- ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ ਪਾਵਰਕਾਮ ਦੇ ਚੇਅਰਮੈਨ ਨਾਲ ਮੀਟਿੰਗ ਕਰਨ ’ਤੇ ਕੀਤਾ ਇਤਰਾਜ਼
- ਮੁੱਖ ਮੰਤਰੀ ਇਹ ਯਕੀਨੀ ਬਣਾਉਣ ਕਿ ਸੰਘੀ ਢਾਂਚੇ ਨੁੰ ਖੋਰਾ ਨਾ ਲੱਗੇ ਅਤੇ ਇਹ ਵੀ ਦੱਸਣ ਕਿ ਰਾਜਪਾਲ ਸਰਹੱਦੀ ਜ਼ਿਲਿ੍ਹਆਂ ਵਿਚ ਮੀਟਿੰਗਾਂ ਕਿਉਂ ਕਰ ਰਹੇ ਹਨ : ਡਾ. ਦਲਜੀਤ ਸਿੰਘ ਚੀਮਾ
- ਕਣਕ ਦਾ ਝਾੜ ਘੱਟ ਹੋਣ ਕਾਰਨ ਕਿਸਾਨਾਂ ਲਈ ਕੇਂਦਰ ਕੋਲ ਮੁਆਵਜ਼ੇ ਦਾ ਮਾਮਲਾ ਵੀ ਚੁੱਕਣ ਮੁੱਖ ਮੰਤਰੀ
ਚੰਡੀਗੜ੍ਹ, 12 ਅਪ੍ਰੈਲ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸੂਬੇ ਨੁੰ ਦਿੱਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨਾ ਚਲਾਇਆ ਜਾਵੇ ਤੇ ਨਾ ਹੀ ਇਸਨੂੰ ਕੇਂਦਰ ਆਪਣੇ ਅਧੀਨ ਲਵੇ। ਪਾਰਟੀ ਨੇ ਮੁੱਖ ਮੰਤਰੀ ਨੁੰ ਇਹ ਵੀ ਆਖਿਆ ਕਿ ਉਹ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕੇਂਦਰ ਕੋਲ ਮੁਆਵਜ਼ਾ ਦੇਣ ਦਾ ਮਾਮਲਾ ਵੀ ਚੁੱਕਣ।
ਇਸ ਮਾਮਲੇ ਵਿਚ ਮੁੱਖ ਮੰਤਰੀ ਤੋਂ ਤੁਰੰਤ ਦਖਲ ਦੀ ਮੰਗ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਜਾਏ ਪੰਜਾਬ ਦੇ ਅਸਲ ਮੁੱਦੇ ਚੁੱਕਣ ਦੇ ਆਮ ਆਦਮੀ ਪਾਰਟੀ ਸਰਕਾਰ ਗੀਤਾਂ ਤੇ ਹੋਰ ਅਜਿਹੀਆਂ ਗਤੀਵਿਧੀਆਂ ’ਤੇ ਧਿਆਨ ਕੇਂਦਰਤ ਕਰ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਪਾਸੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਡਾ. ਚੀਮਾ ਨੇ ਕਿਹਾ ਕਿ ਸੂਬੇ ਵਿਚ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਕਾਫੀ ਖ਼ਤਰਨਾਕ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹ ਵੇਖ ਕੇ ਹੈਰਾਨ ਹਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਸਕੱਤਰ ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਚੇਅਰਮੈਨ ਨਾਲ ਕਿਵੇਂ ਮੀਟਿੰਗਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਦੇ ਮਨਾਂ ਵਿਚ ਇਹ ਖਦਸ਼ਾ ਸੀ ਕਿ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚਲਾਇਆ ਜਾਵੇ ਤੇ ਆਮ ਆਦਮੀ ਪਾਰਟੀ ਦੇ ਰਾਜ ਵਿਚ ਇਹ ਸਹੀ ਵੀ ਸਾਬਤ ਹੋ ਰਿਹਾ ਹੈ।
ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇਸ ਮਾਮਲੇ ’ਤੇ ਤੁਰੰਤ ਸਫਾਈ ਦੇਣ ਲਈ ਆਖਦਿਆਂ ਡਾ. ਚੀਮਾ ਨੇ ਕਿਹਾ ਕਿ ਜਿਸ ਤਰੀਕੇ ਦਿੱਲੀ ਦੇ ਮੁੱਖ ਮੰਤਰੀ ਸੰਵਿਧਾਨਕ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ, ਉਸ ਤੋਂ ਪੰਜਾਬੀ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ। ਪੰਜਾਬੀਆਂ ਦਾ ਡਰ ਵੀ ਸੱਚਾ ਹੈ ਕਿਉਂਕਿ ਦਰਿਆਈ ਪਾਦੀਆਂ ਵਰਗੇ ਅਹਿਮ ਮੁੱਦਿਆਂ ’ਤੇ ਸੂਬੇ ਤੋਂ ਇਸਦੇ ਅਧਿਕਾਰ ਖੋਹਣ ਲਈ ਪੰਜਾਬ ਦੇ ਅਫਸਰਾਂ ਨੁੰ ਦਬਕਾ ਕੇ ਹਸਤਾਖ਼ਰ ਵੀ ਕਰਵਾਏ ਜਾ ਸਕਦੇ ਹਨ। ਸ੍ਰੀ ਮਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਮੁੁੱਖ ਮੰਤਰੀ ਚੁਣੇ ਗਏ ਹਨ ਅਤੇ ਸਿਰਫ ਉਹ ਹੀ ਅਜਿਹੀਆਂ ਮੀਟਿੰਗਾਂ ਕਰ ਸਕਦੇ ਹਨ ਅਤੇ ਇਹ ਹੱਕ ਉਹ ਦਿੱਲੀ ਦੇ ਮੁੱਖ ਮੰਤਰੀ ਨੂੰ ਨਾ ਦੇਣ।
ਡਾ. ਚੀਮਾ ਨੇ ਨਾਲ ਹੀ ਮੁੱਖ ਮੰਤਰੀ ਕੇਂਦਰ ਕੋਲ ਆਪਣੇ ਹੱਕ ਮੰਗਣ ਤੇ ਇਹ ਯਕੀਨੀ ਬਣਾਉਣ ਕਿ ਸੰਘੀ ਢਾਂਚਾ ਨੁੰ ਕਿਸੇ ਵੀ ਤਰੀਕੇ ਖੋਰਾ ਨਾ ਲੱਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦਿੱਲੀ ਰੁੱਝੇ ਰਹਿੰਦੇ ਹਨ ਤੇ ਪੰਜਾਬ ਦੇ ਰਾਜਪਾਲ ਸੂਬੇ ਦੇ ਸਰਹੱਦੀ ਜ਼ਿਲਿ੍ਹਆਂ ਵਿਚ ਮੀਟਿੰਗਾਂ ਕਰ ਰਹੇ ਹਨ। ਇਸਨੁੰ ਅਣਕਿਆਸਾ ਕਰਾਰ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ
ਮੁੱਖ ਮੰਤਰੀ ਦੱਸਣ ਕਿ ਕੀ ਸੰਵਿਧਾਨਕ ਮਸ਼ੀਨਰੀ ਢਹਿ ਢੇਰੀ ਹੋ ਗਈ ਹੈ ਅਤੇ ਸੂਬਾ ਆਪਣੇ ਫਰਜ਼ਾ ਵਿਚ ਫੇਲ੍ਹ ਹੋ ਗਿਆ ਹੈ ਜਿਸ ਕਾਰਨ ਰਾਜਪਾਲ ਨੁੰ ਦਖਲ ਦੇਣਾ ਪੈ ਰਿਹਾ ਹੈ।
ਡਾ. ਚੀਮਾ ਨੇ ਮੁੱਖ ਮੰਤਰੀ ਨੁੰ ਇਹ ਵੀ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ। ਉਹਨਾਂ ਕਿਹਾ ਕਿ ਮਾਰਚ ਮਹੀਨੇ ਵਿਚ ਹੈਰਾਨੀਜਨਕ ਗਰਮੀ ਕਾਰਨ ਕਣਕ ਦਾ ਦਾਣਾ ਸੁੰਗੜ ਗਿਆ ਤੇ ਇਸਦਾ ਝਾੜ ਕਾਫੀ ਘੱਟ ਗਿਆ ਹੈ। ਸ੍ਰੀ ਮਾਨ ਨੁੰ ਇਹ ਕਿਸਾਨਾਂ ਦੇ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰੀ ਏਜੰਸੀਆਂ ਸੁੰਗੜੇ ਦਾਣੇ ’ਤੇ ਖਰੀਦ ਵੇਲੇ ਕੱਟ ਲਗਾਏ ਜਾ ਰਹੇ ਹਨ। ਉਹਨਾ ਕਿਹਾ ਕਿ ਇਹ ਮਾਮਲਾ ਤੁਰੰਤ ਕੇਂਦਰ ਸਰਕਾਰ ਕੋਲ ਚੁੱਕਿਆ ਜਾਣਾ ਚਾਹੀਦਾ ਹੈ।
ਅਕਾਲੀ ਦਲ ਨੇ ਮੁੱਖ ਮੰਤਰੀ ਨੁੰ ਇਹ ਵੀ ਬੇਨਤੀ ਕੀਤੀ ਕਿ ਉਹ ਆਪਣੇ ਮੰਤਰੀਆਂ ਤੇ ਬੁਲਾਰਿਆਂ ਨੁੰ ਹਦਾਇਤਾਂ ਦੇਣ ਕਿ ਉਹ ਅਸਲ ਮੁੱਦਿਆਂ ਤੋਂ ਧਿਆਨ ਪਾਸੇ ਨਾ ਕਰਨ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਤੇ ਧਿਆਨ ਦੇਵੇ। ਉਹਨਾਂ ਕਿਹਾ ਕਿ ਅਮਨ ਕਾਨੂੰਨ ਦੇ ਹਾਲਾਤਾਂ ’ਤੇ ਵੀ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਸੂਬੇ ਵਿਚ ਪਿਛਲੇ ਇਕ ਮਹੀਨੇ ਵਿਚ 50 ਮੌਤਾਂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਲੋਕ ਮੰਤਰੀ ਅੱਗੇ ਆਪਣਾ ਗੁੱਸਾ ਕੱਢ ਰਹੇ ਹਨ ਤੇ ਦੱਸ ਰਹੇ ਹਨ ਕਿ ਕਿਵੇਂ ਰਸਾਇਣ ਨਸ਼ੇ ਆਮ ਵਿਕ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਅਮਨ ਕਾਨੂੰਨ ਵਿਵਸਥਾ ਦੀ ਸਮੀਖਿਆ ਕਰਨੀ ਚਾਹੀਦੀ ਹੈ ਤੇ ਨਸ਼ੇ ਦੀ ਵਿਕਰੀ ’ਤੇ ਸਖ਼ਤ ਨਕੇਲ ਲਗਾਉਣੀ ਚਾਹੀਦੀ ਹੈ।