- ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਜਲੰਧਰ ‘ਚ ਐਫ.ਆਈ.ਆਰ. ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ
ਜਲੰਧਰ 15 ਮਾਰਚ 2023 – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਖਿਲਾਫ ਜਲੰਧਰ ਦੇਹਾਤ ‘ਚ ਦਰਜ FIR ਦੇ ਮਾਮਲੇ ‘ਚ ਅੱਜ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਰਾਮ ਰਹੀਮ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਸੁਧੀਰ ਮਿੱਤਲ ਦੀ ਅਦਾਲਤ ਵਿੱਚ ਹੋਣੀ ਹੈ।
ਦਰਅਸਲ, ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਰਾਮ ਰਹੀਮ ‘ਤੇ ਇਕ ਚੈਨਲ ‘ਤੇ ਗੁਰੂ ਰਵਿਦਾਸ ਅਤੇ ਸਤਿਗੁਰੂ ਕਬੀਰ ਮਹਾਰਾਜ ਬਾਰੇ ਗਲਤ ਇਤਿਹਾਸ ਪੇਸ਼ ਕਰਨ ਦਾ ਦੋਸ਼ ਹੈ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਨੇ ਪਤਾਰਾ ਥਾਣੇ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਰਾਮ ਰਹੀਮ ‘ਤੇ ਗੁਰੂ ਰਵਿਦਾਸ ਅਤੇ ਸਤਿਗੁਰੂ ਕਬੀਰ ਬਾਰੇ ਗਲਤ ਟਿੱਪਣੀਆਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ।
ਜਲੰਧਰ ਦੇਹਾਤ ਪੁਲਿਸ ਨੇ ਰਾਮ ਰਹੀਮ ਖਿਲਾਫ ਆਈਪੀਸੀ ਦੀ ਧਾਰਾ-295/ਏ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲੇ ਵਿੱਚ ਐਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਸੀ ਕਿ ਸ਼ਿਕਾਇਤਕਰਤਾ ਨੇ ਰਾਮ ਰਹੀਮ ਵੱਲੋਂ ਕੀਤੀਆਂ ਗਲਤ ਟਿੱਪਣੀਆਂ ਦੇ ਸਬੂਤ ਵੀ ਪੇਸ਼ ਕੀਤੇ ਸਨ। ਸਾਈਬਰ ਸੈੱਲ ਨੂੰ ਸਾਰੇ ਤੱਥਾਂ ਦੀ ਪੁਸ਼ਟੀ ਕਰਨ ਅਤੇ ਯੂਟਿਊਬ ਚੈਨਲ ‘ਤੇ ਅਪਲੋਡ ਕੀਤੇ ਗਏ ਵੀਡੀਓ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਸੀ।
ਉਥੇ ਹੀ ਰਾਮ ਰਹੀਮ ਦਾ ਦਾਅਵਾ ਹੈ ਕਿ ਉਸ ਖ਼ਿਲਾਫ਼ ਝੂਠੀ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ। ਕੋਰਟ ‘ਚ ਦਾਖ਼ਲ ਕੀਤੀ ਗਈ ਅਪੀਲ ‘ਚ ਡੇਰਾ ਮੁਖੀ ਨੇ ਕਿਹਾ ਕਿ ਜਿਸ ਵੀਡੀਓ ਨੂੰ ਆਧਾਰ ਬਣਾ ਕੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਉਸ ਨਾਲ ਛੇੜਛਾੜ ਕੀਤੀ ਗਈ ਹੈ। ਉਸ ਨੂੰ ਵੀਡੀਓ ਨੂੰ ਪੂਰਾ ਦੇਖਿਆ ਹੀ ਨਹੀਂ ਗਿਆ ਹੈ, ਸਗੋਂ ਅੱਧੀ ਅਧੂਰੀ ਗੱਲ ਸੁਣ ਕੇ ਐੱਫ.ਆਈ.ਆਰ. ਦਰਜ ਕਰਵਾ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਹਾਈ ਕੋਰਟ ਕੁਝ ਦੇਰ ‘ਚ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗਾ।