ਮੋਹਾਲੀ 25 ਜਨਵਰੀ 2023 – ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਖੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਪੱਕਾ ਇਨਸਾਫ਼ ਮੋਰਚਾ ਲੱਗਾ ਹੋਇਆ ਹੈ। ਮੋਰਚੇ ਦੇ ਆਗੂਆਂ ਬਲਵਿੰਦਰ ਸਿੰਘ ਅਤੇ ਵਕੀਲ ਦਿਲਸ਼ੇਰ ਸਿੰਘ ਨੇ ਕਿਹਾ ਕਿ ਇਹ ਇਨਸਾਫ਼ ਮੋਰਚਾ 7 ਜਨਵਰੀ 2023 ਨੂੰ ਆਰੰਭ ਹੋਇਆ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿਨੋ-ਦਿਨ ਸੰਗਤਾਂ ਦਾ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਤੋਂ ਇਹ ਪਤਾ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਅਤੇ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਮਨੁੱਖੀ ਅਧਿਕਾਰ ਸੰਗਠਨ, ਸਮਾਜ ਸੇਵੀ ਸੰਸਥਾਂਵਾਂ, ਪੰਥਕ ਧਿਰਾਂ ਅਤੇ ਇਨਸਾਫ਼ ਪਸੰਦ ਲੋਕ ਜੱਥਿਆਂ ਦੇ ਰੂਪ ਅਤੇ ਆਪਣੇ ਤੌਰ ’ਤੇ ਪਹੁੰਚ ਰਹੇ ਹਨ।
ਉਨ੍ਹਾਂ ਕਿਹਾ ਕਿ 26 ਜਨਵਰੀ 2023 ਨੂੰ ਜੋ ਵਿਸ਼ਾਲ ਰੋਸ਼ ਮਾਰਚ ਮੋਰਚੇ ਵਾਲੇ ਸਥਾਨ ਤੋਂ ਆਰੰਭ ਹੋਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਚ 16 ਕਿਲੋਮੀਟਰ ਦੇ ਲਗਭਗ ਸਫ਼ਰ ਤੈਅ ਕਰੇਗਾ ਉਸ ਲਈ ਸੰਗਤਾਂ ਦੀ ਆਮਦ ਸ਼ੁਰੂ ਹੋ ਚੁਕੀ ਹੈ ਜਿਨ੍ਹਾਂ ਦੇ ਹੱਥਾਂ ਵਿਚ ਕਾਲੇ ’ਤੇ ਕੇਸਰੀ ਝੰਡੇ ਦੂਰੋਂ ਹੀ ਨਜ਼ਰ ਆ ਰਹੇ ਹਨ। ਜੋ ਇਹ ਸਾਬਤ ਕਰਦਾ ਹੈ ਕਿ ਕੌਮੀ ਇਨਸਾਫ਼ ਮੋਰਚੇ ਦੇ ਛੋਟੇ ਜਿਹੇ ਸੱਦੇ ’ਤੇ ਪਹੁੰਚਣ ਵਾਲੇ ਲੋਕ ਬੰਦੀ ਸਿੰਘ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਿੰਨੇ ਉਤਾਵਲੇ ਹਨ।
ਬਲਵਿੰਦਰ ਸਿੰਘ ਨੇ ਦਸਿਆ ਕਿ 26 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 11:00 ਵਜੇ ਪੰਜਾ ਪਿਆਰਿਆਂ ਦੀ ਅਗਵਾਈ ਵਿਚ ਰੋਸ਼ ਮਾਰਚ ਆਰੰਭ ਹੋਵੇਗਾ। ਇਸ ਲਈ ਰੋਸ਼ ਮਾਰਚ ਵਿਚ ਸ਼ਮੂਲੀਅਤ ਕਰਨ ਲਈ ਨਾਨਕ ਨਾਮ ਲੇਵਾ ਸੰਗਤ ਸਮੇਂ ਸਿਰ ਪਹੁੰਚਣ ਦੀ ਕ੍ਰਿਪਾ ਕਰੇ। ਆਗੂਆਂ ਨੇ ਇਹ ਵੀ ਕਿਹਾ ਸਾਡਾ ਮਕਸਦ ਸ਼ਹਿਰ ਵਾਸੀਆਂ ਤੇ ਕਿਸੇ ਨੂੰ ਵੀ ਤੰਗ ਪ੍ਰੇਸ਼ਾਨ ਕਰਨਾ ਨਹੀਂ ਹੈ ਸਗੋਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਮਜ਼ਬੂਰਨ ਇਹ ਕਦਮ ਚੁੱਕਣਾ ਪਿਆ ਹੈ।
