ਦਿੱਲੀ ਜਿੱਤਕੇ ਘਰਾਂ ਨੂੰ ਮੁੜ ਰਹੇ ਕਿਸਾਨਾਂ ਦਾ ਪੰਜਾਬ ‘ਚ ਆਉਣ ‘ਤੇ ਸਵਾਗਤ ਕੀਤਾ ਜਾਵੇਗਾ

ਮੁੱਖ ਮੰਤਰੀ ਚਰਨਜਿੱਤ ਸਿੰਘ ਚੰਨੀ ਨੇ ਮਾਨਸਾ ਵਿਖੇ ਵੱਡੀ ਸਟੇਜ ਨੂੰ ਸੰਬੋਧਨ ਕਰਦਿਆਂ ਹੋਰ ਵੱਡੇ ਐਲਾਨ ਕੀਤੇ ਪਰ ਇਹ ਐਲਾਨ ਪੂਰੇ ਕਦੋਂ ਹੋਣਗੇ ਇਹਨਾਂ ਬਾਰੇ ਕੋਈ ਨਹੀਂ ਜਾਣਦਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਹੱਦਾਂ ਤੋਂ ਜਿੱਤ ਕੇ ਮੁੜਨ `ਤੇ ਕਿਸਾਨਾਂ ਦਾ ਸਵਾਗਤ ਕਰੇਗੀ। ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਜਿੱਤ ਹੈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਬੇਮਿਸਾਲ ਏਕਤਾ ਨੇ ਮੋਦੀ ਸਰਕਾਰ ਨੂੰ ਕਾਲੇ ਬਿੱਲ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ। CM ਚੰਨੀ ਨੇ ਕਿਹਾ ਕਿ ਕਰੀਬ ਇੱਕ ਸਾਲ ਤੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਬਾਵਜੂਦ ਭਾਜਪਾ ਆਗੂ ਹੁਣ ਕਿਸਾਨਾਂ ਦੀ ਜਿੱਤ ਤੋਂ ਸਿਆਸੀ ਲਾਹਾ ਲੈਣ ਦੀ ਫ਼ਿਰਾਕ ਵਿੱਚ ਹਨ ਅਤੇ ਇਸ ਨੂੰ ਪੰਜਾਬ ਵਿੱਚ ਚੋਣ ਕਾਰਡ ਵਜੋਂ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂਆਂ ਨੂੰ ਇਸ ਮਹੱਤਵਪੂਰਨ ਮੁੱਦੇ `ਤੇ ਸਿਆਸਤ ਕਰਨ ਤੋਂ ਸੁਚੇਤ ਰਹਿਣ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਅਤੇ ਲੋਕ ਇੱਕ ਸਾਲ ਤੋਂ ਵੱਧ ਸਮੇਂ ਤੋਂ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਲੈਣ ਵਾਲੀ ਮੋਦੀ ਸਰਕਾਰ ਅਤੇ ਇਸ ਦੇ ਆਗੂਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਇਹ ਕੋਈ ਆਸਾਨ ਜਿੱਤ ਨਹੀਂ ਸੀ ਕਿਉਂਕਿ ਉਨ੍ਹਾਂ ਨੂੰ ਮੋਦੀ ਸਰਕਾਰ ਦੇ ਹੰਕਾਰ ਦੀ ਭਾਰੀ ਕੀਮਤ ਚੁਕਾਉਣੀ ਪਈ ਕਿਉਂਕਿ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ੇ ਵਜੋਂ 17,000 ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਲਈ 10 ਫੀਸਦੀ ਵਾਧੂ ਰਾਸ਼ੀ ਮਨਜ਼ੂਰ ਕੀਤੀ ਹੈ, ਜਿਸ ਵਿੱਚੋਂ 12,000 ਰੁਪਏ ਪ੍ਰਤੀ ਏਕੜ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਜਾ ਚੁੱਕੇ ਹਨ ਅਤੇ ਬਾਕੀ 5,000 ਰੁਪਏ ਪ੍ਰਤੀ ਏਕੜ ਇੱਕ ਹਫ਼ਤੇ ਵਿੱਚ ਭੇਜ ਦਿੱਤੇ ਜਾਣਗੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਅਤੇ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਮੁਆਵਜ਼ੇ ਦੀ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

