ਚੰਡੀਗੜ੍ਹ, 18 ਅਪ੍ਰੈਲ 2025 – ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਸ਼ਨੀਵਾਰ ਨੂੰ ਵੀ ਰਾਜ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਦੇ ਤਾਜ਼ਾ ਅੰਕੜਿਆਂ ਅਨੁਸਾਰ, ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਪਰ ਇਸ ਦੇ ਬਾਵਜੂਦ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.4 ਡਿਗਰੀ ਵੱਧ ਹੈ।
13 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਅਤੇ ਨਵਾਂ ਸ਼ਹਿਰ ਵਿੱਚ ਮੀਂਹ ਅਤੇ ਤੂਫ਼ਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਪੰਜਾਬ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
