350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

  • ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ
  • ਕੈਬਨਿਟ ਮੰਤਰੀਆਂ ਨੇ 25 ਅਕਤੂਬਰ ਤੋਂ 25 ਨਵੰਬਰ ਤੱਕ ਉਲੀਕੇ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਸਮਾਗਮਾਂ ਦੀ ਵਿਸਥਾਰਤ ਜਾਣਕਾਰੀ ਕੀਤੀ ਸਾਂਝੀ
  • ਸਿੱਧਾਰਮੱਈਆ ਵੱਲੋਂ ਗੁਰੂ ਸਾਹਿਬ ਵੱਲੋਂ ਦਰਸਾਏ ਏਕਤਾ ਅਤੇ ਕੁਰਬਾਨੀ ਦੇ ਸਦੀਵੀ ਸੰਦੇਸ਼ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ:

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ।

ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਅਰੰਭ ਹੋਣਗੇ ਅਤੇ ਉਸੇ ਸ਼ਾਮ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ 1 ਤੋਂ 18 ਨਵੰਬਰ ਤੱਕ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏਗੀ, ਜਦੋਂ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 130 ਅਸਥਾਨਾਂ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਚਾਰ ਨਗਰ ਕੀਰਤਨ ਵੱਖ-ਵੱਖ ਥਾਵਾਂ ਜਿਵੇਂ ਸ੍ਰੀਨਗਰ (ਜੰਮੂ ਤੇ ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣਗੇ ਅਤੇ ਸਾਰੇ ਨਗਰ ਕੀਰਤਨ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਣਗੇ। ਮੁੱਖ ਸ਼ਹੀਦੀ ਸਮਾਗਮ 23 ਤੋਂ 25 ਨਵੰਬਰ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇੱਕ ਟੈਂਟ ਸਿਟੀ (ਚੱਕ ਨਾਨਕੀ) ਦਾ ਬੰਦੋਬਸਤ ਕੀਤਾ ਜਾਵੇਗਾ, ਜਿੱਥੇ ਪ੍ਰਤੀ ਦਿਨ 11,000 ਤੋਂ ਵੱਧ ਲੋਕਾਂ ਦੇ ਰਹਿਣ ਦੀ ਸਹੂਲਤ ਹੋਵੇਗੀ। ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ, ਭਾਈ ਜੈਤਾ ਜੀ ਯਾਦਗਾਰ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ‘ਤੇ ਆਧਾਰਤ ਡਰੋਨ ਸ਼ੋਅ ਅਤੇ ਪ੍ਰਸਿੱਧ ਰਾਗੀਆਂ ਦੇ ਕੀਰਤਨ ਦਰਬਾਰ ਸ਼ਾਮਲ ਹਨ।

ਕੈਬਨਿਟ ਮੰਤਰੀਆਂ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਅਧਿਆਤਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਕਈ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਜਿਵੇਂ ਖ਼ੂਨਦਾਨ ਕੈਂਪ, ਅੰਗਦਾਨ ਮੁਹਿੰਮ ਅਤੇ 3.50 ਲੱਖ ਪੌਦੇ ਲਗਾਉਣ ਸਬੰਧੀ ਮੈਗਾ ਮੁਹਿੰਮ ਵੀ ਕਰਵਾਈ ਜਾਵੇਗੀ।

ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੇ ਕਿਹਾ ਕਿ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਦੇਸ਼ ਦੀਆਂ ਪੀੜ੍ਹੀਆਂ ਨੂੰ ਬਰਾਬਰੀ, ਸਹਿਣਸ਼ੀਲਤਾ ਅਤੇ ਸਵੈ-ਬਲੀਦਾਨ ਦੇ ਸੰਦੇਸ਼ ਦੇ ਕੇ ਨਿਰੰਤਰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਇੰਨੇ ਵੱਡੇ ਪੱਧਰ ‘ਤੇ ਯਾਦਗਾਰੀ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫ਼ਰੀਦਕੋਟ ਦੀ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਆਗੂਆਂ ਨਾਲ ਮੀਟਿੰਗ, ਪੜ੍ਹੋ ਕੀ ਹੈ ਮਾਮਲਾ

ਐਲਾਨੇ ਸਮੇਂ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਕਾਇਮ ਕੀਤੀ ਮਿਸਾਲ: ਅਮਨ ਅਰੋੜਾ