ਨਵੀਂ ਦਿੱਲੀ, 4 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ ਪੱਧਰੀ ਵਫਦ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਵਫਦ ਨੇ ਗੁਰਦੁਆਰਾ ਸਾਹਿਬਾਨ ਦੇ ਕੰਮਕਾਜ ਤੇ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਤੇ ਉਹਨਾਂ ਨੂੰ ਮੰਗ ਪੱਤਰ ਸੌਂਪਿਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਨੇ ਗ੍ਰਹਿ ਮੰਤਰੀ ਸ੍ਰੀ ਸ਼ਾਹ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਸੰਬੰਧੀ ਕਈ ਅਹਿਮ ਮਸਲਿਆਂ ਉਤੇ ਵਿਚਾਰ ਚਰਚਾ ਕੀਤੀ। ਵਫਦ ਨੇ ਇਹ ਵੀ ਮੰਗ ਕੀਤੀ ਗਈ ਕਿ ਗੁਰਦੁਆਰਾ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਲਿਆਂਦਾ ਜਾਵੇ। ਇਸ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿਚ ਸੁਧਾਰ ਆਵੇਗਾ। ਅਮਿਤ ਸ਼ਾਹ ਨੇ ਵਫਦ ਦੇ ਆਗੂਆਂ ਨੂੰ ਡਟਵੀਂ ਹਮਾਇਤ ਤੇ ਸਹਿਯੋਗ ਦਾ ਭਰੋਸਾ ਦੁਆਇਆ।
ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਐਡਵੋਕੇਟ ਏ.ਪੀ.ਐਸ ਆਹਲੂਵਾਲੀਆ, ਮੀਤ ਸਕੱਤਰ ਸ਼ਾਹਬਾਜ਼ ਸਿੰਘ ਤੇ ਲਖਵੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਆਈ.ਟੀ.ਵਿਭਾਗ ਤੋਂ ਜਸਕਰਨ ਸਿੰਘ ਸ਼ਾਮਿਲ ਸਨ।