‘ਆਪ’ ਨੂੰ ਠੱਗਾਂ ਅਤੇ ਲੁਟੇਰਿਆਂ ਦੀ ਪਾਰਟੀ ਕਰਾਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ‘ਖਾਸ ਪਾਰਟੀ’ ਦੇ ਗੈਰ-ਪੰਜਾਬੀ ਲੋਕ ਆਪਣੇ ਚੋਣ ਮਨੋਰਥ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੰਜਾਬੀ ਇਸ ਤੋਂ ਵਾਕਫ਼ ਹਨ ਅਤੇ ਇਨ੍ਹਾਂ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਹਰ ਪਾਸੇ ‘ਬਾਹਰੀਆਂ’ ਦੇ ਪੋਸਟਰ ਲਗਾ ਕੇ ਪੰਜਾਬ ‘ਤੇ ਕਬਜ਼ਾ ਕਰਨ ਦਾ ਉਨ੍ਹਾਂ ਦਾ ਸੁਪਨਾ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗਾ ਕਿਉਂਕਿ ਪੰਜਾਬ ਵਾਸੀ ਇਨ੍ਹਾਂ ਕਾਲੇ ਦਿਲਾਂ ਵਾਲੇ ਕਾਲੇ ਅੰਗਰੇਜ਼ਾਂ ਨੂੰ ਪੰਜਾਬ ਤੋਂ ਬਾਹਰ ਸੁੱਟ ਦੇਣਗੇ। ਉਨ੍ਹਾਂ ਕਿਹਾ ਕਿ ‘ਆਪ’ ਦੇ ਇਹ ‘ਬਾਹਰਲੇ’ ਪੰਜਾਬ ਦੇ ਕਿਸੇ ਵੀ ਆਗੂ ਨੂੰ ਆਪਣੇ ਪੋਸਟਰਾਂ ਅਤੇ ਹੋਰਡਿੰਗਾਂ ‘ਤੇ ਵੀ ਥਾਂ ਨਹੀਂ ਦੇ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਲੁਕਵੇਂ ਏਜੰਡੇ ਦੀ ਪੋਲ ਖੁੱਲ੍ਹ ਗਈ ਹੈ।

ਇਸ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਖੁੱਲ੍ਹ ਦਿੱਤੀ ਸੀ ਪਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਹੁਣ ਸਾਡਾ ਕੈਪਟਨ ਬਦਲ ਗਿਆ ਹੈ ਅਤੇ ਸਾਡੇ ਨਵੇਂ ਮੁੱਖ ਮੰਤਰੀ ਚੰਨੀ ਨੇ ਕੁਝ ਮਹੀਨਿਆਂ ਦੇ ਅੰਦਰ-ਅੰਦਰ ਵਾਅਦਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਹਨ। ਕਈ ਵਾਅਦੇ ਜਿਵੇਂ ਕਿ ਬਿਜਲੀ ਦੀਆਂ ਸਸਤੀਆਂ ਦਰਾਂ, ਪਾਣੀ ਅਤੇ ਬਿਜਲੀ ਦੇ ਬਿੱਲਾਂ ਨੂੰ ਮੁਆਫ ਕਰਨਾ ਅਤੇ ਰੇਤਾ-ਬੱਜਰੀ ਦੇ ਰੇਟਾਂ ਨੂੰ ਘਟਾਉਣਾ ਸਿਰਫ 70 ਦਿਨਾਂ ਵਿੱਚ ਪੂਰਾ ਕਰ ਦਿੱਤਾ ਗਿਆ ਹੈ।

ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਅਤੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਮੁੱਖ ਮੰਤਰੀ ਚੰਨੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਮਾਨਸਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗਰਾਂਟਾਂ ਮਨਜ਼ੂਰ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਜੈਤੋ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਅਤੇ ਨਾਭਾ ਤੋਂ ਅਕਾਲੀ ਆਗੂ ਮੱਖਣ ਸਿੰਘ ਲਾਲਕਾ ਦਾ ਵੀ ਪਾਰਟੀ ਵਿੱਚ ਸਵਾਗਤ ਕੀਤਾ। ਮੁੱਖ ਮੰਤਰੀ ਨੇ ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟ ਦੇ ਸਨਦ ਵੀ ਵੰਡੇ। ਮਾਨਸਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਮਾਨਸਾ ਦੇ ਹਰੇਕ ਹਲਕੇ ਲਈ 15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਭਿੱਖੀ ਕਸਬੇ ਨੂੰ ਸਬ-ਡਿਵੀਜ਼ਨ ਦਾ ਦਰਜਾ ਦੇਣ ਅਤੇ ਸਿਵਲ ਹਸਪਤਾਲ ਮਾਨਸਾ ਨੂੰ ਅਪਗ੍ਰੇਡ ਕਰਨ, ਸੀਵਰੇਜ ਪ੍ਰੋਜੈਕਟ ਅਤੇ ਸਥਾਨਕ ਸਰਕਾਰੀ ਕਾਲਜ ਵਿੱਚ ਪੋਸਟ ਗ੍ਰੈਜੂਏਟ ਕੋਰਸ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

300 ਸਾਲਾਂ ਤੋਂ ਟੁੱਟੀਆਂ ਗੰਢਾਂ ਇਸੇ ਕਿਸਾਨੀ ਸੰਘਰਸ਼ ਕਾਰਨ ਜੁੜੀਆਂ : ਰਾਕੇਸ਼ ਟਿਕੈਤ

ਕਿਸਾਨੀ ਸੰਘਰਸ਼ ‘ਚ ਸ਼ਹੀਦ ਹੋਏ 11 ਹੋਰ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੀ ਸਰਕਾਰੀ ਨੌਕਰੀ