- ਐਸ ਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਸੂਬੇ ਦੇ ਹਿੱਸੇ ਦੇ 250 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 9 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹਨ ਕਿਉਂਕਿ ਰਾਜ ਸਰਕਾਰ ਐਸ ਸੀ ਪੋਸਟ ਮੈਟ੍ਰਿਕ ਸਕੀਮ ਅਧੀਨ ਆਪਣੇ ਹਿੱਸੇ ਦਾ 250 ਕਰੋੜ ਰੁਪਏ ਬਕਾਇਆ ਜਾਰੀ ਨਹੀਂ ਕਰ ਰਹੀ ਜਿਸ ਕਾਰਣ ਕੇਂਦਰ ਸਰਕਾਰ ਨੇ 930 ਕਰੋੜ ਰੁਪਏ ਦੀ ਅਦਾਇਗੀ ਰੋਕ ਲਈ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਐਸ ਸੀ ਵਿਦਿਆਰਥੀਆਂ ਨੂੰ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੀ ਅਪਰਾਧਿਕ ਅਣਗਹਿਲੀ ਕਾਰਣ ਮਾਰ ਨਹੀਂ ਪੈਣੀ ਚਾਹੀਦੀ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ 2017 ਤੋਂ 2020 ਤੱਕ ਆਪਣੇ ਹਿੱਸੇ ਦੀ ਰਾਸ਼ੀ ਸਕੀਮ ਤਹਿਤ ਜਾਰੀ ਕਰਨ ਤੋਂ ਨਾਂਹ ਕਰ ਦਿੱਤੀ ਸੀ ਜਿਸ ਕਾਰਣ ਤਿੰਨ ਲੱਖ ਐਸ ਸੀ ਵਿਦਿਆਰਥੀਆਂ ਦੀ ਸਕਾਰਲਿਸ਼ਪ ਰੁਕ ਗਈ ਸੀ, ਪਰ ਮੌਜੂਦਾ ਆਪ ਸਰਕਾਰ ਨੇ ਵੀ 250 ਕਰੋੜ ਰੁਪਏ ਦਾ ਆਪਣਾ ਹਿੱਸਾ ਜਾਰੀ ਨਹੀਂ ਕੀਤਾ ਜਿਸ ਕਾਰਣ ਕੇਂਦਰ ਸਰਕਾਰ ਨੇ ਆਪਣੇ ਹਿੱਸੇ ਦੀ 930 ਕਰੋੜ ਰੁਪਏ ਦੀ ਰਾਸ਼ੀ ਰਿਲੀਜ਼ ਕਰਨ ਤੋਂ ਨਾਂਹ ਕਰ ਦਿੱਤੀ ਹੈ।
ਡਾ. ਚੀਮਾ ਨੇ ਆਪ ਸਰਕਾਰ ਨੂੰ ਆਖਿਆ ਕਿ ਉਹ ਆਪਣੇ ਆਪ ਨੂੰ ਸਿੱਖਿਆ ਖੇਤਰ ਦੀ ਕ੍ਰਾਂਤੀ ਲਿਆਉਣ ਵਾਲੀ ਕਹਾਉਂਦੀ ਹੈ ਪਰ ਅਸਲ ਵਿਚ ਉਹ ਇੰਨੇ ਅਹਿਮ ਮਾਮਲੇ ’ਤੇ ਸੁੱਤੀ ਹੋਈ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਸਿੱਖਿਆ ਤੇ ਸਿਹਤ ਦੋਵੇਂ ਖੇਤਰਾਂ ਵਿਚ ਹੁਣ ਤੱਕ ਦੀਆਂ ਸਰਕਾਰਾਂ ਤੋਂ ਸਭ ਤੋਂ ਮਾੜੀ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਸਿੱਖਿਆ ਤੇ ਸਿਹਤ ਦੋਵੇਂ ਖੇਤਰਾਂ ਦਾ ਮਾੜਾ ਹਾਲ ਹੈ ਪਰ ਮੁੱਖ ਮੰਤਰੀ ਪੇਂਡੂ ਡਿਸਪੈਂਸਰੀਆਂ ਬੰਦ ਹੋਣ ਦੀ ਕੀਮਤ ’ਤੇ ਮੁਹੱਲਾ ਕਲੀਨਿਕਾਂ ਦਾ ਪ੍ਰਚਾਰ ਕਰਨ ’ਤੇ ਲੱਗੇ ਹਨ।
ਅਕਾਲੀ ਆਗੂ ਨੇ ਮੰਗ ਕੀਤੀਕਿ ਸੂਬਾ ਸਰਕਾਰ 40:50 ਦੇ ਅਨੁਪਾਤ ਮੁਤਾਬਕ ਆਪਣੇ ਹਿੱਸੇ ਦੀ ਰਾਸ਼ੀ ਜਾਰੀ ਕਰੇ। ਉਹਨਾਂ ਕਿਹਾ ਕਿ ਸੂਬੇ ਵਿਚ ਸਿੱਖਿਆ ਸੰਸਥਾਵਾਂ ਵਿਚ ਐਸ ਸੀ ਵਿਦਿਆਰਥੀਆਂ ਦਾ ਦਾਖਲਾ ਅਕਾਲੀ ਦਲ ਦੀ ਸਰਕਾਰ ਵੇਲੇ 2016-17 ਵਿਚ 3.17 ਲੱਖ ਤੋਂ ਘੱਟ ਕੇ 2023-24 ਵਿਚ 2.14 ਲੱਖ ਰਹਿ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਆਪਣਾ ਹਿੱਸਾ ਜਾਰੀ ਨਾ ਕੀਤਾ ਤਾਂ ਉਚੇਰੀ ਸਿੱਖਿਆ ਸੰਸਥਾਵਾਂ ਵਿਚ ਐਸ ਸੀ ਵਿਦਿਆਰਥੀਆਂ ਦੀ ਗਿਣਤੀ ਹੋਰ ਵੀ ਘੱਟ ਹੋ ਜਾਵੇਗੀ।