ਪੱਕੇ ਮੋਰਚੇ ਦੇ ਸਮਾਗਮ ਵਿਚ ਅੱਜ ਹਰ ਰੋਜ਼ ਦੀ ਤਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਤੇ ਸੰਗਤਾਂ ਨੇ ਸਾਰਾ ਦਿਨ ਢਾਡੀ ਜੱਥਿਆਂ ਅਤੇ ਕਵੀਸ਼ਰਾਂ ਤੋਂ ਜੋਸ਼ੀਲੀਆਂ ਵਾਰਾਂ ਸਰਵਣ ਕੀਤੀਆਂ ਜਿਨ੍ਹਾਂ ਵਿਚ ਭਾਈ ਹਰਨੇਕ ਸਿੰਘ ਕਵੀਸ਼ਰ ਦੇ ਜੱਥੇ ਨੇ ਕਵੀਸ਼ਰੀ ਰਾਂਹੀ ਸੰਗਤਾਂ ’ਚ ਹਾਜ਼ਰੀ ਭਰੀ ਤੇ ਬੀਬੀ ਵੀਰਪਾਲ ਕੌਰ ਖਾਲਸਾ ਸਮਾਲਸਰ ਸਾਹਿਬ ਦੇ ਢਾਡੀ ਜੱਥੇ ਨੇ ਜੋਸ਼ੀਲੀਆਂ ਵਾਰਾਂ ਵਿਚ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਵਾਰ ਵੀ ਗਾਈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜੱਥੇਦਾਰ ਪ੍ਰੋ. ਮਨਜੀਤ ਸਿੰਘ ਉਚੇਚੇ ਤੌਰ ’ਤੇ ਪਹੁੰਚੇ ਜਿਨ੍ਹਾਂ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੀ ਬਣਦੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਇਸੇ ਤਰਾਂ ਸ਼੍ਰੋਮਣੀ ਕਮੇਟੀ ਦੇ ਵਿਰੋਧੀ ਧਿਰ ਦੇ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਫ਼ਤਿਹਗੜ੍ਹ ਸਾਹਿਬ ਤੋਂ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸ. ਜਗਜੀਤ ਸਿੰਘ ਝੀਂਡਾ, ਪੰਜ ਪਿਆਰਿਆਂ ’ਚੋਂ ਭਾਈ ਸਤਨਾਮ ਸਿੰਘ ਖੰਡਾ, ਸ. ਗੁਰਵਿੰਦਰ ਸਿੰਘ ਬਾਜਵਾ ਨੇ ਵੀ ਸੰਗਤਾਂ ਵਿਚ ਹਾਜ਼ਰੀ ਭਰੀ। ਸਮਾਗਮ ਦੀ ਸਮਾਪਤੀ ’ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਧਰਮੀ ਬਾਪੂ ਗੁਰਚਰਨ ਸਿੰਘ ਨੇ ਮੋਰਚੇ ’ਚ ਸ਼ਮੂਲੀਅਤ ਕਰਨ ਵਾਲੀ ਸੰਗਤ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ 26 ਜਨਵਰੀ ਦੇ ਰੋਸ਼ ਪ੍ਰਦਰਸ਼ਨ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਮੋਰਚੇ ਦੇ ਸੇਵਾਦਾਰਾਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਮੌਕੇ ਮੰਚ ਸੰਚਾਲਨ ਸ. ਪ੍ਰਗਟ ਸਿੰਘ ਵਲੋਂ ਬਾਖੂਬੀ ਨਿਭਾਇਆ ਗਿਆ। ਇਸ ਮੌਕੇ ਜਥੇ: ਜਗਤਾਰ ਸਿੰਘ ਹਵਾਰਾ ਦੇ ਬੁਲਾਰਾ ਅਮਰ ਸਿੰਘ ਚਾਹਲ, ਸ. ਗੁਰਦੀਪ ਸਿੰਘ ਬਠਿੰਡਾ, ਸ. ਰਛਪਾਲ ਸਿੰਘ, ਸ. ਗੁਰਨਾਮ ਸਿੰਘ ਸਿੱਧੂ, ਵਕੀਲ ਗੁਰਸ਼ਰਨ ਸਿੰਘ, ਬਲਬੀਰ ਸਿੰਘ ਹਿਸਾਰ, ਪਾਲ ਸਿੰਘ ਫਰਾਂਸ, ਭਾਈ ਪਵਨਦੀਪ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੋਜੂਦ ਸੀ।