ਚੰਡੀਗੜ੍ਹ, 29 ਜੁਲਾਈ 2025 – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਦਿਆਂ 31 ਜੁਲਾਈ (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਛੁੱਟੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ। ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨ ‘ਚ ਦੀ ਛੁੱਟੀ ਰਹੇਗੀ। ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕੰਬੋਜ ਭਾਈਚਾਰੇ ਦੀਆਂ ਮੰਗਾਂ ਪੈਂਡਿੰਗ ਪਈਆਂ ਸਨ, ਜਿਨ੍ਹਾਂ ‘ਚੋਂ ਇਕ ਮੁੱਖ ਮੰਗ ਇਹ ਵੀ ਸੀ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗਜ਼ਟਿਡ ਛੁੱਟੀ ਕੀਤੀ ਜਾਵੇ।
ਇਸ ਮੰਗ ਨੂੰ ਮੁੱਖ ਰੱਖਦਿਆਂ ਹੀ 31 ਜੁਲਾਈ ਨੂੰ ਪੂਰੇ ਸੂਬੇ ‘ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਇਸ ਦੇ ਨਾਲ ਹੀ ਇਕ ਹੋਰ ਅਹਿਮ ਮੰਗ ਵੀ ਪੂਰੀ ਕੀਤੀ ਗਈ ਹੈ। ਇਸ ਤਹਿਤ ਭਵਾਨੀਗੜ੍ਹ, ਭੀਖੀ, ਸੁਨਾਮ, ਕੋਟਸ਼ਮੀਰ ਰੋਡ ਦਾ ਨਾਂ ਸ਼ਹੀਦ ਊਧਮ ਸਿੰਘ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ।
ਇਸ ਦਾ ਅਧਿਕਾਰਿਤ ਤੌਰ ‘ਤੇ ਨਾਮਕਰਨ 31 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਭਵਾਨੀਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਊਧਮ ਸਿੰਘ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਇਸ ਲਈ ਮੁੱਖ ਮੰਤਰੀ ਮਾਨ ਵਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ।

