- ਪਟਿਆਲਾ ਦੇ ਡੀਸੀ ਨੇ ਡਰੋਨ ਰਾਹੀਂ ਅੱਥਰੂ ਗੈਸ ਛੱਡਣ ‘ਤੇ ਕੀਤਾ ਇਤਰਾਜ਼
- ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਲਿਖਿਆ- ਪੰਜਾਬ ਸਰਹੱਦ ‘ਤੇ ਨਾ ਉਡਾਓ ਡਰੋਨ
ਪਟਿਆਲਾ, 14 ਫਰਵਰੀ 2024 – ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਸ਼ੰਭੂ ਸਰਹੱਦ ‘ਤੇ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨਾਂ ਦੀ ਵਰਤੋਂ ਨੂੰ ਲੈ ਕੇ ਆਹਮੋ-ਸਾਹਮਣੇ ਹਨ। ਪਟਿਆਲਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਦੀ ਸਰਹੱਦ ਵਿੱਚ ਡਰੋਨਾਂ ਦੇ ਦਾਖ਼ਲੇ ‘ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਅੰਬਾਲਾ ਦੇ ਡੀਸੀ ਅਤੇ ਐਸਪੀ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ ’ਤੇ ਪੰਜਾਬ ਸਰਹੱਦ ਵਿੱਚ ਡਰੋਨ ਨਾ ਉਡਾਏ ਜਾਣ।
ਨਿਊਜ਼ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ ਪਾਰੇ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਤਰਾਜ਼ ਤੋਂ ਬਾਅਦ ਹਰਿਆਣਾ ਪੁਲਿਸ ਨੇ ਪੰਜਾਬ ਸਰਹੱਦ ‘ਤੇ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਦਾਗਣੇ ਬੰਦ ਕਰ ਦਿੱਤੇ ਹਨ।
ਮੰਗਲਵਾਰ ਨੂੰ ਜਦੋਂ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕੀਤਾ ਤਾਂ ਸਰਹੱਦ ‘ਤੇ ਹਰਿਆਣਾ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਉਸੇ ਸਮੇਂ, ਸ਼ੰਭੂ ਸਰਹੱਦ ‘ਤੇ, ਹਰਿਆਣਾ ਪੁਲਿਸ ਦੇ ਜਵਾਨਾਂ ਨੇ ਕਿਸਾਨਾਂ ‘ਤੇ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਦੋਂ ਉਨ੍ਹਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ।
ਹਾਲਾਂਕਿ, ਹਰਿਆਣਾ ਪੁਲਿਸ ਨੇ ਕਿਹਾ ਕਿ ਜਦੋਂ ਜਵਾਨਾਂ ‘ਤੇ ਪਥਰਾਅ ਕੀਤਾ ਗਿਆ, ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਗਈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ ‘ਤੇ ਕਾਨੂੰਨ ਸਮੇਤ ਆਪਣੀਆਂ ਮੰਗਾਂ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ‘ਦਿੱਲੀ ਚਲੋ’ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਹਾਲਾਂਕਿ ਕਿਸਾਨ ਅਜੇ ਵੀ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ।
ਹਰਿਆਣਾ ਦੀ ਸਰਹੱਦ ਪਾਰ ਕਰਦੇ ਹੋਏ ਜ਼ਖਮੀ ਹੋਏ ਕਿਸਾਨਾਂ ਨੂੰ ਇਲਾਜ ਲਈ ਪੰਜਾਬ ਦੇ ਕਈ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਫੈਸਲਾ ਕੀਤਾ ਹੈ। ਹਸਪਤਾਲਾਂ ਨੂੰ ਸਾਰੇ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਖੁਦ ਹਸਪਤਾਲਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਮੁਲਾਕਾਤ ਕਰ ਰਹੇ ਹਨ।