ਚੰਡੀਗੜ੍ਹ, 9 ਮਈ 2025 – ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਵੱਡਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸਾਰੇ ਆਈ.ਏ.ਐਸ. ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਹੋਰ ਅਧਿਕਾਰੀਆਂ ਨੂੰ ਵੀ ਆਪਣਾ ਸਟੇਸ਼ਨ ਨਾ ਛੱਡ ਕੇ ਜਾਣ ਦੀ ਹਦਾਇਤ ਕੀਤੀ ਗਈ ਹੈ।
ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਕੋਈ ਵੀ ਅਧਿਕਾਰੀ ਅਗਲੇ ਹੁਕਮਾਂ ਤੱਕ ਛੁੱਟੀ ਨਹੀਂ ਲਵੇਗਾ ਅਤੇ ਕੋਈ ਵੀ ਅਧਿਕਾਰੀ ਆਪਣੀ ਪੋਸਟਿੰਗ ਦੀ ਥਾਂ ਤੋਂ ਬਾਹਰ ਨਹੀਂ ਜਾਵੇਗਾ। ਦੱਸਣਯੋਗ ਹੈ ਕਿ ਇਸ ਸਮੇਂ ਹਾਲਾਤ ਬੇਹੱਦ ਤਣਾਅਪੂਰਨ ਬਣੇ ਹੋਏ ਹਨ।
ਬੀਤੀ ਰਾਤ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਾਕਿਸਤਾਨ ਵਲੋਂ ਹਮਲੇ ਕੀਤੇ ਗਏ ਸਨ, ਜਿਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਗਿਆ। ਇਸ ਤਰ੍ਹਾਂ ਦੇ ਹਾਲਾਤ ਮਗਰੋਂ ਲੋਕਾਂ ‘ਚ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ।

