ਚੰਡੀਗੜ੍ਹ, 24 ਜੁਲਾਈ 2025 : ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬਣੇ ਕਾਨੂੰਨ ਸਬੰਧੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਹੁਣ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਬਾਰੇ ਸਿਲੈਕਟ ਕਮੇਟੀ ਦੀ ਪਹਿਲੀ ਮੀਟਿੰਗ ਅੱਜ 24 ਜੁਲਾਈ ਨੂੰ ਹੋਣ ਜਾ ਰਹੀ ਹੈ।
ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਇਸਦੀ ਅਗਵਾਈ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਕਰਨਗੇ। ਇਸ ਕਮੇਟੀ ਦਾ ਮੁੱਖ ਉਦੇਸ਼ ਬੇਅਦਬੀ ਕਾਨੂੰਨ ਬਾਰੇ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਨਾ ਹੈ। ਇਹ ਸਿਲੈਕਟ ਕਮੇਟੀ 6 ਮਹੀਨਿਆਂ ਵਿੱਚ ਬੇਅਦਬੀ ਕਾਨੂੰਨ ‘ਤੇ ਰਿਪੋਰਟ ਪੇਸ਼ ਕਰੇਗੀ। ਜਿਸਨੂੰ ਬਾਅਦ ‘ਚ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਗਠਿਤ ਕੀਤੀ ਸੀ।

ਇਸ ਕਮੇਟੀ ‘ਚ ਡਾ. ਇੰਦਰਬੀਰ ਸਿੰਘ ਨਿੱਜਰ (ਚੇਅਰਮੈਨ), ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਨੀਨਾ ਮਿੱਤਲ, ਪ੍ਰੋ. ਬਲਜਿੰਦਰ ਕੌਰ, ਪ੍ਰਿੰਸੀਪਲ ਬੁੱਧ ਰਾਮ, ਬ੍ਰਮ ਸ਼ੰਕਰ ਜਿੰਪਾ, ਬਲਵਿੰਦਰ ਸਿੰਘ ਧਾਲੀਵਾਲ, ਮਦਨ ਲਾਲ ਬੱਗਾ, ਮਨਪ੍ਰੀਤ ਸਿੰਘ ਇਆਲੀ, ਮੁਹੰਮਦ ਜ਼ਮੀਲ ਉਰ ਰਹਿਮਾਨ, ਡਾ. ਅਜੇ ਗੁਪਤਾ, ਡਾ. ਅਮਨਦੀਪ ਕੌਰ ਅਰੋੜਾ, ਇੰਦਰਜੀਤ ਕੌਰ ਮਾਨ, ਜਗਦੀਪ ਕੰਬੋਜ਼, ਜੰਗੀ ਲਾਲ ਮਹਾਜਨ ਸ਼ਾਮਿਲ ਹਨ।
