- ਉਹਨਾਂ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਚੰਨੀ ਨੂੰ ਦਬਾਉਣਾ ਚਾਹੁੰਦੀਆਂ ਹਨ
ਚੰਡੀਗੜ੍ਹ, 5 ਫਰਵਰੀ 2022 – ਪੰਜਾਬ ਦੇ ਕਾਂਗਰਸੀ ਵਰਕਰਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਜੀ 6 ਫਰਵਰੀ ਨੂੰ ਲੁਧਿਆਣਾ ਵਿੱਚ ਇੱਕ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਹੈੱਡ ਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।
ਹਰੀਸ਼ ਚੌਧਰੀ ਨੇ ਖੁਲਾਸਾ ਕੀਤਾ ਕਿ ਕਾਂਗਰਸ ਪਾਰਟੀ 100 ਸਾਲ ਤੋਂ ਵੀ ਵੱਧ ਪੁਰਾਣੀ ਪਾਰਟੀ ਹੈ ਅਤੇ ਲੋਕਾਂ ਅਤੇ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ 6 ਫਰਵਰੀ ਨੂੰ ਲੁਧਿਆਣਾ ਵਿਖੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ, ਜਿਸ ਦੌਰਾਨ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਵੀ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੇ ਉਮੀਦਵਾਰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਾਰਟੀ ਵਰਕਰਾਂ ਅਤੇ ਲੋਕਾਂ ਦੀ ਨਿਸ਼ਚਿਤ ਗਿਣਤੀ ਨੂੰ ਵਰਚੁਅਲ ਰੈਲੀ ਨਾਲ ਜੋੜਨਗੇ।
ਇਸ ਦੌਰਾਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਈਡੀ ਵੱਲੋਂ ਕੀਤੀ ਗਈ ਕਾਰਵਾਈ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ’ਤੇ ਦਬਾਅ ਬਣਾਉਣ ਲਈ ਕੇਂਦਰ ਵੱਲੋਂ ਪਿਛਲੇ ਸਮੇਂ ਵਿੱਚ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਇਸ ਲਈ ਉਨ੍ਹਾਂ ਨੇ ਤਾਮਿਲਨਾਡੂ ਵਿੱਚ ਸਟਾਲਿਨ, ਪੱਛਮ ਬੰਗਾਲ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਮਹਾਰਾਸ਼ਟਰ ਵਿੱਚ ਅਜੀਤ ਪਵਾਰ ਦੇ ਪਰਿਵਾਰ ਖ਼ਿਲਾਫ਼ ਕੀਤੀਆਂ ਅਜਿਹੀਆਂ ਕਾਰਵਾਈਆਂ ਦਾ ਜ਼ਿਕਰ ਕੀਤਾ।
ਹਰੀਸ਼ ਚੌਧਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਚੰਨੀ ਨੂੰ ਦਬਾਉਣਾ ਚਾਹੁੰਦੀਆਂ ਹਨ। ਭਾਜਪਾ ਨੇ ਹਮੇਸ਼ਾ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕੀਤੀ ਹੈ ਅਤੇ ਪਿਛਲੀਆਂ 3 ਚੋਣਾਂ ਇਸ ਦੀ ਗਵਾਹ ਹਨ। ਉਨ੍ਹਾਂ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਘਰ ਈਡੀ ਦੇ ਛਾਪੇ ਨੂੰ ਸਿਆਸੀ ਦੁਰਭਾਵਨਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦਾ ਸਾਥ ਦਿੱਤਾ ਸੀ।
ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਵੀ ਕਿਸਾਨਾਂ ‘ਤੇ ਲਾਠੀਆਂ ਅਤੇ ਗੋਲੀਆਂ ਨਾ ਚਲਾਉਣ ਦੀ ਗੱਲ ਕਹੀ ਸੀ। ਇਸ ਕਾਰਨ ਕੇਂਦਰ ਸਰਕਾਰ ਉਨ੍ਹਾਂ ਨੂੰ ਨਿਸ਼ਾਨੇ ‘ਤੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਾਜ਼ਿਸ਼ ਵਿੱਚ ਵੱਡੇ ਸਰਮਾਏਦਾਰ ਵੀ ਸ਼ਾਮਲ ਹਨ। ਪਰ ਮੁੱਖ ਮੰਤਰੀ ਕਿਸੇ ਅੱਗੇ ਨਹੀਂ ਝੁਕੇ।
ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ ਪਾਰਟੀ, ਇਸਦੇ ਵਰਕਰ ਅਤੇ ਪੰਜਾਬ ਦੇ ਲੋਕ ਮੁੱਖ ਮੰਤਰੀ ਚੰਨੀ ਦੇ ਨਾਲ ਖੜ੍ਹੇ ਹਨ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਜਿਹੇ ਲੋਕਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਨ੍ਹਾਂ ਤਾਕਤਾਂ ਅੱਗੇ ਗੋਡੇ ਟੇਕ ਦਿੱਤੇ ਹਨ, ਪਰ ਮੁੱਖ ਮੰਤਰੀ ਚੰਨੀ ਇਨ੍ਹਾਂ ਤੋਂ ਡਰਨ ਵਾਲੇ ਨਹੀਂ ਹਨ।
ਇਕ ਸਵਾਲ ਦੇ ਜਵਾਬ ਵਿਚ ਹਰੀਸ਼ ਚੌਧਰੀ ਨੇ ਕਿਹਾ ਕਿ ਜੇਕਰ ਕੋਈ ਸੀਨੀਅਰ ਕਾਂਗਰਸੀ ਆਗੂ ਜਾਂ ਵਰਕਰ ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਖਿਲਾਫ ਕੰਮ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।