- ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਉਦੇਸ਼ ਨਾਲ ਲਿਆ ਫੈਸਲਾ
- ਮਾਲ ਵਿਭਾਗ ਵਿਚ ਪਟਵਾਰੀਆਂ ਦੀਆਂ 710 ਅਸਾਮੀਆਂ ਭਰਨ ਦੀ ਪ੍ਰਵਾਨਗੀ
ਚੰਡੀਗੜ੍ਹ, 13 ਦਸੰਬਰ 2022 – ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਆਉਂਦੇ ਚਾਰ ਸਾਲਾਂ ਵਿਚ 1200 ਸਬ-ਇੰਸਪੈਕਟਰਾਂ ਅਤੇ 7200 ਕਾਂਸਟੇਬਲਾਂ ਸਮੇਤ 8400 ਪੁਲੀਸ ਮੁਲਾਜ਼ਮਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਗਲੇ ਚਾਰ ਸਾਲਾਂ ਵਿਚ ਹਰੇਕ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਆਉਂਦੇ ਸਾਲਾਂ ਵਿਚ ਪੁਲੀਸ ਮੁਲਾਜ਼ਮਾਂ ਦੇ ਸੇਵਾ-ਮੁਕਤ ਨਾਲ ਖਾਲੀ ਹੋਣ ਵਾਲੀਆਂ ਅਸਾਮੀਆਂ ਨੂੰ ਭਰਿਆ ਜਾ ਸਕੇ। ਬੁਲਾਰੇ ਮੁਤਾਬਕ ਹਰੇਕ ਸਾਲ 2100 ਅਸਾਮੀਆਂ ਲਈ ਤਕਰੀਬਨ ਢਾਈ ਲੱਖ ਉਮੀਦਵਾਰਾਂ ਦੇ ਅਪਲਾਈ ਕਰਨ ਦੀ ਉਮੀਦ ਹੈ। ਇਹ ਸਾਰੇ ਉਮੀਦਵਾਰ ਲਿਖਤੀ ਪ੍ਰੀਖਿਆ ਪਾਸ ਕਰਨ ਦੇ ਨਾਲ-ਨਾਲ ਆਪਣੀ ਸਰੀਰਕ ਤੰਦਰੁਸਤੀ ਦੇ ਇਮਤਿਹਾਨ ਵਿੱਚੋਂ ਵੀ ਗੁਜ਼ਰਨਗੇ। ਭਰਤੀ ਪ੍ਰਕਿਰਿਆ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਾਕਾਰਤਮਕ ਪਾਸੇ ਲਾਇਆ ਜਾਵੇਗਾ ਅਤੇ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰੱਖਣ ਵਿਚ ਮਦਦ ਮਿਲੇਗੀ।
ਇਸੇ ਤਰ੍ਹਾਂ ਇਹ ਭਰਤੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜੇਗੀ। ਬੁਲਾਰੇ ਮੁਤਾਬਕ ਭਰਤੀ ਸਬੰਧੀ ਇਸ਼ਤਿਹਾਰ, ਇਮਤਿਹਾਨ ਕਰਵਾਉਣ ਅਤੇ ਨਤੀਜਿਆਂ ਦੇ ਐਲਾਨ ਲਈ ਤੈਅ ਪ੍ਰਕਿਰਿਆ ਹੋਵੇਗੀ। ਇਸ ਪ੍ਰਕਿਰਿਆ ਦੇ ਤਹਿਤ ਜਨਵਰੀ ਮਹੀਨੇ ਵਿਚ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ ਅਤੇ ਲਿਖਤੀ ਪ੍ਰੀਖਿਆ ਮਈ-ਜੂਨ ਮਹੀਨੇ ਕਰਵਾਈ ਜਾਵੇਗੀ। ਇਸੇ ਤਰ੍ਹਾਂ ਸਤੰਬਰ ਮਹੀਨੇ ਵਿਚ ਫਿਜ਼ੀਕਲ ਟੈਸਟ ਹੋਵੇਗਾ ਅਤੇ ਨਵੰਬਰ ਵਿਚ ਨਤੀਜਾ ਐਲਾਨਿਆ ਜਾਵੇਗਾ।
![](https://thekhabarsaar.com/wp-content/uploads/2022/09/future-maker-3.jpeg)
ਮਾਲ ਵਿਭਾਗ ਵਿਚ ਪਟਵਾਰੀਆਂ ਦੀਆਂ 710 ਅਸਾਮੀਆਂ ਭਰਨ ਦੀ ਪ੍ਰਵਾਨਗੀ
ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਵਿਭਾਗ ਵਿਚ ਮਾਲ ਪਟਵਾਰੀਆਂ ਦੀ 710 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਆਮ ਲੋਕਾਂ ਨੂੰ ਇਹ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣ।
ਐਨ.ਸੀ.ਸੀ. ਦੇ ਕੰਮਕਾਜ ਲਈ ਪੈਸਕੋ ਰਾਹੀਂ 203 ਮੁਲਾਜ਼ਮ ਨਿਯੁਕਤ ਕਰਨ ਦੀ ਪ੍ਰਵਾਨਗੀ
ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ.) ਦੀਆਂ ਗਤੀਵਿਧੀਆਂ ਸੁਚਾਰੂ ਢੰਗ ਨਾਲ ਚਲਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਨੂੰ ਐਨ.ਸੀ.ਸੀ., ਮੁੱਖ ਦਫਤਰ, ਯੂਨਿਟਾਂ ਤੇ ਕੇਂਦਰਾਂ ਲਈ ਪੈਸਕੋ ਰਾਹੀਂ ਆਊਟਸੋਰਸਿੰਗ ਤਹਿਤ 203 ਮੁਲਾਜਮ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਐਨ.ਸੀ.ਸੀ. ਯੂਨਿਟਾਂ ਵਿਚ ਰੈਗੂਲਰ ਭਰਤੀ ਹੋਣ ਤੱਕ ਮਨੁੱਖੀ ਸ਼ਕਤੀ ਦੀ ਗੰਭੀਰ ਘਾਟ ਦੇ ਮੁੱਦੇ ਨੂੰ ਫੌਰੀ ਤੌਰ ਉਤੇ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗਾ। ਇਸ ਨਾਲ ਐਨ.ਸੀ.ਸੀ. ਯੂਨਿਟਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਵਿਚ ਹੋਰ ਮਦਦ ਮਿਲੇਗੀ ਜਿਸ ਨਾਲ ਐਨ.ਸੀ.ਸੀ. ਕੈਡਿਟਾਂ ਦੇ ਰੂਪ ਵਿਚ ਵਿਦਿਆਰਥੀਆਂ ਦੇ ਦਾਖਲਿਆਂ ਵਿਚ ਵਾਧਾ ਹੋਵੇਗਾ।
![](https://thekhabarsaar.com/wp-content/uploads/2020/12/future-maker-3.jpeg)