇ ਫੰਡਾਂ ਵਿੱਚੋਂ ਜ਼ਰੂਰੀ ਖਰਚੇ ਕਰਨ ਲਈ ਅਧਿਕਾਰ ਵੀ ਸੌਂਪੇ।
ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ, ਜੋ ਕਿ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਵੀ ਹਨ, ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਿਹਾ ਕਿ ਇਸ ਯਾਦਗਾਰ ਤੱਕ ਜਾਂਦੀ 10 ਫੁੱਟ ਚੌੜੀ ਸੜਕ ਦੇ ਚਾਰ ਕਿਲੋਮੀਟਰ ਦੇ ਹਿੱਸੇ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਤੁਰੰਤ ਹੀ ਆਰੰਭਿਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਇੱਥੇ ਮੱਥਾ ਟੇਕਣ ਵਿੱਚ ਕੋਈ ਔਕੜ ਪੇਸ਼ ਨਾ ਆਵੇ। ਮੁੱਖ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ ਸੁਵਿਧਾ ਵਿੱਚ ਵੀ ਹੋਰ ਵਾਧਾ ਕੀਤਾ ਜਾਵੇ ਤਾਂ ਜੋ ਸਥਾਨਕ ਲੋਕਾਂ ਦੀ ਮੰਗ ਪੂਰੀ ਹੋ ਸਕੇ।
ਇਸ ਦੇ ਨਾਲ ਹੀ ਫਾਊਂਡੇਸ਼ਨ ਵੱਲੋਂ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਡਾਇਰੈਕਟਰ ਨੂੰ ਫਾਊਂਡੇਸ਼ਨ ਦੇ ਰੋਜ਼ਮੱਰਾ ਦੇ ਕੰਮਕਾਜ ਦੀ ਨਿਗਰਾਨੀ ਕਰਨ ਹਿੱਤ ਕਾਰਜਕਾਰੀ ਕਮੇਟੀ ਦੀ ਮੁੱਖ ਕਾਰਜਕਾਰੀ ਅਫਸਰ ਥਾਪਿਆ ਗਿਆ। ਸਰਕਾਰ ਵੱਲੋਂ ਹੁਣ ਤੱਕ ਇਸ ਪ੍ਰਾਜੈਕਟ ‘ਤੇ 58.35 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਪੂਰਾ ਹੋਣ ‘ਤੇ ਇਹ ਲਾਗਤ 104 ਕਰੋੜ ਰੁਪਏ ਹੋ ਜਾਵੇਗੀ। ਇਸ ਪ੍ਰਾਜੈਕਟ ਦੀ ਨੀਂਹ ਪੱਥਰ 3 ਅਪ੍ਰੈਲ, 2016 ਨੂੰ ਰੱਖਿਆ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੀ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਖੁਰਾਲਗੜ ਵਿਖੇ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਫਾਊਂਡੇਸ਼ਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ ਜਿੱਥੇ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਦਾ ਮਗਰਲਾ ਹਿੱਸਾ ਗੁਜ਼ਾਰਦੇ ਹੋਏ ਇੱਥੇ ਭਗਤੀ ਕੀਤੀ। ਇਸ ਅਸਥਾਨ ਨੂੰ ਗੁਰੂ ਜੀ ਦੀ ‘ਤਪੋਸਥਲੀ’ ਕਿਹਾ ਜਾਂਦਾ ਹੈ।
ਮੀਟਿੰਗ ਵਿੱਚ ਸ਼ਾਮਲ ਪਤਵੰਤਿਆਂ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ-ਕਮ-ਫਾਊਂਡੇਸ਼ਨ ਦੇ ਉਪ ਚੇਅਰਮੈਨ ਚਰਨਜੀਤ ਸਿੰਘ ਚੰਨੀ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਚੱਬੇਵਾਲ ਤੋਂ ਵਿਧਾਇਕ ਰਾਜਕੁਮਾਰ, ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ, ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ.ਸਿਨਹਾ ਅਤੇ ਡਾਇਰੈਕਟਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਕੰਵਲਪ੍ਰੀਤ ਕੌਰ ਬਰਾੜ ਸ਼ਾਮਿਲ ਸਨ।