ਮੁਹਾਲੀ, 26 ਜੁਲਾਈ 2022 – ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਅਤੇ ਬੇਅਦਬੀ ਦੇ ਦੋਸ਼ੀਆਂ ਤੇ ਕਾਰਵਾਈ ਕਰਨ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਇਨ੍ਹਾਂ ਮਾਮਲਿਆਂ ਨੂੰ ਪੰਜ ਸਾਲ ਲਮਕਾਇਆ ਅਤੇ ਦੋਸ਼ੀਆਂ ਤੇ ਕੋਈ ਕਾਰਵਾਈ ਨਹੀਂ ਕੀਤੀ।
ਵੋਟਾਂ ਤੋਂ ਪਹਿਲਾਂ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜੀ ਨੇ ਵਾਅਦਾ ਕੀਤਾ ਸੀ ਕਿ ਦੋਸ਼ੀਆਂ ਨੂੰ 24 ਘੰਟਿਆਂ ਵਿੱਚ ਸਖ਼ਤ ਸਜ਼ਾਵਾਂ ਦਿਆਂਗੇ। ਪਰ ਸਰਕਾਰ ਬਣੀ ਨੂੰ ਅੱਜ 133 ਦਿਨ ਬੀਤ ਜਾਣ ਤੇ ਵੀ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ, ਸਗੋਂ ਬੀਤੇ ਦਿਨ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਵਿਧਾਨ ਸਭਾ ਸਪੀਕਰ ਸਾਬ ਨੇ ਇਨਸਾਫ਼ ਮੋਰਚੇ ਨਾਲ ਮਿਲ ਕੇ ਦੋਸ਼ੀਆਂ ਤੇ ਕਾਰਵਾਈ ਲਈ ਛੇ ਮਹੀਨੇ ਦਾ ਸਮਾਂ ਮੰਗਿਆ। ਬੀਬੀ ਜੀ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਕਿ ਉਹ ਬੇਅਦਬੀ ਦੇ ਮੁੱਦਿਆਂ ਨੂੰ ਲਮਕਾ ਰਹੇ ਹਨ ਅਤੇ ਆਪਣੇ ਵਾਅਦੇ ਤੋਂ ਮੁੱਕਰ ਰਹੇ ਹਨ ਜਦਕਿ ਇਹ ਸਭ ਤੋਂ ਗੰਭੀਰ ਮਾਮਲਾ ਹੈ। ਉਨ੍ਹਾਂ ਨਾ ਕਿਹਾ ਕਿ ਭਗਵੰਤ ਮਾਨ ਜੀ ਨੇ ਪੰਜ ਸਿੰਘਾਂ ਨੂੰ ਜਾਂਚ ਰਿਪੋਰਟ ਸੌਂਪ ਕੇ ਮਹਿਜ ਇਕ ਡਰਾਮਾ ਕੀਤਾ।
ਬੀਬੀ ਜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਮੌਜੂਦਾ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਜੀ ਨੇ ਭਗਵੰਤ ਮਾਨ ਜੀ ਨੂੰ ਪੱਤਰ ਲਿਖ ਕੇ ਕਿਹਾ ਕਿ ਸਰਕਾਰ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਮੁੱਦਿਆਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕਰ ਰਹੀ।ਉਨ੍ਹਾਂ ਵਿਧਾਨ ਸਭਾ ਵਿੱਚ ਵੀ ਇਸ ਮੁੱਦੇ ਨੂੰ ਉਠਾਇਆ ਕਿ ਪੰਜਾਬ ਸਰਕਾਰ ਦੋਸ਼ੀਆਂ ਤੇ ਕੋਈ ਕਾਰਵਾਈ ਨਹੀਂ ਕਰ ਰਹੀ । ਬੀਬੀ ਜੀ ਨੇ ਸਰਕਾਰ ਤੇ ਸਵਾਲ ਉਠਾਇਆ ਕਿ, ਸਰਕਾਰ ਜਾਂਚ ਕਮੇਟੀ ਵਿਚ ਕੁੰਵਰ ਵਿਜੇ ਪ੍ਰਤਾਪ ਜੀ ਨੂੰ ਸ਼ਾਮਿਲ ਕਿਉਂ ਨਹੀਂ ਕਰ ਰਹੇ ?
ਬੀਬੀ ਜੀ ਨੇ ਦੱਸਿਆ ਕਿ ਬੀਤੇ ਦਿਨ ਜਦ ਇਸ ਮੁੱਦੇ ਤੇ ਡਿਬੇਟ ਸੀ ਤਾਂ ਆਮ ਆਦਮੀ ਪਾਰਟੀ ਦੇ ਬੁਲਾਰਿਆਂ ਨੇ ਡਿਬੇਟ ਵਿੱਚ ਸ਼ਾਮਿਲ ਹੋਣ ਤੋਂ ਮਨ੍ਹਾ ਕਰ ਦਿੱਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਦੁਨੀਆ ਭਰ ਵਿਚ ਵੱਸਦੇ ਸਿੱਖਾਂ ਦੇ ਜਜ਼ਬਾਤਾਂ ਦਾ ਮਜ਼ਾਕ ਨਾ ਬਣਾਓ ਅਤੇ ਦੋਸ਼ੀਆਂ ਉੱਤੇ ਜਲਦ ਤੋਂ ਜਲਦ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।