ਚੰਡੀਗੜ੍ਹ, 25 ਸਤੰਬਰ 2022 – ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਤਿਉਹਾਰਾਂ ਦੇ ਸੀਜ਼ਨ ਵਿਚ ਮਿਲਾਵਟਖੋਰ ਸਰਗਰਮ ਹੋ ਜਾਂਦੇ ਹਨ। ਇਨ੍ਹਾਂ ‘ਤੇ ਸ਼ਿਕੰਜਾ ਕੱਸਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮਿਲਾਵਟੀ ਅਤੇ ਘਟੀਆ ਖੁਰਾਕੀ ਵਸਤਾਂ ਵੇਚਣ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਣ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ।
ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲੇ ਵਿਕਰੇਤਾਵਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਗਲਤ ਜਾਂ ਅਖਾਣਯੋਗ ਵਸਤੂ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕੀਤਾ ਜਾ ਸਕੇ।
ਸਿਹਤ ਮੰਤਰੀ ਨੇ ਦੱਸਿਆ ਕਿ ਇਸ ਨੂੰ ਧਿਆਨ ਵਿੱਚ ਰੱਖਦਿਆਂ ਫੂਡ ਸੇਫਟੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਉਹ ਹੋਰਨਾਂ ਜ਼ਿਲ੍ਹਿਆਂ ਵਿੱਚ ਜਾ ਕੇ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਦੀ ਚੈਕਿੰਗ ਕਰ ਸਕਣ। ਜੇਕਰ ਕੋਈ ਘਟੀਆ ਅਤੇ ਮਿਲਾਵਟੀ ਭੋਜਨ ਵੇਚਦਾ ਹੈ ਤਾਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਤਹਿਤ ਜੁਰਮਾਨਾ ਵਸੂਲਿਆ ਜਾਵੇਗਾ। ਜੇਕਰ ਕੋਈ ਨਮੂਨਾ ਮਿਲਾਵਟੀ ਪਾਇਆ ਜਾਂਦਾ ਹੈ ਤਾਂ ਮਾਨਯੋਗ ਨਿਆਂਇਕ ਅਦਾਲਤ ਵਿੱਚ ਕੇਸ ਦਰਜ ਕੀਤਾ ਜਾਂਦਾ ਹੈ।
ਜੌੜੇਮਾਜਰਾ ਨੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦੇ ਫੂਡ ਸੇਫਟੀ ਵਿੰਗ ਵੱਲੋਂ ਵਿੱਢੀ ਗਈ ਇਸ ਮੁਹਿੰਮ ਬਾਰੇ ਦੱਸਦਿਆਂ ਕਿਹਾ ਕਿ ਇਸ ਵਿੰਗ ਦਾ ਉਦੇਸ਼ ‘ਜੇਕਰ ਇਹ ਸੁਰੱਖਿਅਤ ਨਹੀਂ, ਇਹ ਭੋਜਨ ਨਹੀਂ’ ਦੇ ਨਾਅਰੇ ਹੇਠ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਰਜਿਸਟ੍ਰੇਸ਼ਨ ਅਤੇ ਲਾਇਸੈਂਸ ਲੈਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਫੂਡ ਬਿਜ਼ਨਸ ਸੰਚਾਲਕਾਂ ਨੂੰ ਕੁੱਲ 165783 ਲਾਇਸੈਂਸ ਅਤੇ ਰਜਿਸਟ੍ਰੇਸ਼ਨ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦੁੱਧ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਅਗਸਤ 2022 ਦੌਰਾਨ ਵਿਭਾਗ ਵੱਲੋਂ ਕੁੱਲ 1016 ਸੈਂਪਲ ਭਰੇ ਗਏ, ਜਿਨ੍ਹਾਂ ਵਿੱਚੋਂ ਦੁੱਧ ਦੇ ਕੁੱਲ 676 ਸੈਂਪਲ ਲਏ ਗਏ। ਜਿਨ੍ਹਾਂ ਵਿੱਚੋਂ 278 ਦੁੱਧ ਦੇ ਸੈਂਪਲ ਫੇਲ੍ਹ ਪਾਏ ਗਏ।
ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਦੀ ਜਾਂਚ ਲਈ ਪੰਜਾਬ ਭਰ ਵਿੱਚ ਕੁੱਲ 7 ਮੋਬਾਈਲ ਫੂਡ ਸੇਫਟੀ ਵੈਨਾਂ ਤਾਇਨਾਤ ਕੀਤੀਆਂ ਗਈਆਂ ਹਨ। FSSAI ਨੇ ਇਹ ਪ੍ਰੋਗਰਾਮ ‘ਫੂਡ ਸੇਫਟੀ ਆਫ ਵ੍ਹੀਲਜ਼’ ਤਹਿਤ ਸ਼ੁਰੂ ਕੀਤਾ ਹੈ। ਇਹ ਵੈਨਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਗਰੂਕਤਾ, ਭੋਜਨ ਸੁਰੱਖਿਆ ਸਿਖਲਾਈ, ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਦੀਆਂ ਹਨ। ਉਨ੍ਹਾਂ ਕੋਲ ਭੋਜਨ ਦੀ ਜਾਂਚ ਦਾ ਪੂਰਾ ਸਿਸਟਮ ਹੈ ਅਤੇ ਮੌਕੇ ‘ਤੇ ਹੀ ਰਿਪੋਰਟ ਦਿੱਤੀ ਜਾਂਦੀ ਹੈ।
ਇਸ ਤੋਂ ਇਲਾਵਾ ਵਿਭਾਗ ਨੇ ਸਬਜ਼ੀ ਮੰਡੀਆਂ ਦੀ ਚੈਕਿੰਗ ਕੀਤੀ ਅਤੇ ਅਦਰਕ ਦੀ ਚਮਕ ਵਧਾਉਣ ਲਈ ਗੈਰ-ਕੁਦਰਤੀ ਤੌਰ ‘ਤੇ ਫਲਾਂ ਨੂੰ ਪਕਾਉਣ ਲਈ ਵਰਤੇ ਜਾਣ ਵਾਲੇ ਕੈਲਸ਼ੀਅਮ ਕਾਰਬਾਈਡ ਅਤੇ ਤੇਜ਼ਾਬ ਨਾਲ ਧੋਣ ‘ਤੇ ਪਾਬੰਦੀ ਲਗਾਈ ਗਈ।